ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 2 ਦਸੰਬਰ
ਸ਼੍ਰੋਮਣੀ ਕਮੇਟੀ ਦੀ ਨਵ-ਨਿਯੁਕਤ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਪਣੀ ਨਿਯੁਕਤੀ ਤੋਂ ਬਾਅਦ ਅੱਜ ਕਮੇਟੀ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ। ਉਨ੍ਹਾਂ ਆਖਿਆ ਕਿ ਸੰਸਥਾ ਦੇ ਕੰਮ ਨੂੰ ਚੁਸਤ-ਦਰੁਸਤ ਕੀਤਾ ਜਾਵੇਗਾ ਅਤੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੇ ਕੰਮ ਪ੍ਰਤੀ ਜਵਾਬਦੇਹ ਬਣਾਇਆ ਜਾਵੇਗਾ। ਅੱਜ ਦਫ਼ਤਰ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਮਗਰੋਂ ਮੀਟਿੰਗ ਕੀਤੀ ਗਈ। ਇਸ ਤੋਂ ਪਹਿਲਾਂ ਉਨ੍ਹਾਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਨੂੰ ਜਥੇਦਾਰ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਆ ਗਿਆ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਵਿੱਚ ਕੰਮ ਸੱਭਿਆਚਾਰ ਨੂੰ ਹੋਰ ਪ੍ਰੱਪਕ ਕਰਨ ਵਾਸਤੇ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਸ਼ੁਰੂ ਕਰਨ ਦੀ ਯੋਜਨਾ ਹੈ। ਨਾਨਕਸ਼ਾਹੀ ਕੈਲੰਡਰ ਦੇ ਮੌਜੂਦਾ ਵਿਵਾਦ ਬਾਰੇ ਉਨ੍ਹਾਂ ਆਖਿਆ ਕਿਸਮੁੱਚੀ ਕੌਮ ਨੂੰ ਇਕਮਤ ਕਰਨ ਦੀ ਲੋੜ ਹੈ, ਜਿਸ ਤੋਂ ਬਾਅਦ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ। ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਨਾਮਜ਼ਦ ਕੀਤੇ ਨਵੇਂ ਆਨਰੇਰੀ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣਾ ਅਹੁਦਾ ਸੰਭਾਲਿਆ।