ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 17 ਜੁਲਾਈ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਬਹਿਰਾਮਪੁਰ ’ਚ ਗੁਰੂ ਗ੍ਰੰਥ ਸਾਹਿਬ ’ਚ ਵਾਪਰੀ ਬੇਅਦਬੀ ਦੀ ਘਟਨਾ ਸਬੰਧੀ ਜਾਂਚ ਕਰਨ ਲਈ ਪ੍ਰਚਾਰਕਾਂ ਦੀ ਇੱਕ ਟੀਮ ਭੇਜੀ ਹੈ। ਇਸ ਘਟਨਾ ਦੀ ਨਿਖੇਧੀ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਸਰਵਉੱਚ ਹੈ, ਜਿਸ ਦੀ ਬੇਅਦਬੀ ਦੀਆਂ ਘਟਨਾਵਾਂ ਸਿੱਖ ਮਾਨਸਿਕਤਾ ਨੂੰ ਦੁਖੀ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਘਟਨਾ ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਬਹਿਰਾਮਪੁਰ (ਗੁਰਦਾਸਪੁਰ) ਵਿੱਚ ਵਾਪਰੀ ਹੈ, ਜਿੱਥੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਅੰਗਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਘਟਨਾ ਬਾਰੇ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਚਾਰਕਾਂ ਦੀ ਇਕ ਟੀਮ ਨੂੰ ਮੌਕੇ ’ਤੇ ਭੇਜਿਆ ਗਿਆ ਹੈ ਤਾਂ ਜੋ ਘਟਨਾ ਦੀ ਪੂਰੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਈ ਥਾਵਾਂਂ ’ਤੇ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਹਨ, ਪਰ ਸਰਕਾਰ ਵੱਲੋਂ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਕੀਤੀ ਗਈ ਹੈ।