ਸਰਹੱਦ ਪਾਰੋਂ ਤਸਕਰੀ ਨੂੰ ਰੋਕਣ ਲਈ ਐਂਟੀ ਡਰੋਨ ਸਿਸਟਮ ਕਾਰਗਰ : DIG ਹਰਮਨਬੀਰ ਸਿੰਘ ਗਿੱਲ
'ਮਿਸ਼ਨ ਪ੍ਰਹਾਰ' ਤਹਿਤ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲੀਸ ਵੱਲੋਂ ਸਰਹੱਦੀ ਖੇਤਰ ਵਿੱਚ ਵਿਸ਼ੇਸ਼ ਜਾਂਚ
ਪਾਕਿਸਤਾਨ ਵੱਲੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਵਾਸਤੇ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਪੁਲੀਸ ਜ਼ਿਲ੍ਹਾ ਦਿਹਾਤੀ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਸਰਹੱਦੀ ਖੇਤਰ ਵਿੱਚ ਸਥਾਪਿਤ ਕੀਤਾ ਐਂਟੀ ਡਰੋਨ ਸਿਸਟਮ ਸਹਾਇਕ ਸਾਬਤ ਹੋ ਰਿਹਾ ਹੈ। ਇਸ ਪ੍ਰਣਾਲੀ ਦੇ ਕਾਰਨ ਵਧੇਰੇ ਬਰਾਮਦਗੀਆਂ ਅਤੇ ਵਧੇਰੇ ਗ੍ਰਿਫ਼ਤਾਰੀਆਂ ਹੋਈਆਂ ਹਨ। ਇਹ ਖ਼ੁਲਾਸਾ ਡੀ.ਆਈ.ਜੀ. ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਕੀਤਾ।
ਅਟਾਰੀ ਤੇ ਸਰਹੱਦੀ ਇਲਾਕਿਆਂ 'ਚ ਵਿਸ਼ੇਸ਼ ਤਲਾਸ਼ੀ ਮੁਹਿੰਮ
ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਟਾਰੀ ਅਤੇ ਇਸ ਦੇ ਨਾਲ ਲੱਗਦੇ ਹੋਰ ਇਲਾਕਿਆਂ ਵਿੱਚ ਪੁਲੀਸ ਵੱਲੋਂ 'ਮਿਸ਼ਨ ਪ੍ਰਹਾਰ' ਹੇਠ ਵਿਸ਼ੇਸ਼ ਜਾਂਚ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਡੀ.ਆਈ.ਜੀ. ਹਰਮਨਬੀਰ ਸਿੰਘ ਗਿੱਲ, ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ, ਸਬੰਧਤ ਡੀ.ਐੱਸ.ਪੀ. ਅਤੇ ਐੱਸ.ਐੱਚ.ਓ. ਵੱਲੋਂ ਨਾਕਿਆਂ, ਸੰਵੇਦਨਸ਼ੀਲ ਥਾਵਾਂ ਅਤੇ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਜਾਂਚ ਕੀਤੀ ਗਈ।
ਇਸ ਦੌਰਾਨ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ 'ਤੇ ਕੜੀ ਨਿਗਰਾਨੀ ਰੱਖਦਿਆਂ ਉਨ੍ਹਾਂ ਦੇ ਠਿਕਾਣਿਆਂ ਦੀ ਪ੍ਰਭਾਵਸ਼ਾਲੀ ਚੈਕਿੰਗ ਕੀਤੀ ਗਈ। ਮੂਸਲਾਧਾਰ ਮੀਂਹ ਦੇ ਬਾਵਜੂਦ ਪੁਲੀਸ ਵੱਲੋਂ ਕਈ ਘਰਾਂ ਵਿੱਚ ਤਲਾਸ਼ੀ ਲਈ ਗਈ ਅਤੇ ਸਮਾਨ ਦੀ ਜਾਂਚ ਕੀਤੀ ਗਈ।
ਐਂਟੀ ਡਰੋਨ ਪ੍ਰਣਾਲੀ ਨਾਲ ਤੁਰੰਤ ਕਾਰਵਾਈ
ਇਸ ਮੌਕੇ ਡੀ.ਆਈ.ਜੀ. ਹਰਮਨਬੀਰ ਸਿੰਘ ਗਿੱਲ ਨੇ ਮੀਡੀਆ ਨਾਲ ਗੱਲ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਸਰਹੱਦੀ ਖੇਤਰ ਵਿੱਚ ਐਂਟੀ ਡਰੋਨ ਸਿਸਟਮ ਸਥਾਪਿਤ ਕੀਤਾ ਗਿਆ ਹੈ, ਜਿਸ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰਣਾਲੀ ਦੇ ਕਾਰਨ ਸਰਹੱਦੀ ਖੇਤਰ ਵਿੱਚ ਡਰੋਨ ਰਾਹੀਂ ਜਿੱਥੇ ਵੀ ਕੋਈ ਨਸ਼ੀਲੇ ਪਦਾਰਥ ਜਾਂ ਹਥਿਆਰ ਸੁੱਟੇ ਜਾਂਦੇ ਹਨ ਤਾਂ ਉਸ ਦੀ ਜਾਣਕਾਰੀ ਮਿਲ ਜਾਂਦੀ ਹੈ।
ਜਾਣਕਾਰੀ ਮਿਲਣ 'ਤੇ ਤੁਰੰਤ ਪੁਲੀਸ ਟੀਮਾਂ ਵੱਲੋਂ ਇਨ੍ਹਾਂ ਸਥਾਨਾਂ 'ਤੇ ਸਟ੍ਰਾਈਕ ਕੀਤੀ ਜਾਂਦੀ ਹੈ, ਜਿਸ ਦੇ ਸਿੱਟੇ ਵਜੋਂ ਪਿਛਲੇ ਸਮੇਂ ਵਿੱਚ ਬਰਾਮਦਗੀਆਂ ਵਿੱਚ ਵਾਧਾ ਹੋਇਆ ਹੈ ਅਤੇ ਗ੍ਰਿਫ਼ਤਾਰੀਆਂ ਵੀ ਵਧੇਰੇ ਹੋਈਆਂ ਹਨ।
ਬਾਰਸ਼ਾਂ ਦੇ ਮੌਸਮ ਦਾ ਤਸਕਰੀ 'ਤੇ ਅਸਰ ਅਤੇ ਚਿੰਨ੍ਹਿਤ ਹੌਟਸਪੌਟ
ਉਨ੍ਹਾਂ ਦੱਸਿਆ ਕਿ ਇਨ੍ਹਾਂ ਦਿਨਾਂ ਵਿੱਚ ਸਰਹੱਦੀ ਪੱਟੀ ਦੇ ਖੇਤਾਂ ਵਿੱਚ ਵਧੇਰੇ ਝੋਨਾ ਬੀਜਿਆ ਗਿਆ ਹੈ ਅਤੇ ਖੇਤਾਂ ਦੇ ਵਿੱਚ ਪਾਣੀ ਖੜ੍ਹਾ ਹੈ, ਜਿਸ ਕਾਰਨ ਇਨ੍ਹਾਂ ਦਿਨਾਂ ਵਿੱਚ ਤਸਕਰੀ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ। ਉਨ੍ਹਾਂ ਦੱਸਿਆ ਕਿ ਸਰਹੱਦ ਪਾਰੋਂ ਅਜਿਹੀਆਂ ਖੇਪਾਂ ਭੇਜਣ ਵਾਲੇ ਤਸਕਰਾਂ ਨੂੰ ਪਤਾ ਹੈ ਕਿ ਜੇਕਰ ਨਸ਼ੀਲੇ ਪਦਾਰਥ ਜਾਂ ਹਥਿਆਰ ਪਾਣੀ ਵਿੱਚ ਡਿੱਗੇ ਤਾਂ ਉਹ ਨਸ਼ਟ ਹੋ ਜਾਣਗੇ।
ਉਨ੍ਹਾਂ ਖ਼ੁਲਾਸਾ ਕੀਤਾ ਕਿ ਪੁਲੀਸ ਵੱਲੋਂ ਸਰਹੱਦੀ ਖੇਤਰ ਵਿੱਚ ਕੁਝ ਹੌਟਸਪੌਟ ਨਿਰਧਾਰਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਵਧੇਰੇ ਨਿਗਰਾਨੀ ਰੱਖੀ ਜਾ ਰਹੀ ਹੈ। ਇਨ੍ਹਾਂ ਵਿੱਚ ਅਟਾਰੀ ਹਲਕੇ ਦੇ ਪਿੰਡ ਮਹਾਵਾ, ਨੇਸ਼ਟਾ ਤੇ ਹੋਰ ਵੀ ਸ਼ਾਮਲ ਹਨ।
ਗੈਂਗਸਟਰਾਂ ਤੇ ਤਸਕਰਾਂ ਨੂੰ ਆਤਮ-ਸਮਰਪਣ ਦੀ ਚਿਤਾਵਨੀ
ਉਨ੍ਹਾਂ ਨੇ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਤੁਰੰਤ ਆਤਮ-ਸਮਰਪਣ ਕਰ ਦੇਣ ਅਤੇ ਇਸ ਗ਼ੈਰ-ਕਾਨੂੰਨੀ ਕਾਰੋਬਾਰ ਨੂੰ ਛੱਡ ਕੇ ਮੁੱਖ ਧਾਰਾ ਵਿੱਚ ਸ਼ਾਮਲ ਹੋਣ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਪੁਲੀਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲੀਸ ਉਨ੍ਹਾਂ ਨੂੰ ਹਰ ਹਾਲ ਵਿੱਚ ਗ੍ਰਿਫ਼ਤਾਰ ਕਰੇਗੀ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਆਖਿਆ ਕਿ 'ਮਿਸ਼ਨ ਪ੍ਰਹਾਰ' ਪੰਜਾਬ ਪੁਲੀਸ ਦਾ ਸਪੱਸ਼ਟ ਸੰਦੇਸ਼ ਹੈ ਕਿ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਸਰਹੱਦੀ ਖੇਤਰਾਂ ਵਿੱਚ ਅਜਿਹੀਆਂ ਵਿਸ਼ੇਸ਼ ਚੈਕਿੰਗ ਮੁਹਿੰਮਾਂ ਅਤੇ ਕਾਨੂੰਨੀ ਕਾਰਵਾਈਆਂ ਨਿਰੰਤਰ ਜਾਰੀ ਰਹਿਣਗੀਆਂ, ਤਾਂ ਜੋ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਸਮਾਜ ਨੂੰ ਨਸ਼ਾ-ਮੁਕਤ ਅਤੇ ਸੁਰੱਖਿਅਤ ਬਣਾਇਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਅੱਜ ਦੀ ਇਸ ਮੁਹਿੰਮ ਤਹਿਤ ਕੁਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਸ ਤਹਿਤ ਜਾਂਚ ਕੀਤੀ ਜਾ ਰਹੀ ਹੈ। ਇਹ ਮੁਹਿੰਮ ਸ਼ਾਮ ਤੱਕ ਚੱਲੇਗੀ।

