ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 2 ਜੁਲਾਈ
ਕੇਂਦਰ ਦੇ ਤਿੰਨ ਆਰਡੀਨੈਂਸਾਂ ਦੇ ਵਿਰੋਧ ਦੌਰਾਨ ਭਾਜਪਾ ਨੇ ਇਨ੍ਹਾਂ ਆਰਡੀਨੈਂਸਾਂ ਦੇ ਹੱਕ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਵਿੱਢੀ ਹੈ ਜਿਸ ਤਹਿਤ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਅੱਜ ਇਥੇ ਆਖਿਆ ਕਿ ਇਨ੍ਹਾਂ ਆਰਡੀਨੈਂਸਾਂ ਖਿਲਾਫ ਸਿਆਸੀ ਪਾਰਟੀਆਂ ਵਲੋਂ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਜਦਕਿ ਮੋਦੀ ਸਰਕਾਰ ਕਿਸਾਨ ਹਿਤੈਸ਼ੀ ਹੈ।
ਇਥੇ ਭਾਜਪਾ ਆਗੂਆਂ ਨਾਲ ਮੀਟਿੰਗ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਕਾਲੀਆ ਨੇ ਦਾਅਵਾ ਕੀਤਾ ਕਿ ਇਨ੍ਹਾਂ ਆਰਡੀਨੈਂਸਾਂ ਨਾਲ ਕਿਸਾਨਾਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ ਸਗੋਂ ਉਨ੍ਹਾਂ ਨੂੰ ਉਪਜ ਦਾ ਸਹੀ ਮੁੱਲ ਮਿਲੇਗਾ ਜਿਸ ਨਾਲ ਉਨ੍ਹਾਂ ਦੀ ਆਮਦਨੀ ਵਧੇਗੀ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਤੇ ਹੋਰ ਸਿਆਸੀ ਪਾਰਟੀਆਂ ਇਸ ਬਾਰੇ ਗੁਮਰਾਹਕੁਨ ਪ੍ਰਚਾਰ ਕਰ ਰਹੀਆਂ ਹਨ ਜਦਕਿ ਇਸ ਨਾਲ ਫਸਲਾਂ ਦੇ ਘੱਟੋ ਘੱਟ ਸਮਰਥਨ ਮੁਲ ਨੂੰ ਤੈਅ ਕਰਨ ਵਿਚ ਕੋਈ ਤਬਦੀਲੀ ਨਹੀਂ ਹੋਵੇਗੀ।
ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਤੋਂ ਪਹਿਲਾਂ ਕਾਂਗਰਸ ਦੀ ਸਰਕਾਰ ਦਸ ਸਾਲ ਸੱਤਾ ਵਿਚ ਰਹੀ ਹੈ ਪਰ ਉਨ੍ਹਾਂ ਨੇ ਇਨ੍ਹਾਂ ਸਿਫਾਰਸ਼ਾਂ ਨੂੰ ਲਾਗੂ ਨਹੀਂ ਕੀਤਾ ਜਦੋਂਕਿ ਮੋਦੀ ਸਰਕਾਰ ਨੇ ਸਿਫਾਰਸ਼ ਨੂੰ ਲਾਗਤ ਮੁਲ ਨਾਲ ਜੋੜ ਕੇ ਲਾਗੂ ਕੀਤਾ ਹੈ। ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਰਾਹੀਂ ਕਿਸਾਨਾਂ ਨੂੰ ਆਜ਼ਾਦੀ ਦਿੱਤੀ ਹੈ ਕਿ ਉਹ ਬਿਨਾਂ ਕਿਸੇ ਰੋਕ ਟੋਕ ਅਤੇ ਟੈਕਸ ਦੇ ਆਪਣੀ ਜਿਣਸ ਕਿਸੇ ਵੀ ਸੂਬੇ ਵਿਚ ਜਾ ਕੇ ਵੇਚ ਸਕਦੇ ਹਨ। ਇਸ ਮੌਕੇ ਭਾਜਪਾ ਆਗੂ ਰਾਜਿੰਦਰ ਮੋਹਨ ਸਿੰਘ ਛੀਨਾ, ਰੀਨਾ ਜੇਤਲੀ, ਅਰੁਣ ਸ਼ਰਮਾ, ਜਨਾਰਦਨ ਸ਼ਰਮਾ, ਦਿਹਾਤੀ ਪ੍ਰਧਾਨ ਹਰਦਿਆਲ ਸਿੰਘ ਔਲਖ ਹਾਜ਼ਰ ਸਨ।