ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 19 ਨਵੰਬਰ
ਸੀਆਈਏ ਸਟਾਫ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿੱਚੋਂ ਚਾਰ ਪਿਸਤੌਲ ਬਰਾਮਦ ਕੀਤੇ ਹਨ। ਪੁਲੀਸ ਦੇ ਵਧੀਕ ਡਿਪਟੀ ਕਮਿਸ਼ਨਰ (ਏਡੀਸੀਪੀ) ਅਭਿਮਨਿਊ ਰਾਣਾ ਨੇ ਕਿਹਾ ਕਿ ਮੁਲਜ਼ਮ ਪੁਲੀਸ ਨੂੰ ਗੋਲੀਬਾਰੀ ਅਤੇ ਲੁੱਟ-ਖੋਹ ਦੇ ਮਾਮਲੇ ਵਿੱਚ ਲੋੜੀਂਦਾ ਸੀ। ਉਸ ਨੂੰ ਪੁਲੀਸ ਰਿਮਾਂਡ ’ਤੇ ਲਿਆ ਗਿਆ ਹੈ ਅਤੇ ਹਥਿਆਰਾਂ ਦੇ ਸਰੋਤ ਦਾ ਪਤਾ ਲਗਾਉਣ ਲਈ ਪੜਤਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਸੂਚਨਾ ਦੇ ਆਧਾਰ ’ਤੇ ਸੂਰਜ ਸਿੰਘ ਉਰਫ਼ ਛੋਟਾ ਕਾਹਲਵਾ ਵਾਸੀ ਨਿਊ ਆਜ਼ਾਦ ਨਗਰ ਇਲਾਕਾ ਸੁਲਤਾਨਵਿੰਡ ਰੋਡ ਨੂੰ ਨਾਜਾਇਜ਼ ਪਿਸਤੌਲ ਅਤੇ ਦੋ ਕਾਰਤੂਸਾਂ ਸਣੇ ਗ੍ਰਿਫ਼ਤਾਰ ਕੀਤਾ ਸੀ| ਉਸ ਕੋਲੋਂ ਇਕ ਹੋਰ ਪਿਸਤੌਲ ਵੀ ਮਿਲਿਆ ਸੀ। ਉਸ ਨੂੰ ਕੇਸ ਦਰਜ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੜਤਾਲ ਦੌਰਾਨ ਅੱਜ ਪੁਲੀਸ ਨੇ ਉਸ ਕੋਲੋਂ ਦੋ ਹੋਰ ਪਿਸਤੌਲ ਬਰਾਮਦ ਕੀਤੇ ਹਨ।