DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Bandi Singh Release: ਸ਼੍ਰੋਮਣੀ ਕਮੇਟੀ ਵੱਲੋਂ 500 ਤੋਂ ਵੱਧ ਗੁਰਦੁਆਰਿਆਂ ਤੇ 100 ਵਿਦਿਅਕ ਅਦਾਰਿਆਂ ’ਚ ਕਰਵਾਈ ਗਈ ਅਰਦਾਸ

ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

  • fb
  • twitter
  • whatsapp
  • whatsapp
featured-img featured-img
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ, ਫੋਟੋ: ਜਗਤਾਰ ਸਿੰਘ ਲਾਂਬਾ
Advertisement

ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਲਗਭਗ 500 ਤੋਂ ਵੱਧ ਗੁਰਦੁਆਰਿਆਂ ਅਤੇ 100 ਤੋਂ ਵੱਧ ਵਿਦਿਅਕ ਅਦਾਰਿਆਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਸਬੰਧ ਵਿੱਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਗੁਰਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।

ਇਸ ਸਬੰਧ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਅਤੇ ਗਿਆਨੀ ਰਾਜਦੀਪ ਸਿੰਘ ਨੇ ਕਥਾ ਵਿਚਾਰ/ਵਿਖਿਆਨ ਕੀਤਾ ਅਤੇ ਸੰਗਤਾਂ ਨੂੰ ਅੱਜ ਦੇ ਅਰਦਾਸ ਸਮਾਗਮ ਦੇ ਮੰਤਵ ਬਾਰੇ ਜਾਣੂ ਕਰਵਾਇਆ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਬੰਦੀ ਸਿੰਘ ਪਿਛਲੇ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਹਨ। ਉਹ ਕਾਨੂੰਨ ਵੱਲੋਂ ਦਿੱਤੀਆਂ ਗਈਆਂ ਨਿਰਧਾਰਿਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਜੇਲ੍ਹਾਂ ਵਿੱਚੋਂ ਰਿਹਾਅ ਨਹੀਂ ਕੀਤਾ ਜਾ ਰਿਹਾ, ਜੋ ਕਿ ਮਨੁੱਖੀ ਅਧਿਕਾਰਾਂ ਦਾ ਵੱਡਾ ਘਾਣ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਨੂੰ ਲੈ ਕੇ ਲਗਾਤਾਰ ਯਤਨਸ਼ੀਲ ਹੈ। ਹੁਣ ਗੁਰੂ ਚਰਨਾਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਅੱਜ ਸਮੁੱਚੇ ਤੌਰ ’ਤੇ ਦੇਸ਼-ਵਿਦੇਸ਼ ਵਿੱਚ ਅਰਦਾਸ ਕੀਤੀ ਗਈ ਹੈ।

Advertisement

Advertisement

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੇ ਸੈਕਸ਼ਨ 85 ਅਤੇ ਸੈਕਸ਼ਨ 87 ਹੇਠ ਆਉਂਦੇ ਲਗਭਗ 500 ਤੋਂ ਵੱਧ ਗੁਰਦੁਆਰਿਆਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ ਅਤੇ ਬੰਦੀ ਸਿੱਖਾਂ ਦੀ ਬੰਦ-ਖਲਾਸੀ ਵਾਸਤੇ ਅਰਦਾਸ ਕੀਤੀ ਗਈ ਹੈ। ਇਸੇ ਤਰ੍ਹਾਂ ਸਿੱਖ ਸੰਸਥਾ ਦੇ ਪ੍ਰਬੰਧ ਹੇਠ ਚੱਲ ਰਹੇ ਲਗਭਗ 100 ਤੋਂ ਵੱਧ ਵਿਦਿਅਕ ਅਦਾਰੇ, ਜਿਨ੍ਹਾਂ ਵਿੱਚ ਸਕੂਲ, ਕਾਲਜ, ਤਕਨੀਕੀ ਕਾਲਜ, ਮੈਡੀਕਲ ਕਾਲਜ ਅਤੇ ਯੂਨੀਵਰਸਿਟੀਆਂ ਸ਼ਾਮਲ ਹਨ, ਵਿਖੇ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਹਨ ਅਤੇ ਬੰਦੀ ਸਿੱਖਾਂ ਦੀ ਰਿਹਾਈ ਵਾਸਤੇ ਅਰਦਾਸ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਭਾਰਤ ਤੋਂ ਇਲਾਵਾ ਵੱਖ-ਵੱਖ ਮੁਲਕਾਂ ਵਿੱਚ ਵਸਦੇ ਸਿੱਖਾਂ ਵੱਲੋਂ ਵੀ ਗੁਰੂ-ਘਰਾਂ ਵਿੱਚ ਬੰਦੀ ਸਿੱਖਾਂ ਲਈ ਅਰਦਾਸ ਕੀਤੀ ਗਈ ਹੈ।-ਜਗਤਾਰ ਸਿੰਘ ਲਾਂਬਾ

ਉੱਧਰ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਭਾਈ ਨੰਦ ਲਾਲ ਪਬਲਿਕ ਸਕੂਲ, ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ, ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਮੂਹ ਸਟਾਫ਼ ਨੇ ਸ਼ਰਧਾ ਸਹਿਤ ਸ਼ਮੂਲੀਅਤ ਕੀਤੀ। ਪਾਠ ਦੀ ਸਮਾਪਤੀ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ, ਪੰਥਕ ਏਕਤਾ, ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਹੁਕਮਨਾਮਾ ਲਿਆ ਗਿਆ।-ਬੀ ਐੱਸ ਚਾਨਾ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ, ਫੋਟੋ: ਚਾਨਾ
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ, ਫੋਟੋ: ਚਾਨਾ
Advertisement
×