Amritsar Police ਦੀ ਵੱਡੀ ਕਾਰਵਾਈ: 10 ਪਿਸਤੌਲਾਂ, 1 ਕਿਲੋ ਹੈਰੋਇਨ ਅਤੇ ਇੱਕ ਡਰੋਨ ਸਮੇਤ 7 ਗ੍ਰਿਫ਼ਤਾਰ
ਮੁਲਜ਼ਮਾਂ ਦੇ ਵਿਦੇਸ਼ੀ ਤਸਕਰਾਂ ਨਾਲ ਜੁੜੇ ਹੋਏ ਸਨ ਤਾਰ
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸੱਤ ਵਿਅਕਤੀਆਂ ਨੂੰ 10 ਗ਼ੈਰ-ਕਾਨੂੰਨੀ ਪਿਸਤੌਲਾਂ, 1.054 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਡਰੋਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨਾਲ ਸਬੰਧਤ ਦੋ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡੀ ਜੀ ਪੀ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਭੁੱਲਰ (28) ਵਾਸੀ ਪਿੰਡ ਰਾਜੋਕੇ, ਤਰਨਤਾਰਨ ਅਤੇ ਮੌਜੂਦਾ ਵਾਸੀ ਗੁਮਟਾਲਾ, ਅੰਮ੍ਰਿਤਸਰ, ਹੁਸਨਪ੍ਰੀਤ ਸਿੰਘ (21) ਵਾਸੀ ਪਿੰਡ ਮਹਿਦੀਪੁਰ, ਅਹਿਮਦ ਰਾਜਾ (21) ਵਾਸੀ ਸੁਲਤਾਨਵਿੰਡ ਰੋਡ, ਅੰਮ੍ਰਿਤਸਰ, ਜਗਸੀਰ ਸਿੰਘ ਉਰਫ਼ ਬੌਬੀ (26) ਵਾਸੀ ਤਰਨ ਤਾਰਨ, ਨਵਦੀਪ ਸਿੰਘ (20) ਵਾਸੀ ਅਟਾਰੀ, ਅਨਮੋਲਦੀਪ ਸਿੰਘ (19) ਵਾਸੀ ਰੋੜਾਂਵਾਲੀ ਅਤੇ ਮਨਜਿੰਦਰ ਸਿੰਘ ਉਰਫ਼ ਮੰਗਾ (37) ਵਾਸੀ ਫਤਿਹਪੁਰ, ਅੰਮ੍ਰਿਤਸਰ ਵਜੋਂ ਹੋਈ ਹੈ।
ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ .30 ਬੋਰ ਜ਼ਿਗਾਨਾ, ਇੱਕ 9 ਐੱਮ ਐੱਮ ਗਲੋਕ (ਆਸਟਰੀਆ), ਇੱਕ 9 ਐੱਮ ਐੱਮ ਪੀ ਐਕਸ5, ਦੋ .30 ਬੋਰ ਦੇ ਪਿਸਤੌਲ (ਚੀਨ), ਦੋ .30 ਬੋਰ ਸਟਾਰ ਮਾਰਕ, ਇੱਕ .30 ਬੋਰ, ਇੱਕ ਗਲੋਕ 9 ਐੱਮ ਐੱਮ ਅਤੇ ਇੱਕ .30 ਬੋਰ ਪੀ ਐਕਸ3 ਸਮੇਤ ਪੰਜ ਜ਼ਿੰਦਾ ਕਾਰਤੂਸ ਸ਼ਾਮਲ ਹਨ।
ਡੀ ਜੀ ਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਕੌਮਾਂਤਰੀ ਸਰਹੱਦ ਪਾਰੋਂ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਹੈਰੋਇਨ ਦੀ ਸਪਲਾਈ ਵਿੱਚ ਸਹਾਇਤਾ ਕਰ ਰਹੇ ਸਨ।
ਉਨ੍ਹਾਂ ਦੱਸਿਆ ਕਿ ਇਸ ਨੈੱਟਵਰਕ ਦੇ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।
ਪੁਲੀਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਭਰੋਸੇਯੋਗ ਖੁਫ਼ੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਪੁਲੀਸ ਨੇ ਸ਼ੁਰੂ ਵਿੱਚ ਕੁਲਦੀਪ ਉਰਫ਼ ਭੁੱਲਰ ਅਤੇ ਹੁਸਨਪ੍ਰੀਤ ਸਿੰਘ ਨੂੰ ਦੋ ਪਿਸਤੌਲਾਂ ਅਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ।
ਉਨ੍ਹਾਂ ਦੱਸਿਆ ਕਿ ਲਗਾਤਾਰ ਪੁੱਛਗਿੱਛ ਅਤੇ ਹੋਰ ਜਾਂਚ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਗ਼ੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਨੈੱਟਵਰਕ ਵਿੱਚ ਸ਼ਾਮਲ ਆਪਣੇ ਸਾਥੀਆਂ ਬਾਰੇ ਖੁਲਾਸਾ ਕੀਤਾ। ਮੁਲਜ਼ਮਾਂ ਦੇ ਖੁਲਾਸਿਆਂ ਦੇ ਆਧਾਰ 'ਤੇ ਕਾਰਵਾਈ ਕਰਦਿਆਂ, ਪੁਲੀਸ ਟੀਮਾਂ ਨੇ ਅਹਿਮਦ ਰਾਜਾ ਤੇ ਜਗਸੀਰ ਉਰਫ਼ ਬੌਬੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਹੋਰ ਗ਼ੈਰ-ਕਾਨੂੰਨੀ ਪਿਸਤੌਲਾਂ ਸਮੇਤ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਉਨ੍ਹਾਂ ਨੇ ਦੱਸਿਆ ਕਿ ਇਹ ਹਥਿਆਰ ਪੁਰਾਣੀ ਦੁਸ਼ਮਣੀ ਦੇ ਚਲਦਿਆਂ ਵਿਰੋਧੀ ਗਿਰੋਹ ਦੇ ਮੈਂਬਰ ਨੂੰ ਨਿਸ਼ਾਨਾ ਬਣਾਉਣ ਲਈ ਵਰਤੇ ਜਾਣੇ ਸਨ। ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਅਹਿਮਦ ਰਾਜਾ ਪਹਿਲਾਂ ਵੀ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ ਅਤੇ ਉਸ ਵਿਰੁੱਧ ਕਤਲ, ਅਸਲਾ ਐਕਟ ਅਤੇ ਚੋਰੀ ਨਾਲ ਸਬੰਧਤ ਕਈ ਮਾਮਲੇ ਦਰਜ ਹਨ।
ਇੱਕ ਹੋਰ ਅਪਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ ਸੀ ਪੀ ਨੇ ਦੱਸਿਆ ਕਿ ਪੁਲੀਸ ਨੇ ਸ਼ੁਰੂ ਵਿੱਚ ਮੁਲਜ਼ਮ ਨਵਦੀਪ ਸਿੰਘ ਅਤੇ ਅਨਮੋਲਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.054 ਕਿਲੋ ਹੈਰੋਇਨ ਬਰਾਮਦ ਕੀਤੀ। ਅਗਲੇਰੀ ਜਾਂਚ ਵਿੱਚ ਪੁਲੀਸ ਨੇ ਤਿੰਨ ਆਧੁਨਿਕ ਪਿਸਤੌਲ ਅਤੇ ਸਰਹੱਦ ਪਾਰੋਂ ਖੇਪ ਭੇਜਣ ਲਈ ਵਰਤਿਆ ਜਾਣ ਵਾਲਾ ਇੱਕ ਡਰੋਨ ਬਰਾਮਦ ਕੀਤਾ। ਉਨ੍ਹਾਂ ਦੱਸਿਆ ਕਿ ਇੱਕ ਹੋਰ ਮੁਲਜ਼ਮ ਮਨਜਿੰਦਰ ਸਿੰਘ ਉਰਫ਼ ਮੰਗਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ, ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ ।

