ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 24 ਮਈ
ਸੁਰੱਖਿਆ ਦੇ ਮੱਦੇਨਜ਼ਰ ਸਰਹੱਦੀ ਖੇਤਰ ਵਿੱਚ ਪ੍ਰਾਈਵੇਟ ਡਰੋਨ ਅਤੇ ਕੁਆਡਕਾਪਟਰ ਦੇ ਉਡਾਣ ਭਰਨ ’ਤੇ ਪਾਬੰਦੀ ਲਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144-ਸੀਆਰਪੀਸੀ ਅਧੀਨ ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਅਧੀਨ ਆਉਂਦੇ ਅੰਤਰਰਾਸ਼ਟਰੀ ਬਾਰਡਰ ਦੇ 25 ਕਿਲੋਮੀਟਰ ਦੇ ਘੇਰੇ ਤੋਂ ਇਲਾਵਾ ਮਿਲਟਰੀ, ਏਅਰ ਫੋਰਸ ਸਟੇਸ਼ਨ/ਬੀ.ਐੱਸ.ਐੱਫ. ਜਾਂ ਹੋਰ ਸੁਰੱਖਿਆ ਏਜੰਸੀਆਂ ਦੇ ਦਫਤਰਾਂ ਦੇ ਤਿੰੜ ਕਿਲੋਮੀਟਰ ਦੇ ਘੇਰੇ ਅੰਦਰ ਆਮ ਲੋਕਾਂ ਵਲੋਂ ਪ੍ਰਾਈਵੇਟ ਡਰੋਨ ਤੇ ਕੁਆਡਕਾਪਟਰ ਦੇ ਉਡਾਣ ਭਰਣ ’ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਖ਼ੁਫੀਆ ਸੂਚਨਾਵਾਂ ਮੁਤਾਬਿਕ ਸਰਹੱਦ ਪਾਰ ਤੋਂ ਡਰੋਨ ਰਾਹੀਂ ਅਸਲਾ ਆਦਿ ਦੀ ਖੇਪ ਭਾਰਤ ਵਿੱਚ ਭੇਜਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਡਰੋਨ ਹਮਲੇ ਰਾਹੀਂ ਕਿਸੇ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ ਜਿਸ ਕਰਕੇ ਇਹ ਪਾਬੰਦੀ 10 ਅਗਸਤ ਤਕ ਲਗਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਦਿਹਾਤੀ ਖੇਤਰ ਵਿੱਚ ਚੱਲ ਰਹੇ ਮੈਰਿਜ ਪੈਲੇਸਾਂ ਵਿੱਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜੋ 14 ਅਗਸਤ ਤਕ ਜਾਰੀ ਰਹਿਣਗੇ।