ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 19 ਨਵੰਬਰ
ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਚ ਇੱਕ ਵਾਰ ਮੁੜ ਮਰਿਆਦਾ ਦੀ ਕਥਿਤ ਉਲੰਘਣਾ ਹੋਣ ਦਾ ਮਾਮਲਾ ਚਰਚਾ ਵਿੱਚ ਹੈ। ਇਸ ਵਾਰ ਪ੍ਰਬੰਧਕਾਂ ਵਿੱਚ ਸ਼ਾਮਲ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਵੱਲੋਂ ਗੁਰਦੁਆਰੇ ਨੇੜੇ ਲੱਗਦੇ ਪੀਐੱਮਯੂ ਦਫਤਰ ਦੇ ਬਾਹਰ ਨਾਚ-ਗਾਣੇ ਦੀ ਪਾਰਟੀ ਅਤੇ ਮੀਟ ਵਰਤਾ ਕੇ ਮਰਿਆਦਾ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਇੱਕ ਪਾਕਿਸਤਾਨੀ ਮਾਡਲ ਵੱਲੋਂ ਗੁਰਦੁਆਰਾ ਕੈਂਪਸ ਵਿੱਚ ਸ਼ੂਟਿੰਗ ਕਰ ਕੇ ਮਰਿਆਦਾ ਦੀ ਉਲੰਘਣਾ ਕੀਤੀ ਗਈ ਸੀ।
ਸਿੱਖ ਜਥੇਬੰਦੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਕਮੇਟੀ ਨੇ ਇਸ ਦੀ ਨਿਖੇਧੀ ਕੀਤੀ ਹੈ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਕੁਝ ਵੀਡੀਓਜ਼ ਵੀ ਵਾਇਰਲ ਹੋਈਆਂ ਹਨ। ਇਹ ਵੀਡੀਓਜ਼ ਬੀਤੀ ਸ਼ਾਮ ਸ਼ਾਮ ਦੀਆਂ ਦੱਸੀਆਂ ਜਾ ਰਹੀਆਂ ਹਨ। ਇਨ੍ਹਾਂ ’ਚੋਂ ਇੱਕ ਵੀਡੀਓ ਵਿੱਚ ਇੱਕ ਔਰਤ ਮੰਚ ਤੋਂ ਗਾਣਾ ਗਾ ਰਹੀ ਹੈ ਅਤੇ ਕੁੱਝ ਲੋਕ ਮੰਚ ਸਾਹਮਣੇ ਨੱਚ ਰਹੇ ਹਨ।
ਇਸ ਮਾਮਲੇ ਵਿੱਚ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੁਖੀ ਮਨਜੀਤ ਸਿੰਘ ਭੋਮਾ ਨੇ ਦੋਸ਼ ਲਾਇਆ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਨੇੜੇ ਪੀਆਵੀਓ ਦਫ਼ਤਰ ਦੇ ਬਾਹਰ ਕੀਤੇ ਗਏ ਸਮਾਗਮ ਵਿੱਚ ਫਿਲਮੀ ਗੀਤਾਂ ’ਤੇ ਨ੍ਰਿਤ ਕੀਤੇ ਗਏ ਹਨ। ਇਸ ਦੌਰਾਨ ਮਾਸ ਦਾ ਵੀ ਸੇਵਨ ਕੀਤਾ ਗਿਆ। ਉਨ੍ਹਾਂ ਇਸ ਮਾਮਲੇ ਨੂੰ ਗੁਰੂ ਘਰ ਦੀ ਮਰਿਆਦਾ ਨਾਲ ਖਿਲਵਾੜ ਕਰਾਰ ਦਿੱਤਾ। ਉਨ੍ਹਾਂ ਪਾਕਿਸਤਾਨ ਸਰਕਾਰ ਤੋਂ ਇਸ ਸਬੰਧੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਗੁਰੂ ਘਰਾਂ ਦਾ ਪ੍ਰਬੰਧ ਚਲਾਉਣ ਵਾਲਿਆਂ ਨੂੰ ਮਰਿਆਦਾ ਅਤੇ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਕਿਸੇ ਨੂੰ ਵੀ ਮਰਿਆਦਾ ਦੀ ਉਲੰਘਣਾ ਨਹੀਂ ਕਰਨੀ ਚਾਹੀਦੀ। ਗੁਰੂ ਘਰ ਦੇ ਕੈਂਪਸ ਨੇੜੇ ਅਜਿਹੀਆਂ ਗਤੀਵਿਧੀਆਂ ਨਿੰਦਣਯੋਗ ਹਨ ਅਤੇ ਇਸ ਤੋਂ ਬਚਣ ਦੀ ਲੋੜ ਹੈ।
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖਿਆ
ਰੂਪਨਗਰ (ਜਗਮੋਹਨ ਸਿੰਘ): ਭਾਰਤ ਸਰਕਾਰ ਦੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਕੈਂਪਸ ’ਚ ਹੋਈ ਮਰਿਆਦਾ ਦੀ ਉਲੰਘਣਾ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਇੱਕ ਪੱਤਰ ਲਿਖ ਕੇ ਪਾਕਿਸਤਾਨ ਸਰਕਾਰ ਨਾਲ ਰਾਬਤਾ ਕਾਇਮ ਕਰ ਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।