Amritsar: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ 4 ਕਿਲੋ ਤੋਂ ਵੱਧ ਹੈਰੋਇਨ ਸਮੇਤ ਕਾਬੂ
ਐੱਨ.ਡੀ.ਪੀ.ਐੱਸ ਐਕਟ ਤਹਿਤ ਕੇਸ ਦਰਜ
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਇੱਕ ਸੰਗਠਿਤ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ 4 ਕਿਲੋ ਤੋਂ ਵੱਧ ਹੈਰੋਇਨ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।
ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਆਤਿਸ਼ ਸੁਮਨ ਅਤੇ ਸਵਿੰਦਰ ਸਿੰਘ ਉਰਫ ਸੁੰਦਰੀ ਵਜੋਂ ਹੋਈ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਕੋਲੋਂ ਕੁੱਲ ਚਾਰ ਕਿਲੋ 130 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨੀ ਸਮਗਲਰਾਂ ਦੇ ਸਿੱਧੇ ਸੰਪਰਕ ਵਿੱਚ ਸਨ। ਉਹ ਕਥਿਤ ਤੌਰ 'ਤੇ ਸਰਹੱਦ ਪਾਰੋਂ ਮਿਲਦੇ ਇਸ਼ਾਰਿਆਂ ਮੁਤਾਬਕ ਤੈਅ ਕੀਤੀਆਂ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਦੇ ਸਨ ਅਤੇ ਫਿਰ ਅੱਗੇ ਇਲਾਕੇ ਦੇ ਹੋਰ ਨਸ਼ਾ ਤਸਕਰਾਂ ਨੂੰ ਸਪਲਾਈ ਕਰਦੇ ਸਨ।
ਅੰਮ੍ਰਿਤਸਰ ਦੇ ਸੁਲਤਾਨਵਿੰਡ ਥਾਣੇ ਵਿੱਚ ਐੱਨ.ਡੀ.ਪੀ.ਐੱਸ (NDPS) ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੂਰੀ ਸਪਲਾਈ ਚੇਨ ਦਾ ਪਤਾ ਲਗਾਉਣ ਅਤੇ ਗਿਰੋਹ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।

