Balwant Singh Rajoana ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ
'ਫ਼ਾਂਸੀ ਦੀ ਸਜ਼ਾ ਮੁਆਫ਼ੀ ਦੀ ਅਪੀਲ ਵਾਪਸ ਲਈ ਜਾਵੇ ਜਾਂ ਭਾਜਪਾ ਦੇ ਸਿੱਖ ਆਗੂਆਂ ਨੂੰ ਤਲਬ ਕੀਤਾ ਜਾਵੇ'
ਫ਼ਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਫ਼ਾਂਸੀ ਦੀ ਸਜ਼ਾ ਸਬੰਧੀ ਰਹਿਮ ਦੀ ਅਪੀਲ ਵਾਪਸ ਲਈ ਜਾਵੇ ਜਾਂ ਫ਼ਿਰ ਇਸ ਮਾਮਲੇ ਵਿੱਚ ਕੋਈ ਫ਼ੈਸਲਾ ਨਾ ਕਰਨ ਵਾਲੀ ਭਾਜਪਾ ਸਰਕਾਰ ਦੇ ਸਿੱਖ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਲਬ ਕਰਕੇ ਹੋ ਰਹੀ ਦੇਰੀ ਬਾਰੇ ਜਵਾਬ ਮੰਗਿਆ ਜਾਵੇ।
ਇਸ ਸਬੰਧ ਵਿੱਚ ਉਨ੍ਹਾਂ ਵੱਲੋਂ ਤਿੰਨ ਸਫ਼ਿਆਂ ਦਾ ਇੱਕ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਭੇਜਿਆ ਗਿਆ ਹੈ। ਇਹ ਪੱਤਰ ਪਟਿਆਲਾ ਜੇਲ੍ਹ ਵਿੱਚੋਂ 20 ਜੁਲਾਈ ਨੂੰ ਲਿਖਿਆ ਗਿਆ ਹੈ। ਤਿੰਨ ਸਫ਼ਿਆਂ ਦੇ ਆਪਣੇ ਇਸ ਪੱਤਰ ਵਿੱਚ ਰਾਜੋਆਣਾ ਨੇ ਦੱਸਿਆ ਕਿ ਉਸ ਨੂੰ ਜੇਲ੍ਹ ਵਿੱਚ ਲਗਪਗ 31 ਸਾਲ ਹੋ ਚੁੱਕੇ ਹਨ ਅਤੇ ਫ਼ਾਂਸੀ ਵਾਲੀ ਚੱਕੀ ਵਿੱਚ ਰਹਿੰਦਿਆਂ ਕਰੀਬ 19 ਸਾਲ ਬੀਤ ਗਏ ਹਨ ਅਤੇ 31 ਜੁਲਾਈ ਨੂੰ 20ਵਾਂ ਸਾਲ ਸ਼ੁਰੂ ਹੋ ਜਾਵੇਗਾ।
ਰਾਜੋਆਣਾ ਨੇ ਕਿਹਾ ਕਿ ਉਸ ਨੇ ਆਪਣੀ ਫ਼ਾਂਸੀ ਦੀ ਸਜ਼ਾ ਮੁਆਫ਼ੀ ਬਾਰੇ ਕਦੇ ਵੀ ਸ਼੍ਰੋਮਣੀ ਕਮੇਟੀ, ਸ੍ਰੀ ਅਕਾਲ ਤਖ਼ਤ ਸਾਹਿਬ, ਸਰਕਾਰ ਜਾਂ ਰਾਸ਼ਟਰਪਤੀ ਕੋਲ ਕਿਸੇ ਤਰ੍ਹਾਂ ਦੀ ਕੋਈ ਅਪੀਲ ਨਹੀਂ ਕੀਤੀ। ਹਾਲਾਂਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਰਾਸ਼ਟਰਪਤੀ ਨੂੰ ਕੀਤੀ ਗਈ ਅਪੀਲ ਨੂੰ ਕਈ ਸਾਲ ਹੋ ਚੁੱਕੇ ਹਨ, ਪਰ ਅਜੇ ਤੱਕ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਕੋਈ ਫ਼ੈਸਲਾ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਵਿੱਚ ਵੀ ਇਸ ਮਾਮਲੇ ਨੂੰ ਲੈ ਕੇ 41 ਤਰੀਕਾਂ ਪੈ ਚੁੱਕੀਆਂ ਹਨ, ਪਰ ਅਦਾਲਤ ਵੱਲੋਂ ਵੀ ਹੁਣ ਤੱਕ ਕੋਈ ਠੋਸ ਫ਼ੈਸਲਾ ਨਹੀਂ ਸੁਣਾਇਆ ਗਿਆ।
ਉਨ੍ਹਾਂ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧ ਵਿੱਚ ਪਹਿਲਾਂ ਵੀ ਬੇਨਤੀ ਕਰ ਚੁੱਕੇ ਹਨ ਕਿ ਉਨ੍ਹਾਂ ਦੀ ਫ਼ਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਅਪੀਲ ਵਾਪਸ ਲਈ ਜਾਵੇ, ਪਰ ਹੁਣ ਤੱਕ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੀ ਕੋਈ ਫ਼ੈਸਲਾ ਨਹੀਂ ਕੀਤਾ ਗਿਆ ਹੈ।

