ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼ ਕੀਤਾ, 4 ਗ੍ਰਿਫ਼ਤਾਰ
ਪੰਜਾਬ ਪੁਲੀਸ ਨੇ ਸਰਹੱਦ ਪਾਰ ਤੋਂ ਤਸਕਰੀ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲੀਸ ਨੇ ਇਨ੍ਹਾਂ ਕੋਲੋਂ ਚਾਰ ਆਧੁਨਿਕ ਪਿਸਤੌਲਾਂ ਸਮੇਤ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤਾ ਹੈ। ਇਸਦੀ ਜਾਣਕਾਰੀ ਖ਼ੁਦ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪਾਕਿਸਤਾਨ ਸਥਿਤ ਇੱਕ ਤਸਕਰ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਜੋ ਪੰਜਾਬ ਵਿੱਚ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਦਾ ਪ੍ਰਬੰਧ ਕਰ ਰਿਹਾ ਸੀ।
ਡੀਜੀਪੀ ਨੇ ਐਕਸ ’ਤੇ ਪੋਸਟ ਕਰਦਿਆ ਲਿਖਿਆ, “ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (SSOC), ਅੰਮ੍ਰਿਤਸਰ ਨੇ ਇੱਕ ਸਰਹੱਦ ਪਾਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਚਾਰ ਵਿਅਕਤੀਆਂ -ਜੁਗਰਾਜ ਸਿੰਘ ਉਰਫ਼ ਚਿਰੀ, ਕੁਲਬੀਰ ਸਿੰਘ ਉਰਫ਼ ਨੰਨੂ ਉਰਫ਼ ਕਾਲੂ, ਅਰਸ਼ਦੀਪ ਸਿੰਘ ਅਤੇ ਨਛੱਤਰ ਸਿੰਘ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਇਹ ਚਾਰੋਂ ਤਰਨਤਾਰਨ ਦੇ ਵਸਨੀਕ ਹਨ ਅਤੇ ਇਨ੍ਹਾਂ ਕੋਲੋਂ 30 ਬੋਰ ਦੇ ਚਾਰ ਆਧੁਨਿਕ ਪਿਸਤੌਲਾਂ ਸਮੇਤ ਜਿੰਦਾ ਕਾਰਤੂਸ ਵੀ ਬਰਾਮਦ ਕੀਤਾ ਹੈ।”
ਉਨ੍ਹਾਂ ਕਿਹਾ ਕਿ ਪੁਲੀਸ ਸਟੇਸ਼ਨ, SSOC, ਅੰਮ੍ਰਿਤਸਰ ਵਿਖੇ ਇੱਕ FIR ਦਰਜ ਕੀਤੀ ਗਈ ਹੈ। DGP ਨੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸਨੂੰ ਖ਼ਤਮ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਕੇਸ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਕੇਸ ਦਰਜ ਕੀਤਾ ਗਿਆ ਹੈ।