ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 11 ਅਕਤੂਬਰ
ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ’ਚ ਵਿਰੋਧੀ ਧਿਰ ਦੇ ਮੈਂਬਰ ਵਜੋਂ ਸ਼ਾਮਲ ਭਾਈ ਗੁਰਪ੍ਰੀਤ ਸਿੰਘ ਰੰਧਾਵੇ ਵਾਲਿਆਂ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਦੇ ਕੇ ਮਾਮਲੇ ਵਿਚਾਰਨ ਲਈ ਆਖਿਆ ਹੈ। ਇਸ ਪੱਤਰ ਵਿਚ ਉਨ੍ਹਾਂ ਮੰਗ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦੀ ਭਰਤੀ ,ਪੱਕੇ ਕਰਨ ਤੇ ਤਨਖਾਹ ਚ ਵਾਧੇ ਕਰਨ ਦੀ ਨੀਤੀ ਨੂੰ ਸਹੀ ਕੀਤਾ ਜਾਵੇ। ਗੁਰੂ ਗ੍ਰੰਥ ਸਾਹਿਬ ਦੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਪੜਤਾਲ ਦਾ ਦਾਇਰਾ ਹੋਰ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਉਸ ਵੇਲੇ ਇਹ ਜਾਂਚ ਸਿਰਫ਼ ਸੰਨ 2015 ਤੱਕ ਹੋਈ ਸੀ ਤੇ ਇਸ ਜਾਂਚ ਨੂੰ ਹੋਰ ਅਗਾਂਹ ਵਧਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ।