ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 23 ਮਈ
ਜ਼ਿਲ੍ਹਾ ਸਿੱਖਿਆ ਦਫ਼ਤਰ ਨੇ ਜ਼ਿਲ੍ਹੇ ਦੇ ਪੰਜ ਪ੍ਰਾਈਵੇਟ ਸਕੂਲਾਂ ਨੂੰ ਸਖ਼ਤ ਗਰਮੀ ਕਾਰਨ ਗਰਮੀਆਂ ਦੀਆਂ ਛੁੱਟੀਆਂ ਕਰਨ ਦੇ ਸਰਕਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਨੋਟਿਸ ਜਾਰੀ ਕੀਤੇ ਹਨ ਸੂਬਾ ਸਰਕਾਰ ਵੱਲੋਂ ਗਰਮੀ ਕਾਰਨ 21 ਮਈ ਤੋਂ ਸੂਬੇ ਵਿੱਚ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਇਸ ਦੇ ਬਾਵਜੂਦ ਪੰਜ ਪ੍ਰਾਈਵੇਟ ਸਕੂਲ ਜਮਾਤਾਂ ਲਾ ਰਹੇ ਸਨ। ਡੀਈਓ (ਸੈਕੰਡਰੀ) ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਭੇਜੇ ਗਏ ਹਨ ਕਿ ਉਨ੍ਹਾਂ ਸਰਕਾਰੀ ਹੁਕਮਾਂ ਦੀ ਪਾਲਣਾ ਕਿਉਂ ਨਹੀਂ ਕੀਤੀ, ਇਸ ਬਾਰੇ ਸੁਣਵਾਈ ਲਈ ਵਿਭਾਗ ਅੱਗੇ ਪੇਸ਼ ਹੋਣ। ਇਨ੍ਹਾਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤੇ ਗਏ ਹਨ, ਜਿਸ ਵਿੱਚ ਤੁਰੰਤ ਸਪੱਸ਼ਟੀਕਰਨ ਦੀ ਮੰਗ ਕੀਤੀ ਗਈ ਹੈ ਅਤੇ ਬੰਦ ਦੇ ਆਦੇਸ਼ ਦੀ ਉਲੰਘਣਾ ਕਰਨ ਦੇ ਸੰਭਾਵੀ ਗੰਭੀਰ ਨਤੀਜਿਆਂ ਦੀ ਚਿਤਾਵਨੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਕੂਲ ਬੰਦ ਕਰਨ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਸਕੂਲਾਂ ਦੀ ਚੈਕਿੰਗ ਕੀਤੀ ਸੀ। ਕੁਝ ਸਕੂਲ ਪ੍ਰਬੰਧਕਾਂ ਵੱਲੋਂ ਸਕੂਲਾਂ ਨੂੰ ਤੁਰੰਤ ਬੰਦ ਕਰ ਦਿੱਤਾ ਗਿਆ ਸੀ ਜਦੋਂਕਿ ਕੁਝ ਨੇ ਕਲਾਸਾਂ ਜਾਰੀ ਰੱਖੀਆਂ ਸਨ, ਵਿਭਾਗ ਨੇ ਅਜਿਹੇ ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਹਨ। ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਅਤਿ ਦੀ ਗਰਮੀ ਕਾਰਨ 21 ਮਈ ਤੋਂ 30 ਜੂਨ ਤੱਕ ਸਾਰੇ ਸਰਕਾਰੀ, ਅਰਧ-ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਗੈਰ-ਸਹਾਇਤਾ ਪ੍ਰਾਪਤ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਹਨ।