ਅੰਮ੍ਰਿਤਸਰ: ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਸਮੇਤ ਤਿੰਨ ਕਾਬੂ
ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਇੱਕ ਨਾਬਾਲਗ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਏਕੇ-47 ਰਾਈਫਲ ਸਮੇਤ ਤਿੰਨ...
ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਇੱਕ ਨਾਬਾਲਗ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਏਕੇ-47 ਰਾਈਫਲ ਸਮੇਤ ਤਿੰਨ ਆਧੁਨਿਕ ਰਾਈਫਲਾਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਆਕਾਸ਼ਬੀਰ ਸਿੰਘ ਉਰਫ਼ ਕਾਸ਼ੀ ਵਾਸੀ ਭੈਣੀ ਰਾਜਪੂਤਾਂ, ਜੋਬਨ ਸਿੰਘ ਵਾਸੀ ਬਲੱਗਣ, ਅੰਮ੍ਰਿਤਸਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ ਏਕੇ-47 ਰਾਈਫਲ, ਇੱਕ ਐਮ4-ਟਾਈਪ .30-ਬੋਰ ਆਟੋਮੈਟਿਕ ਹਥਿਆਰ ਅਤੇ ਇੱਕ ਵਿਸ਼ੇਸ਼ ਤੌਰ 'ਤੇ ਮੋਡੀਫਾਈ .30-ਬੋਰ ਸੈਮੀ-ਆਟੋਮੈਟਿਕ ਹਥਿਆਰ ਸਮੇਤ ਪੰਜ ਮੈਗਜ਼ੀਨਾਂ ਸ਼ਾਮਲ ਹਨ।
ਡੀਜੀਪੀ ਨੇ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰਾਂ ਦੇ ਸਰੋਤ ਅਤੇ ਵਰਤੋਂ ਦੇ ਉਦੇਸ਼ ਦਾ ਪਤਾ ਲਗਾਉਣ, ਇਸ ਮਾਡਿਊਲ ਨਾਲ ਜੁੜੇ ਵਿਅਕਤੀਆਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।
ਇਸ ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਘਰਿੰਡਾ ਦੀਆਂ ਟੀਮਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ੱਕੀ ਆਕਾਸ਼ਬੀਰ ਉਰਫ਼ ਕਾਸ਼ੀ ਅਤੇ ਜੋਬਨ ਸਿੰਘ ਆਪਣੇ ਨਾਬਾਲਗ ਸਾਥੀ ਨਾਲ ਮਿਲ ਕੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੇ ਅਤਿ-ਆਧੁਨਿਕ ਹਥਿਆਰ, ਗੋਲੀ ਸਿੱਕਾ, ਗ੍ਰਨੇਡ ਆਦਿ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ, ਪੁਲੀਸ ਟੀਮਾਂ ਨੇ ਅਟਾਰੀ ਖੇਤਰ ਦੇ ਨੇੜੇ ਇੱਕ ਵਿਸ਼ੇਸ਼ ਆਪਰੇਸ਼ਨ ਚਲਾਇਆ ਅਤੇ ਤਿੰਨਾਂ ਮੁਲਜ਼ਮਾਂ ਨੂੰ ਇੱਕ ਗ੍ਰਨੇਡ ਅਤੇ ਤਿੰਨ ਆਧੁਨਿਕ ਰਾਈਫਲਾਂ ਸਮੇਤ ਗ੍ਰਿਫ਼ਤਾਰ ਕੀਤਾ।
ਐੱਸਐੱਸਪੀ ਨੇ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25, 25(1)(ਏ), 25(6), 25(7) ਅਤੇ 25(8) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਕੇਸ ਦਰਜ ਕੀਤਾ ਗਿਆ ਹੈ।

