ਬੀਮਾਰ ਮਾਂ ਨੂੰ ਮਿਲਣ ਲਈ ਭਾਈ ਹਵਾਰਾ ਨੂੰ ਪੈਰੋਲ ਦਿੱਤੀ ਜਾਵੇ: ਧਾਮੀ
ਐਡਵੋਕੇਟ ਧਾਮੀ ਨੇ ਭਾਈ ਜਗਤਾਰ ਸਿੰਘ ਹਵਾਰਾ ਦੀ ਬੀਮਾਰ ਮਾਤਾ ਦਾ ਹਾਲ ਜਾਣਿਆ; ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸੰਗਤ ਨੂੰ ਇਕਜੁੱਟ ਹੋਣ ਦੀ ਅਪੀਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੇਲ੍ਹ ਵਿਚ ਲੰਮੇ ਅਰਸੇ ਤੋਂ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਬੀਮਾਰ ਮਾਤਾ ਦਾ ਉਨ੍ਹਾਂ ਦੇ ਘਰ ਪੁੱਜ ਕੇ ਹਾਲ ਜਾਣਿਆ। ਐਡਵੋਕੇਟ ਧਾਮੀ ਨੇ ਉਨ੍ਹਾਂ ਦੀ ਸਿਹਤ ਬਾਰੇ ਚਿੰਤਾ ਪ੍ਰਗਟ ਕਰਦਿਆਂ ਗੁਰੂ ਸਾਹਿਬ ਅੱਗੇ ਉਨ੍ਹਾਂ ਦੀ ਤੰਦਰੁਸਤੀ ਅਤੇ ਸਿਹਤਮੰਦ ਹੋਣ ਲਈ ਅਰਦਾਸ ਕੀਤੀ।
ਇਸ ਤੋਂ ਪਹਿਲਾਂ ਬੀਤੀ ਸ਼ਾਮ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਭਾਈ ਹਵਾਰਾ ਦੀ ਮਾਤਾ ਦਾ ਹਾਲ ਜਾਨਣ ਲਈ ਉਨ੍ਹਾਂ ਦੇ ਘਰ ਗਏ ਸਨ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਹਵਾਰਾ ਸਿੱਖ ਕੌਮ ਦੇ ਯੋਧੇ ਹਨ, ਪਰ ਅਫਸੋਸ ਹੈ ਕਿ ਸਰਕਾਰਾਂ ਵੱਲੋਂ ਭਾਈ ਹਵਾਰਾ ਸਮੇਤ ਹੋਰ ਬੰਦੀ ਸਿੰਘਾਂ ਨਾਲ ਇਨਸਾਫੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਕਾਨੂੰਨੀ ਹੱਕਾਂ ਤੱਕ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਵੀ ਭਾਈ ਹਵਾਰਾ ਨੂੰ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ।
ਬੰਦੀ ਸਿੰਘਾਂ ਨਾਲ ਬੇਇਨਸਾਫੀ ਸਪਸ਼ਟ ਤੌਰ ’ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਭਾਈ ਹਵਾਰਾ ਨੂੰ ਤੁਰੰਤ ਪੈਰੋਲ ਦਿੱਤੀ ਜਾਵੇ ਤਾਂ ਜੋ ਉਹ ਆਪਣੀ ਬੀਮਾਰ ਮਾਤਾ ਨਾਲ ਮਿਲ ਸਕਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਬੰਦੀਆਂ ਦੀ ਰਿਹਾਈ ਲਈ ਅਵਾਜ਼ ਉਠਾਉਂਦੀ ਰਹੇਗੀ। ਉਨ੍ਹਾਂ ਸਿੱਖ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਇਕਜੁੱਟ ਹੋ ਕੇ ਆਪਣੇ ਯਤਨ ਜਾਰੀ ਰੱਖਣ। ਇਸ ਮੌਕੇ ਕਈ ਪੰਥਕ ਸ਼ਖ਼ਸੀਅਤਾਂ ਵੀ ਮੌਜੂਦ ਸਨ ਜਿਨ੍ਹਾਂ ਨੇ ਪਰਿਵਾਰ ਨਾਲ ਹਮਦਰਦੀ ਜਤਾਈ ਅਤੇ ਬੀਮਾਰ ਮਾਤਾ ਜੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।