ਪੰਜਾਬ ’ਚ ਸਰਹੱਦ ਪਾਰੋਂ ਨਸ਼ਾ ਤਸਕਰੀ ਰੋਕਣ ਲਈ ਐਂਟੀ ਡਰੋਨ ਪ੍ਰਣਾਲੀ ਦੀ ਸ਼ੁਰੂਆਤ
ਪੰਜਾਬ ਸਰਕਾਰ ਨੇ ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ਨਾਲ ਨਜਿੱਠਣ ਲਈ 51.4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ‘ਬਾਜ਼ ਅੱਖ’ ' ਐਂਟੀ ਡਰੋਨ ਪ੍ਰਣਾਲੀ ਲਾਂਚ ਕੀਤੀ ਹੈ। ਇਸ ਨਵੀਂ ਪ੍ਰਣਾਲੀ ਦੀ ਸ਼ੁਰੂਆਤ ਨਾਲ ਪਠਾਨਕੋਟ ਤੋਂ ਲੈ ਕੇ ਫਾਜ਼ਿਲਕਾ ਤੱਕ ਸਾਰਾ ਸਰਹੱਦੀ ਖੇਤਰ ਐਂਟੀ ਡਰੋਨ ਸਿਸਟਮ ਨਾਲ ਲੈਸ ਹੋਵੇਗਾ।
ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਅੰਤਰਰਾਸ਼ਟਰੀ ਸਰਹੱਦ ’ਤੇ ਇਸ ਪ੍ਰਣਾਲੀ ਨੂੰ ਲਾਗੂ ਕੀਤਾ ਹੈ। ਇਸ ਨਾਲ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਸਿਸਟਮ ਨੂੰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਹਿੱਸੇ ਵਜੋਂ ਸ਼ਾਮਲ ਕੀਤਾ ਗਿਆ ਹੈ, ਜਿਸ ਦਾ ਉਦੇਸ਼ ਸਰਹੱਦ ਪਾਰੋਂ ਡਰੋਨਾਂ ਰਾਹੀਂ ਸੂਬੇ 'ਚ ਆਉਂਦੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਨੂੰ ਰੋਕਣਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਹਰੀ ਝੰਡੀ ਦਿਖਾ ਕੇ ਐਂਟੀ ਡਰੋਨ ਪ੍ਰਣਾਲੀ ਦੀ ਸ਼ੁਰੂਆਤ ਕੀਤੀ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਤਿਵਾਦ ਅਤੇ ਨਸ਼ਿਆਂ ਦੇ ਗੱਠਜੋੜ ਨੂੰ ਜੜ੍ਹੋਂ ਪੁੱਟਣਾ ਪੰਜਾਬ ਸਰਕਾਰ ਦੀ ਤਰਜੀਹ ਹੈ ਅਤੇ ਉਨ੍ਹਾਂ ਦੀ ਸਰਕਾਰ ਇਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਸਨ।