Bhikhiwind Firing Incident: ਭਿੱਖੀਵਿੰਡ ਵਿਚ ਟਿੰਕੂ ਮੋਬਾਈਲ ਵਰਲਡ ਦੀ ਦੁਕਾਨ ’ਤੇ ਗੋਲੀ ਚੱਲੀ
ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਦਿੱਤਾ ਘਟਨਾ ਨੂੰ ਅੰਜਾਮ; ਪੁਲੀਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਜਾਂਚ
Bhikhiwind Firing Incident: ਕਸਬਾ ਭਿੱਖੀਵਿੰਡ ਵਿੱਚ ਫਿਰੌਤੀ ਦੇ ਮਾਮਲਿਆਂ ਨੂੰ ਲੈ ਕੇ ਵਪਾਰੀਆਂ ਅਤੇ ਦੁਕਾਨਦਾਰਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਸੇ ਦੌਰਾਨ ਅੱਜ ਦੁਪਹਿਰ ਅੰਮ੍ਰਿਤਸਰ ਰੋਡ ’ਤੇ ਪੂਹਲਾ ਗੇਟ ਦੇ ਅੰਦਰ ਸਥਿਤ ਟਿੰਕੂ ਮੋਬਾਈਲ ਵਰਲਡ ਦੀ ਦੁਕਾਨ ’ਤੇ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ।
ਇਹ ਗੋਲੀ ਦੁਕਾਨ ਦੇ ਸ਼ੀਸ਼ੇ ’ਤੇ ਲੱਗੀ ਅਤੇ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਤੋਂ ਬਾਅਦ ਇਲਾਕੇ ਦੇ ਦੁਕਾਨਦਾਰਾਂ ਅਤੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਦਿਨ-ਦਿਹਾੜੇ ਵਾਪਰੀ ਇਸ ਘਟਨਾ ਨੇ ਕਸਬੇ ਵਿੱਚ ਦੁਕਾਨਦਾਰਾਂ ਅਤੇ ਵਪਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਮੁੱਢਲੀ ਜਾਣਕਾਰੀ ਅਨੁਸਾਰ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰ ਦੁਕਾਨ ਦੇ ਬਾਹਰ ਪੁੱਜੇ ਅਤੇ ਗੋਲੀ ਚਲਾ ਕੇ ਫ਼ਰਾਰ ਹੋ ਗਏ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਭਿੱਖੀਵਿੰਡ ਦੇ ਮੁਖੀ ਹਰਪ੍ਰੀਤ ਸਿੰਘ ਵਿਰਕ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ।
ਪੁਲੀਸ ਵੱਲੋਂ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ, ਤਾਂ ਜੋ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਿਆ ਜਾ ਸਕੇ।
ਥਾਣਾ ਮੁਖੀ ਨੇ ਦੱਸਿਆ ਕਿ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਕਾਬੂ ਕਰਨ ਲਈ ਯਤਨ ਕੀਤੇ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਫਿਰੌਤੀ ਲਈ ਧਮਕੀਆਂ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਕਾਰਨ ਕਸਬੇ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਵਿੱਚ ਚਿੰਤਾ ਵਧ ਰਹੀ ਹੈ। ਅਜਿਹੀਆਂ ਘਟਨਾਵਾਂ ਨੂੰ ਰੋਕਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਲਈ ਪੁਲੀਸ ਦੀ ਕਾਰਵਾਈ ਅਹਿਮ ਮੰਨੀ ਜਾ ਰਹੀ ਹੈ।
ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਪੁਲੀਸ ਮੁਖੀ ਹਰਪ੍ਰੀਤ ਸਿੰਘ ਵਿਰਕ ਅਤੇ ਅਧਿਕਾਰੀ ।

