ਸਰਹੱਦ ਪਾਰੋਂ ਹਥਿਆਰ ਤਸਕਰੀ ਦਾ ਪਰਦਾਫਾਸ਼; ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ
ਇਕ ਖੁਫ਼ੀਆ ਜਾਣਕਾਰੀ ‘ਤੇ ਅਧਾਰਤ ਇੱਕ ਕਾਰਵਾਈ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਤਿੰਨ ਲੋਕਾਂ ਨੂੰ ਅੱਠ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ।...
ਇਕ ਖੁਫ਼ੀਆ ਜਾਣਕਾਰੀ ‘ਤੇ ਅਧਾਰਤ ਇੱਕ ਕਾਰਵਾਈ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਤਿੰਨ ਲੋਕਾਂ ਨੂੰ ਅੱਠ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ।
ਇਸ ਸਬੰਧ ਵਿਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹੇਸ਼ ਉਰਫ਼ ਆਸ਼ੂ ਮਸੀਹ ਤੇ ਅੰਗਰੇਜ ਸਿੰਘ ਦੋਵੇਂ ਵਾਸੀ ਪਿੰਡ ਮਾੜੀ ਮੇਘਾ, ਤਰਨ ਤਾਰਨ ਅਤੇ ਅਰਸ਼ਦੀਪ ਸਿੰਘ ਵਾਸੀ ਭਿਖੀਵਿੰਡ, ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਮੈਗਜ਼ੀਨਾਂ ਸਮੇਤ ਤਿੰਨ 9 ਐਮਐਮ ਪਿਸਤੌਲ ਅਤੇ ਪੰਜ 30 ਬੋਰ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ ਪੁਲੀਸ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰਦੇ ਸਨ।
ਡੀਜੀਪੀ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਨੂੰ ਭਾਰਤ-ਪਾਕਿਸਤਾਨ ਸਰਹੱਦ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਵੱਡੀ ਖੇਪ ਪ੍ਰਾਪਤ ਕੀਤੇ ਜਾਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ, ਜੋ ਸਰਹੱਦ ਪਾਰੋਂ ਡਰੋਨ ਦੀ ਮਦਦ ਨਾਲ ਪਿੰਡ ਮਾੜੀ ਕੰਬੋਕੇ, ਪੁਲੀਸ ਥਾਣਾ ਖਾਲੜਾ, ਜ਼ਿਲ੍ਹਾ ਤਰਨਤਾਰਨ ਦੇ ਖੇਤਰ ਵਿੱਚ ਸੁੱਟੀ ਗਈ ਸੀ। ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀ ਟੀਮ ਨੇ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਭੂਸੇ ਨੇੜੇ ਤਿੰਨੋਂ ਮੁਲਜ਼ਮਾਂ ਨੂੰ ਘੇਰ ਕੇ ਉਨ੍ਹਾਂ ਨੂੰ ਗ਼ੈਰ-ਕਾਨੂੰਨੀ ਹਥਿਆਰਾਂ ਦੀ ਖੇਪ ਸਮੇਤ ਗ੍ਰਿਫ਼ਤਾਰ ਕਰ ਲਿਆ, ਜਿਸਨੂੰ ਉਹ ਅੰਮ੍ਰਿਤਸਰ ਦੇ ਘਰਿੰਡਾ ਨੇੜਲੇ ਖੇਤਰ ਵਿੱਚ ਅੱਗੇ ਕਿਸੇ ਵਿਅਕਤੀ ਨੂੰ ਪਹੁੰਚਾਉਣ ਜਾ ਰਹੇ ਸਨ।
ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਮਹੇਸ਼ ਉਰਫ਼ ਆਸ਼ੂ ਮਸੀਹ ਅਤੇ ਅੰਗਰੇਜ ਸਿੰਘ ਅੰਮ੍ਰਿਤਸਰ ਵਿਖੇ ਅਸਲਾ ਐਕਟ ਤਹਿਤ ਦਰਜ ਪਿਛਲੇ ਕਈ ਮਾਮਲਿਆਂ ਵਿੱਚ ਵੀ ਲੋੜੀਂਦੇ ਸਨ । ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਪੁਲੀਸ ਥਾਣਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 25(1)(ਏ) ਅਤੇ 25(1)(ਬੀ) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਕੇਸ ਦਰਜ ਕੀਤਾ ਹੈ।