Australia Gurudwara Fire Incident: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ; ਉੱਚ ਪੱਧਰੀ ਰਿਪੋਰਟ ਤਲਬ
ਸਿੱਖ ਸੰਗਤ ਨੂੰ ਪੂਰੀ ਤਰ੍ਹਾਂ ਸੁਚੇਤ ਰਹਿਣ ਅਤੇ ਗੁਰੂ ਘਰਾਂ ਅੰਦਰ ਅਜਿਹੀਆਂ ਘਟਨਾਵਾਂ ਨਾ ਵਾਪਰਨ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਲਈ ਆਦੇਸ਼ ਦਿੱਤਾ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਸਟਰੇਲੀਆ ਦੇ ਵਰਜੀਨੀਆ ਵਿਖੇ ਗੁਰਦੁਆਰਾ ਦਸ਼ਮੇਸ਼ ਦਰਬਾਰ ਦੀ ਇਮਾਰਤ ਅੱਗ ਕਾਰਨ ਪੂਰੀ ਤਰ੍ਹਾਂ ਨੁਕਸਾਨੇ ਜਾਣ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਘਟਨਾ ਦੀ ਮੁਕੰਮਲ ਰਿਪੋਰਟ ਭੇਜਣ ਵਾਸਤੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਘੋਖਣਾ ਚਾਹੀਦਾ ਹੈ ਕਿ ਇਸ ਘਟਨਾ ਪਿੱਛੇ ਕੋਈ ਸ਼ਰਾਰਤ ਤਾਂ ਨਹੀਂ।
ਉਨ੍ਹਾਂ ਦੇਸ਼-ਦੁਨੀਆ ਵਿੱਚ ਵੱਸਦੀ ਸਿੱਖ ਸੰਗਤ ਨੂੰ ਪੂਰੀ ਤਰ੍ਹਾਂ ਸੁਚੇਤ ਰਹਿਣ ਅਤੇ ਗੁਰੂ ਘਰਾਂ ਅੰਦਰ ਅਜਿਹੀਆਂ ਘਟਨਾਵਾਂ ਨਾ ਵਾਪਰਨ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਲਈ ਆਦੇਸ਼ ਦਿੱਤਾ। ਉਨ੍ਹਾਂ ਗੁਰੂ ਸਾਹਿਬ ਦੇ ਸਨਮੁਖ ਸਮੂਹ ਸਿੱਖਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਹੈ।
ਵਰਜੀਨੀਆ ਵਿੱਚ ਵਾਪਰੀ ਘਟਨਾ ਦੇ ਸਬੰਧ ਵਿੱਚ ਜਥੇਦਾਰ ਗਿਆਨੀ ਗੜਗੱਜ ਨੇ ਸੈਂਟਰਲ ਸਿੱਖ ਐਸੋਸੀਏਸ਼ਨ ਆਫ਼ ਨਿਊਜ਼ੀਲੈਂਡ ਦੇ ਮੁੱਖ ਸੇਵਾਦਾਰ ਦਲਜੀਤ ਸਿੰਘ, ਆਸਟਰੇਲੀਅਨ ਸਿੱਖ ਕੌਂਸਲ ਤੋਂ ਮਨਦੀਪ ਸਿੰਘ, ਗੁਰਦੁਆਰਾ ਕੌਂਸਲ ਆਫ਼ ਵਿਕਟੋਰੀਆ ਤੋਂ ਰਵੀ ਇੰਦਰ ਸਿੰਘ ਤੇ ਪ੍ਰੀਤਮ ਸਿੰਘ ਅਤੇ ਐਡੀਲੇਡ ਤੋਂ ਗੁਰਿੰਦਰਜੀਤ ਸਿੰਘ ਨੂੰ ਆਦੇਸ਼ ਕੀਤਾ ਹੈ ਕਿ ਉਹ ਆਪਣੇ ਨਾਲ ਸਿੰਘ ਲੈ ਕੇ ਮੌਕੇ ਉੱਤੇ ਜਾ ਕੇ ਜਾਇਜ਼ਾ ਲੈਣਗੇ, ਇਸ ਘਟਨਾ ਅਤੇ ਗੁਰੂ ਘਰ ਵਿੱਚ ਮੌਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਪਾਵਨ ਬੀੜਾਂ ਸਬੰਧੀ ਸਮੁੱਚੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਣਗੇ। ਉਨ੍ਹਾਂ ਕਿਹਾ ਕਿ ਇਹ ਟੀਮ ਆਸਟ੍ਰੇਲੀਆ ਦੇ ਸਥਾਨਕ ਪ੍ਰਸ਼ਾਸਨ ਅਤੇ ਗੁਰਦੁਆਰਾ ਦਸ਼ਮੇਸ਼ ਦਰਬਾਰ ਦੇ ਪ੍ਰਬੰਧਕਾਂ ਨਾਲ ਤਾਲਮੇਲ ਕਰਕੇ ਘਟਨਾ ਦੀ ਸਮੁੱਚੀ ਜਾਣਕਾਰੀ ਹਾਸਲ ਕਰੇਗੀ।
ਉਨ੍ਹਾਂ ਗੁਰਦੁਆਰਾ ਦਸ਼ਮੇਸ਼ ਦਰਬਾਰ ਵਰਜੀਨੀਆ ਦੀ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਕੀਤਾ ਕਿ ਉਹ ਆਪ ਵੀ ਇਸ ਘਟਨਾ ਦੀ ਸਮੁੱਚੀ ਜਾਣਕਾਰੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ।
ਜਥੇਦਾਰ ਨੇ ਕਿਹਾ ਕਿ ਅੱਜ ਸਿੱਖ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਵੱਸਦੇ ਹਨ ਅਤੇ ਜਿੱਥੇ ਵੀ ਸਿੱਖ ਵੱਸੇ ਹਨ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਾਲ ਲੈ ਕੇ ਗਏ ਹਨ ਅਤੇ ਉਨ੍ਹਾਂ ਨੇ ਮਿਹਨਤ ਨਾਲ ਸੁੰਦਰ ਗੁਰਦੁਆਰਾ ਸਾਹਿਬਾਨ ਵੀ ਸਥਾਪਤ ਕੀਤੇ ਹਨ। ਉਨ੍ਹਾਂ ਵਰਜੀਨੀਆ, ਆਸਟਰੇਲੀਆ ਦੀ ਸਿੱਖ ਸੰਗਤ ਨੂੰ ਹੌਂਸਲੇ, ਸਹਿਜ ਅਤੇ ਚੜ੍ਹਦੀ ਕਲਾ ਵਿੱਚ ਰਹਿਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਆਖਿਆ ਕਿ ਇਸ ਘਟਨਾ ਪਿੱਛੇ ਕਾਰਨ ਪਾਰਦਰਸ਼ਤਾ ਨਾਲ ਪਛਾਣੇ ਜਾਣ ਤੇ ਉਸ ਤੋਂ ਸਿੱਖਿਆ ਲੈ ਕੇ ਦੁਬਾਰਾ ਗੁਰੂ ਘਰ ਸਥਾਪਤ ਕਰਨ ਲਈ ਯਤਨ ਕੀਤੇ ਜਾਣ।
ਮਿਲੀ ਜਾਣਕਾਰੀ ਮੁਤਾਬਕ ਐਤਵਾਰ ਰਾਤ ਵਾਪਰੇ ਇੱਕ ਹਾਦਸੇ ’ਚ ਗੁਰਦੁਆਰਾ ਸਾਹਿਬ ਦਸ਼ਮੇਸ਼ ਦਰਬਾਰ ਦੀ ਇਮਾਰਤ ਭਿਆਨਕ ਅੱਗ ਲੱਗਣ ਕਾਰਨ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। ਇਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਵੀ ਨੁਕਸਾਨ ਹੋਣ ਦਾ ਖ਼ਦਸ਼ਾ ਹੈ।

