ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 3 ਸਤੰਬਰ
ਪੰਜਾਬ ਫੈਡਰੇਸ਼ਨ ਆਫ ਯੂਨੀਵਰਸਿਟੀ ਅਤੇ ਕਾਲਜ ਟੀਚਰ ਆਰਗੇਨਾਈਜ਼ੇਸ਼ਨ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ 5 ਸਤੰਬਰ ਨੂੰ ਬਰਨਾਲਾ ਵਿੱਚ ਕੀਤੇ ਜਾਣ ਵਾਲਾ ਪ੍ਰਸਤਾਵਿਤ ਰੋਸ ਵਿਖਾਵਾ ਫਿਲਹਾਲ ਰੱਦ ਕਰ ਦਿੱਤਾ ਗਿਆ ਹੈ। ਜਥੇਬੰਦੀ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਮੰਗਾਂ ਦਾ ਮਾਮਲਾ 31 ਅਗਸਤ ਨੂੰ ਵਿੱਤ ਮੰਤਰੀ ਅਤੇ ਉਚੇਰੀ ਸਿੱਖਿਆ ਮੰਤਰੀ ਵੱਲੋਂ ਵਿਚਾਰਿਆ ਗਿਆ ਸੀ। ਮੀਟਿੰਗ ਵਿੱਚ ਜਥੇਬੰਦੀ ਦੇ ਨੁਮਾਇੰਦੇ ਤੇ ਸਰਕਾਰੀ ਅਧਿਕਾਰੀ ਵੀ ਸ਼ਾਮਲ ਸਨ ਜਿਸ ਵਿੱਚ ਅਧਿਆਪਕਾਂ ਦੀਆਂ ਲਟਕਦੀਆਂ ਮੰਗਾਂ ਨੂੰ ਮੰਨਣ ਦੇ ਹੱਕ ਵਿੱਚ ਹੁੰਗਾਰਾ ਦਿੱਤਾ ਗਿਆ ਸੀ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਅਧਿਆਪਕ ਦਿਵਸ ਮੌਕੇ ਇਨ੍ਹਾਂ ਮੰਗਾਂ ਨੂੰ ਪੂਰਾ ਕਰ ਕੇ ਤੋਹਫ਼ਾ ਦਿੱਤਾ ਜਾਵੇ।