Amritsar News: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਤੁਰੰਤ ਖੋਲ੍ਹਣ ਸਰਕਾਰਾਂ- ਐਡਵੋਕੇਟ ਧਾਮੀ
ਭਲਕ ਨੂੰ ਸ਼ਰਧਾਲੂਆਂ ਦਾ ਜੱਥਾ ਜਾਵੇਗਾ ਪਾਕਿਸਤਾਨ, ਸ਼ਰਧਾਲੂਆਂ ਨੂੰ ਵੀਜ਼ਾ ਲੱਗੇ ਪਾਸਪੋਰਟ ਸੌਂਪੇ
ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵੀਜ਼ਾ ਲੱਗੇ ਪਾਸਪੋਰਟ ਸੌਂਪੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਮੌਜੂਦ ਸਨ।
ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਇਤਿਹਾਸਕ ਦਿਹਾੜਿਆਂ ’ਤੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਇਸ ਵਾਰ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਇਹ ਜਥਾ ਭਲਕ ਨੂੰ 10 ਅਪਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:00 ਵਜੇ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 1795 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1763 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜ਼ੇ ਜਾਰੀ ਕੀਤੇ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਅਤੇ ਭਾਰਤ ਸਰਕਾਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਮੁੜ ਖੋਲ੍ਹਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੀ ਆਪਣੇ ਗੁਰਧਾਮਾਂ ਦੇ ਦਰਸ਼ਨਾਂ ਪ੍ਰਤੀ ਵੱਡੀ ਸ਼ਰਧਾ ਹੈ ਅਤੇ ਸਰਕਾਰਾਂ ਨੂੰ ਇਸ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਿਆ ਜਾਵੇ। ਉਨਾਂ ਮੰਗ ਕੀਤੀ ਕਿ ਪਾਸਪੋਰਟ ਦੀ ਸ਼ਰਤ ਨੂੰ ਖ਼ਤਮ ਕੀਤਾ ਜਾਵੇ ਅਤੇ ਪਾਕਿਸਤਾਨ ਸਰਕਾਰ ਵੱਲੋਂ 20 ਡਾਲਰ ਫੀਸ ਵੀ ਸਮਾਪਤ ਕੀਤੀ ਜਾਵੇ।
ਇਸੇ ਦੌਰਾਨ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ, ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰ ਸਕਦੇ ਹਨ।

