ਅੰਮ੍ਰਿਤਸਰ: ਖ਼ਾਲਸਾ ਕਾਲਜ, ਜ਼ਿਲ੍ਹਾ ਅਦਾਲਤ ਤੇ ਧਾਰਮਿਕ ਅਸਥਾਨ ਦੇ ਬਾਹਰ ਖਾਲਿਸਤਾਨ ਪੱਖੀ ਨਾਅਰੇ ਲਿਖੇ
ਅੰਮ੍ਰਿਤਸਰ ਵਿੱਚ ਬੀਤੀ ਰਾਤ ਇੱਕ ਪ੍ਰਮੁੱਖ ਵਿਦਿਅਕ ਸੰਸਥਾ, ਜ਼ਿਲ੍ਹਾ ਅਦਾਲਤਾਂ ਅਤੇ ਇੱਕ ਧਾਰਮਿਕ ਅਸਥਾਨ ਦੇ ਬਾਹਰ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਹਨ। ਪੁਲੀਸ ਨੇ ਇਸ ਸਬੰਧ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਗੁਰਪਤਵੰਤ ਸਿੰਘ ਪੰਨੂ ਦੀ ਅਗਵਾਈ ਵਾਲੀ ਪਾਬੰਦੀਸ਼ੁਦਾ ਖਾਲਿਸਤਾਨ ਪੱਖੀ ਸੰਗਠਨ ‘ਸਿੱਖਸ ਫਾਰ ਜਸਟਿਸ’ ਨੇ ਸੋਸ਼ਲ ਮੀਡੀਆ ਰਾਹੀਂ ਤਿੰਨ ਥਾਵਾਂ ’ਤੇ ਲਿਖੇ ਗਏ ਖਾਲਿਸਤਾਨੀ ਪੱਖੀ ਨਾਅਰਿਆਂ ਦੀ ਜ਼ਿੰਮੇਵਾਰੀ ਲਈ ਹੈ।
ਖਾਲਸਾ ਕਾਲਜ ਅਤੇ ਜ਼ਿਲ੍ਹਾ ਅਦਾਲਤ ਦੀ ਚਾਰਦੀਵਾਰੀ ਦੇ ਬਾਹਰ ਅਤੇ ਇੱਕ ਧਾਰਮਿਕ ਸਥਾਨ ਦੇ ਬਾਹਰ ਨਾਅਰੇ ਲਿਖੇ ਗਏ ਸਨ। ਖਾਲਸਾ ਕਾਲਜ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਹੈ ਕਿ ਸਥਾਨਕ ਪੁਲੀਸ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ। ਖਾਲਸਾ ਕਾਲਜ ਪ੍ਰਬੰਧ ਕਮੇਟੀ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਇਹ ਘਟਨਾ ਤੜਕੇ ਸਾਹਮਣੇ ਆਈ, ਜਿਸ ਤੋਂ ਬਾਅਦ ਪੁਲੀਸ ਨੂੰ ਸੂਚਿਤ ਕੀਤਾ ਗਿਆ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਨਾਅਰੇ ਲਿਖਣ ਵਾਲੇ ਦੋਸ਼ੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਪੰਨੂ ਨੇ ਵੀਡੀਓ ਸੰਦੇਸ਼ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਜ਼ਾਦੀ ਦਿਵਸ ’ਤੇ ਕੌਮੀ ਝੰਡਾ ਲਹਿਰਾਉਣ ਤੋਂ ਰੋਕਣ ਦਾ ਵੀ ਸੱਦਾ ਦਿੱਤਾ ਹੈ।