Bhikhiwind Election Clash: ਕਾਂਗਰਸੀ ਉਮੀਦਵਾਰ ਦੀ ਕੁੱਟਮਾਰ
ਸਾਬਕਾ ਵਿਧਾਇਕ ਸੁਖਪਾਲ ਭੁੱਲਰ ਨੇ ‘ਆਪ’ ਸਰਕਾਰ ਤੇ ਪ੍ਰਸ਼ਾਸਨ ’ਤੇ ਨਿਸ਼ਾਨੇ ਸੇਧੇ
ਭਿੱਖੀਵਿੰਡ ਵਿੱਚ ਨਗਰ ਪੰਚਾਇਤ ਚੋਣਾਂ ਦੌਰਾਨ ਵਾਰਡ ਨੰਬਰ 13 ਵਿੱਚ ਮਾਹੌਲ ਉਸ ਵੇਲੇ ਤਣਾਅਪੂਰਨ ਬਣ ਗਿਆ ਜਦੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕ੍ਰਿਸ਼ਨ ਪਾਲ ਜੱਜ ਨਾਲ ਕੁੱਟਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ। ਘਟਨਾ ਤੋਂ ਬਾਅਦ ਮੌਕੇ ’ਤੇ ਦੋਵਾਂ ਧਿਰਾਂ ਵਿਚਾਲੇ ਹੰਗਾਮਾ ਹੋ ਗਿਆ ਅਤੇ ਇਲਾਕੇ ਵਿੱਚ ਕਾਫੀ ਸਮੇਂ ਤੱਕ ਤਣਾਅ ਬਣਿਆ ਰਿਹਾ।
ਕਾਂਗਰਸ ਪਾਰਟੀ ਦੇ ਉਮੀਦਵਾਰ ਕ੍ਰਿਸ਼ਨ ਪਾਲ ਜੱਜ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨਾਲ ਸਬੰਧਤ ਕੁੱਝ ਵਿਅਕਤੀਆਂ ਵੱਲੋਂ ਬਾਹਰੋਂ ਨੌਜਵਾਨਾਂ ਨੂੰ ਲਿਆ ਕੇ ਬੂਥ ਕੈਪਚਰਿੰਗ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਤਾਂ ਉਨ੍ਹਾਂ ਨਾਲ ਧੱਕਾ ਮੁੱਕੀ ਅਤੇ ਕੁੱਟਮਾਰ ਕੀਤੀ ਗਈ।
ਉੱਥੇ ਹੀ ਇਸ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵੀ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਸੂਬਾ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਦੋਸ਼ ਲਗਾਇਆ ਕਿ ਸਰਕਾਰ ਦੇ ਇਸ਼ਾਰਿਆਂ ’ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਵਰਕਰਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਪੁਲੀਸ ਪ੍ਰਸ਼ਾਸਨ ਨੂੰ ਵੀ ਘੇਰਦਿਆਂ ਕਿਹਾ ਕਿ ਪ੍ਰਸ਼ਾਸਨ ਦੀ ਮੌਜੂਦਗੀ ਵਿੱਚ ਹੀ ਉਮੀਦਵਾਰਾਂ ਅਤੇ ਵਰਕਰਾਂ ਨਾਲ ਦੁਰਵਿਹਾਰ ਕੀਤਾ ਗਿਆ, ਜੋ ਲੋਕਤੰਤਰ ਲਈ ਚਿੰਤਾਜਨਕ ਗੱਲ ਹੈ। ਕ੍ਰਿਸ਼ਨ ਪਾਲ ਜੱਜ ਨੇ ਇਹ ਵੀ ਦੋਸ਼ ਲਗਾਇਆ ਕਿ ਮੌਕੇ ’ਤੇ ਮੌਜੂਦ ਪੁਲੀਸ ਪ੍ਰਸ਼ਾਸਨ ਨੇ ਸਮੇਂ ਸਿਰ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਪੁਲੀਸ ਦੀ ਮਿਲੀਭੁਗਤ ਕਾਰਨ ਹੀ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ।
ਘਟਨਾ ਤੋਂ ਬਾਅਦ ਪੁਲੀਸ ਵੱਲੋਂ ਦੋਵਾਂ ਧਿਰਾਂ ਨੂੰ ਮੌਕੇ ਤੋਂ ਹਟਾਇਆ ਗਿਆ ਅਤੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ।

