AMRITSAR NEWS: ਸਿਹਤ ਮੰਤਰੀ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ’ਚ ਸਿਹਤ ਸੇਵਾਵਾਂ ਲਈ 15 ਐਬੂਲੈਂਸਾਂ ਨੂੰ ਹਰੀ ਝੰਡੀ
ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵਲੋਂ ਅੱਜ ਅੰਮ੍ਰਿਤਸਰ ਮੈਡੀਕਲ ਕਾਲਜ ਤੋਂ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਮਦਦ ਲਈ 15 ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਤੋਂ ਪਹਿਲਾਂ ਵੀ 2 ਸਤੰਬਰ ਨੂੰ ਵੀ ਸਿਹਤ ਮੰਤਰੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ 23 ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ, ਜੋ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਲੋਕਾਂ ਦੀ ਮੈਡੀਕਲ ਜਾਂਚ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਹੰਗਾਮੀ ਹਾਲਤ ਨੂੰ ਦੇਖਦਿਆਂ ਲੋਕਾਂ ਦੀ ਸਿਹਤ ਦੀ ਸੁਚੱਜੀ ਸੰਭਾਲ ਲਈ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਹ ਐਂਬੂਲੈਸਾਂ ਭੇਜੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਐਂਬੂਲੈਸਾਂ ਵਿੱਚ ਤਾਇਨਾਤ ਮੈਡੀਕਲ ਟੀਮਾਂ ਵਲੋਂ ਲੋਕਾਂ ਦੀ ਸਿਹਤ ਜਾਂਚ ਕਰਕੇ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਔਖੀ ਘੜੀ ਵਿੱਚ ਲੋਕਾਂ ਦੀ ਪੂਰੀ ਤਨਦੇਹੀ ਨਾਲ ਸੇਵਾ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।
ਸਿਹਤ ਮੰਤਰੀ ਨੇ ਦੱਸਿਆ ਕਿ ਕਿਸੇ ਵੀ ਮੈਡੀਕਲ ਸਹਾਇਤਾ ਲਈ ਹੈਲਪਲਾਈਨ ਨੰਬਰ 104 ’ਤੇ ਮੈਡੀਕਲ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ। ਟੀਮਾਂ ਉਸੇ ਸਮੇਂ ਉੱਥੇ ਪਹੁੰਚਣਗੀਆਂ ਅਤੇ ਪੀੜ੍ਹਤ ਵਿਅਕਤੀ ਨੂੰ ਮੁਫ਼ਤ ਇਲਾਜ ਅਤੇ ਮੁਫ਼ਤ ਦਵਾਈਆਂ ਮੁਹੱਈਆਂ ਕਰਵਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ ਘਰ ਜਾ ਕੇ ਡੇਂਗੂ ਅਤੇ ਚਿਕਨਗੁਨੀਆਂ ਦੇ ਰੋਗਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਸ਼ੱਕੀ ਮਰੀਜ਼ਾਂ ਦੇ ਬਲੱਡ ਸੈਂਪਲ ਵੀ ਲਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਸੱਪ ਦੇ ਡੰਗਣ ਦੇ ਕੇਸ ਵੀ ਸਾਹਮਣੇ ਆ ਰਹੇ ਹਨ, ਇਸ ਲਈ ਸਿਹਤ ਵਿਭਾਗ ਵੱਲੋਂ ਇਨ੍ਹਾਂ ਖੇਤਰਾਂ ਵਿੱਚ ਐਂਟੀ ਸਨੇਕ ਵੈਨਮ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਰੈਸਕਿਊ ਆਪਰੇਸ਼ਨ ਦੌਰਾਨ ਕਿਡਨੀ ਦੀ ਬਿਮਾਰੀ ਤੋਂ ਪੀੜ੍ਹਤ ਇੱਕ ਅੱਠ ਸਾਲ ਦੇ ਬੱਚੇ ਨੂੰ ਤੁਰੰਤ ਗੁਰੂ ਨਾਨਕ ਦੇਵ ਹਸਪਤਾਲ ਵਿੱਖੇ ਦਾਖਲ ਕਰਵਾ ਦਿੱਤਾ ਗਿਆ ਅਤੇ ਬੱਚੇ ਦੇ ਇਲਾਜ ਦਾ ਸਾਰਾ ਖਰਚ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ।
ਸਿਹਤ ਮੰਤਰੀ ਅੱਜ ਕਿਡਨੀ ਰੋਗ ਤੋਂ ਪੀੜ੍ਹਤ ਅੱਠ ਸਾਲਾ ਅਭਿਜੋਤ ਸਿੰਘ ਦਾ ਹਾਲ ਚਾਲ ਜਾਨਣ ਲਈ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਪੁੱਜੇ ਅਤੇ ਪੀੜ੍ਹਤ ਲੜਕੇ ਦੇ ਪਰਿਵਾਰ ਨੂੰ 50 ਹਜ਼ਾਰ ਰੁਪਏ ਦਾ ਚੈੱਕ ਵੀ ਭੇਟ ਕੀਤਾ।
ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਹੋਏ ਨੁਕਸਾਨ ਦਾ ਪੰਜਾਬ ਸਰਕਾਰ ਇਸ ਪਰਿਵਾਰ ਨੂੰ ਮੁਆਵਜ਼ਾ ਦੇਵੇਗੀ ਅਤੇ ਬੱਚੇ ਦੇ ਇਲਾਜ ਲਈ ਪੀਜੀਆਈ ਦੇ ਡਾਕਟਰਾਂ ਨਾਲ ਵੀ ਮਸ਼ਵਰਾ ਕੀਤਾ ਜਾ ਰਿਹਾ ਹੈ।