ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 26 ਅਕਤੂਬਰ
ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਆਪਣੇ ਪਰਿਵਾਰ ਸਮੇਤ ਅੱਜ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਨੂੰ ਜੀ ਆਇਆ ਕਿਹਾ ਗਿਆ। ਕਮੇਟੀ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਮੰਗ ਪੱਤਰ ਵੀ ਉਨ੍ਹਾਂ ਨੂੰ ਸੌਂਪਿਆ। ਉਪ ਰਾਸ਼ਟਰਪਤੀ ਨੇ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਮੱਥਾ ਟੇਕਣ ਉਪਰੰਤ ਕੁਝ ਦੇਰ ਕੀਰਤਨ ਵੀ ਸੁਣਿਆ।
ਉਨ੍ਹਾਂ ਗੁਰੂ ਘਰ ਵਿਖੇ ਪਰਿਵਾਰ ਵੱਲੋਂ ਕੜਾਹ ਪ੍ਰਸ਼ਾਦ ਦੀ ਦੇਗ ਭੇਟ ਕੀਤੀ ਗਈ। ਇਸ ਤੋਂ ਪਹਿਲਾਂ ਉਹ ਗੁਰੂ ਰਾਮਦਾਸ ਲੰਗਰ ਘਰ ਵਿਖੇ ਗਏ ,ਜਿੱਥੇ ਉਨ੍ਹਾਂ ਨੇ ਪੰਗਤ ਵਿੱਚ ਬੈਠ ਕੇ ਆਪਣੇ ਪਰਿਵਾਰ ਨਾਲ ਪ੍ਰਸ਼ਾਦਾ ਛਕਿਆ ਅਤੇ ਬਾਅਦ ਵਿੱਚ ਜੂਠੇ ਬਰਤਨ ਸਾਫ ਕਰਨ ਦੀ ਸੇਵਾ ਵੀ ਕੀਤੀ। ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ, ਦੁਸ਼ਾਲਾ, ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ ਗਿਆ। ਇਸੇ ਤਰ੍ਹਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਦੁਸ਼ਾਲਾ ਅਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕਰਦਿਆਂ ਨੌਂ ਬੰਦੀ ਸਿੱਖਾਂ ਦੀ ਸੂਚੀ ਵੀ ਦਿੱਤੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਖਿਆ ਕਿ ਬੰਦੀ ਸਿੱਖ ਨਿਰਧਾਰਤ ਸਜ਼ਾਵਾਂ ਦੀ ਮਿਆਦ ਪੂਰੀ ਕਰ ਚੁੱਕੇ ਹਨ ਪਰ ਉਸ ਤੋਂ ਬਾਅਦ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਮਗਰੋਂ ਉਹ ਇਤਿਹਾਸਕ ਜੱਲ੍ਹਿਆਂਵਾਲਾ ਬਾਗ ਵਿਖੇ ਵੀ ਗਏ। ਸੁਰੱਖਿਆ ਬਲਾਂ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਸਨ, ਜਿਸ ਕਾਰਨ ਕੁਝ ਦੇਰ ਲਈ ਸ਼ਰਧਾਲੂਆਂ ਨੂੰ ਵੀ ਮੁਸ਼ਕਲ ਪੇਸ਼ ਆਈ।