ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫ਼ਤਾਰ
ਪੰਜਾਬ ਪੁਲੀਸ ਨੇ ਵੀਰਵਾਰ ਨੂੰ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਨ੍ਹਾਂ ਕੋਲੋਂ ਛੇ ਅਤਿ-ਆਧੁਨਿਕ ਹਥਿਆਰ ਅਤੇ 5.75 ਲੱਖ ਰੁਪਏ ਵੀ ਬਰਾਮਦ ਕੀਤੇ ਗਏ ਹਨ।
ਇਹ ਗਿਰੋਹ ਮਹਿਕਪ੍ਰੀਤ ਸਿੰਘ ਉਰਫ਼ ਰੋਹਿਤ ਵੱਲੋਂ ਉਸਦੇ ਵਿਦੇਸ਼-ਅਧਾਰਤ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਚਲਾਇਆ ਜਾ ਰਿਹਾ ਸੀ। ਉਨ੍ਹਾਂ ਨੇ ਦੱਸਿਆ ਕਿ ਅੰਮ੍ਰਿਤਸਰ ਪੁਲੀਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਜਾਂਚ ਦੇ ਵੱਖ-ਵੱਖ ਪੜਾਵਾਂ ’ਤੇ ਕਈ ਬਰਾਮਦਗੀਆਂ ਕੀਤੀਆਂ ਗਈਆਂ।
ਡੀਜੀਪੀ ਨੇ 'ਐਕਸ' (X) 'ਤੇ ਇੱਕ ਪੋਸਟ ਵਿੱਚ ਕਿਹਾ, "ਪਰਗਟ ਸਿੰਘ ਨੂੰ ਸ਼ੁਰੂ ਵਿੱਚ ਸਰਹੱਦ ਪਾਰ ਤੋਂ ਆਈ ਖੇਪ ਵਿੱਚੋਂ ਦੋ ਹਥਿਆਰਾਂ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਅਗਲੀ ਜਾਂਚ ਦੌਰਾਨ ਅਜੇਬੀਰ ਸਿੰਘ, ਕਰਨਬੀਰ ਸਿੰਘ ਅਤੇ ਸ਼੍ਰੀ ਰਾਮ ਨੂੰ ਹੋਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ।"
ਉਨ੍ਹਾਂ ਦੱਸਿਆ ਕਿ ਇਸ ਗਿਰੋਹ ਦੇ ਮੁੱਖ ਸਰਗਨਾ ਮਹਿਕਪ੍ਰੀਤ ਨੂੰ ਤਿੰਨ ਹਥਿਆਰਾਂ ਸਮੇਤ ਗੋਆ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਯਾਦਵ ਨੇ ਦੱਸਿਆ ਕਿ ਹਥਿਆਰਾਂ ਦੇ ਵਪਾਰ ਤੋਂ ਹੋਣ ਵਾਲੀ ਕਮਾਈ ਹਵਾਲਾ ਰਾਹੀਂ ਭੇਜੀ ਜਾਂਦੀ ਸੀ, ਜਿਸ ਲਈ ਦਿਨੇਸ਼ ਕੁਮਾਰ ਨੂੰ 5.75 ਲੱਖ ਰੁਪਏ ਦੀ ਹਵਾਲਾ ਰਕਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ