ਅੰਮ੍ਰਿਤਸਰ: ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਅਗਾਮੀ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੀ ਸੂਬੇ ਵਿਚ ਸਰਗਰਮ ਹੋ ਗਈ ਹੈ। ਅੱਜ ਇਥੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ਼ਹਿਰ ਦੇ ਪੰਜ ਵਿਧਾਨ ਸਭਾ ਹਲਕਿਆਂ ਹੇਠ ਆਉਂਦੇ ਪਾਰਟੀ ਦੇ ਸੂਬਾਈ ਅਤੇ ਬਲਾਕ ਪੱਧਰ ਦੇ ਆਗੂਆਂ ਨਾਲ ਮੀਟਿੰਗ ਕੀਤੀ ਹੈ। ਭਾਜਪਾ ਵਲੋਂ ਸੂਬੇ ਵਿਚ 117 ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਣ ਦਾ ਐਲਾਨ ਕੀਤਾ ਹੋਇਆ ਹੈ। ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਦੀ ਹਾਜ਼ਰੀ ਵਿਚ ਹੋਈ ਮੀਟਿੰਗ ਦੌਰਾਨ ਅਸ਼ਵਨੀ ਸ਼ਰਮਾ ਨੇ ਦਾਅਵਾ ਕੀਤਾ ਕਿ ਸੂਬੇ ਦਾ ਮਾਹੌਲ ਭਾਜਪਾ ਦੇ ਹੱਕ ਵਿਚ ਹੋ ਗਿਆ ਹੈ। ਉਨ੍ਹਾਂ ਭਾਜਪਾ ਵਰਕਰਾਂ ਨੂੰ ਕਿਹਾ ਕਿ ਉਹ ਸੂਬੇ ਦੀ ਕਾਂਗਰਸ ਸਰਕਾਰ ਦੀਆਂ ਅਸਫਲਤਾਵਾਂ ਲੋਕਾਂ ਨਾਲ ਕੀਤੇ ਵਾਅਦੇ ਜੋ ਪੂਰੇ ਨਹੀਂ ਹੋਏ, ਬਾਰੇ ਘਰ ਘਰ ਪ੍ਰਚਾਰ ਕਰਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ, ਸਾਬਕਾ ਮੰਤਰੀ ਡਾ. ਬਲਦੇਵ ਰਾਜ ਚਾਵਲਾ ਹਾਜ਼ਰ ਸਨ।