ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 3 ਅਗਸਤ
ਦਲ ਖਾਲਸਾ ਅਤੇ ਸਿੱਖ ਯੂਥ ਆਫ ਪੰਜਾਬ ਦੇ ਆਗੂਆਂ ਨੇ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਕ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ 5 ਅਗਸਤ ਨੂੰ ਰਾਮ ਮੰਦਰ ਦੇ ਨਿਰਮਾਣ ਲਈ ਅਯੁੱਧਿਆ ਵਿੱਚ ਰੱਖੇ ਸਮਾਗਮ ਵਿੱਚ ਸ਼ਾਮਲ ਨਾ ਹੋਣ। ਉਨ੍ਹਾਂ ਆਖਿਆ ਕਿ ਇਸ ਸਬੰਧ ਵਿਚ ਹੋਰ ਕੌਮੀ ਸੰਸਥਾਵਾਂ ਦੇ ਆਗੂਆਂ ਨੂੰ ਵੀ ਸ਼ਾਮਲ ਹੋਣ ਤੋਂ ਵਰਜਿਆ ਜਾਵੇ। ਇਹ ਪੱਤਰ ਦਲ ਖਾਲਸਾ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ ਅਤੇ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਵਲੋਂ ਲਿਖਿਆ ਗਿਆ ਹੈ। ਉਨ੍ਹਾਂ ਇਸ ਸਬੰਧ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਗੱਲ ਵੀ ਕੀਤੀ ਹੈ। ਭੇਜੇ ਗਏ ਪੱਤਰ ਵਿਚ ਉਨ੍ਹਾਂ ਆਖਿਆ ਕਿ ਸਿੱਖ ਨੁਮਾਇੰਦਿਆਂ ਨੂੰ ਦੋ ਧਰਮਾਂ ਵਿਚਾਲੇ ਵਿਵਾਦ ਦਾ ਮੁੱਦਾ ਬਣੇ ਰਹੇ ਰਾਮ ਮੰਦਿਰ ਦੇ ਨਿਰਮਾਣ ਸਬੰਧੀ ਇਸ ਪ੍ਰੋਗਰਾਮ ਵਿਚ ਸ਼ਾਮਲ ਨਹੀਂ ਹੋਣਾ ਚਾਹੀਦਾ। ਇਸ ਮਾਮਲੇ ਵਿਚ ਧਿਰ ਬਣਨਾ ਬੇਸਮਝੀ ਅਤੇ ਬੇਲੋੜਾ ਹੋਵੇਗਾ। ਚੇਤੇ ਰਹੇ ਕਿ ਸਮਾਗਮ ਦੇ ਪ੍ਰਬੰਧਕਾਂ ਵਲੋਂ ਸਿੱਖਾਂ ਦੇ ਪੰਜ ਤਖਤਾਂ ਦੇ ਜਥੇਦਾਰਾਂ ਨੂੰ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਸੱਦਾ ਪੱਤਰ ਭੇਜਿਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਦਾਲਤ ਵਲੋਂ ਇਸ ਮਾਮਲੇ ਵਿਚ ਇਕਪਾਸੜ ਫੈਸਲਾ ਕੀਤਾ ਗਿਆ ਹੈ, ਜੋ ਕਿ ਸਿਆਸਤ ਤੋਂ ਪ੍ਰੇਰਿਤ ਹੈ। ਮੰਦਿਰ ਦਾ ਉਦਘਾਟਨੀ ਸਮਾਰੋਹ ਉਸ ਦਿਨ ਰੱਖਿਆ ਗਿਆ ਹੈ ਜਦੋਂ ਜੰਮੂ ਕਸ਼ਮੀਰ ਦੇ ਵਿਸ਼ੇਸ਼ ਰੁਤਬੇ ਨੂੰ ਖਤਮ ਕਰਨ ਵਾਲੀ ਧਾਰਾ 370 ਨੂੰ ਹਟਾਉਣ ਦੀ ਪਹਿਲੀ ਵਰ੍ਹੇਗੰਢ ਆ ਰਹੀ ਹੈ। ਉਨ੍ਹਾਂ ਆਖਿਆ ਕਿ ਇਹ ਦਿਨ ਅਤੇ ਤਰੀਕ ਸੋਚ ਸਮਝ ਕੇ ਰੱਖੀ ਗਈ ਹੈ ਤਾਂ ਜੋ ਕਸ਼ਮੀਰੀ ਅਵਾਮ ਨੂੰ ਇਸ ਦਾ ਅਹਿਸਾਸ ਕਰਾਇਆ ਜਾ ਸਕੇ।
ਇਸ ਦੌਰਾਨ ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਵੀ ਸਮੁੱਚੀ ਸਿੱਖ ਲੀਡਰਸ਼ਿਪ ਨੂੰ ਅਪੀਲ ਕੀਤੀ ਹੈ ਕਿ ਅਯੁੱਧਿਆ ਵਿਚ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਤੌਰ ਸਿੱਖ ਉਹ ਕਿਸੇ ਵੀ ਧਰਮ ਜਾਂ ਨਸਲ ਦੇ ਖਿਲਾਫ ਨਹੀਂ ਹਨ, ਪਰ ਅਜਿਹੇ ਕਿਸੇ ਵੀ ਵਿਅਕਤੀ ਦੀ ਮਦਦ ਨਹੀਂ ਕਰਨੀ ਚਾਹੀਦੀ, ਜਿਸ ਨੇ ਕਿਸੇ ਦੂਜੇ ਦਾ ਧਰਮ ਅਸਥਾਨ ਜਬਰੀ ਕਬਜ਼ੇ ਵਿਚ ਲਿਆ ਹੋਇਆ ਹੈ। ਉਨ੍ਹਾਂ ਆਖਿਆ ਕਿ ਸਿੱਖ ਜਥੇਬੰਦੀਆਂ ਨੂੰ ਇਕ ਮੰਚ ’ਤੇ ਇਕੱਠੇ ਹੋ ਕੇ ਹਰਿਦੁਆਰ ਵਿਚ ਗੁਰਦੁਆਰਾ ਗਿਆਨ ਗੋਦੜੀ , ਜਗਨਨਾਥ ਪੁਰੀ ਵਿਚ ਮੰਗੂਮੱਠ ਅਤੇ ਸਿੱਕਮ ਵਿਚ ਗੁਰਦੁਆਰਾ ਗੁਰੂ ਡਾਂਗਮਾਰ ਦਾ ਮਸਲਾ ਹੱਲ ਕਰਨ ਲਈ ਯਤਨ ਕਰਨੇ ਚਾਹੀਦੇ ਹਨ।