ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 24 ਫਰਵਰੀ
ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਨਸ਼ਿਆਂ ਦੇ ਕਾਰੋਬਾਰ ਮਾਮਲੇ ਵਿਚ ਡੀਜੀਪੀ ਨੂੰ ਪੱਤਰ ਭੇਜ ਕੇ ਇਸ ਸਬੰਧੀ ਕਾਰਵਾਈ ’ਤੇ ਅਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਨੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਸੰਸਦ ਮੈਂਬਰ ਨੂੰ ਸਰਕਾਰ ਦੇ ਕਾਰਜਕਾਲ ਵੇਲੇ ਇਹ ਕਾਰਵਾਈ ਯਾਦ ਕਿਉਂ ਨਹੀਂ ਆਈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਨੇ ਇਸ ਮਾਮਲੇ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਪੰਜ ਸਾਲਾਂ ਦੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸ੍ਰੀ ਔਜਲਾ ਨੂੰ ਇਸ ਮਾਮਲੇ ਬਾਰੇ ਇਕ ਵਾਰ ਵੀ ਯਾਦ ਨਹੀਂ ਆਈ। ਹੁਣ ਜਦੋਂ ਸਰਕਾਰ ਦਾ ਕਾਰਜਕਾਲ ਖਤਮ ਹੋ ਗਿਆ ਤਾਂ ਉਨ੍ਹਾਂ ਇਹ ਮੁੱਦਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੇ ਇਸ ਮਾਮਲੇ ਵਿਚ ਕਦੇ ਵੀ ਤਸੱਲੀਬਖ਼ਸ਼ ਕਾਰਵਾਈ ਨਹੀਂ ਕੀਤੀ। ਹਮੇਸ਼ਾਂ ਹੀ ਛੋਟੇ ਨਸ਼ਾ ਤਸਕਰਾਂ ਨੂੰ ਹੱਥ ਪਾਇਆ ਹੈ। ਵੱਡੇ ਮਗਰਮੱਛਾਂ ਵੱਲ ਕਦੇ ਵੀ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਅਜਿਹਾ ਇਸ ਲਈ ਹੋ ਰਿਹਾ ਹੈ ਕਿਉਂਕਿ ਵੱਡੇ ਨਸ਼ਾ ਤਸਕਰਾਂ ਨੂੰ ਸਿਆਸੀ ਪੁਸ਼ਤ ਪਨਾਹੀ ਮਿਲਦੀ ਹੈ ਅਤੇ ਸਿਆਸੀ ਦਬਾਅ ਕਾਰਨ ਪੁਲੀਸ ਇਨ੍ਹਾਂ ਖਿਲਾਫ ਕਾਰਵਾਈ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਜੇਕਰ ਸ੍ਰੀ ਔਜਲਾ ਸੱਚੇ ਦਿਲ ਨਾਲ ਨਸ਼ਾ ਖਤਮ ਕਰਨਾ ਚਾਹੁੰਦੇ ਹਨ ਤਾਂ ਭਾਜਪਾ ਸਿਆਸਤ ਤੋਂ ਉਪਰ ਉਠ ਕੇ ਉਨ੍ਹਾਂ ਦਾ ਸਾਥ ਦੇਣ ਲਈ ਤਿਆਰ ਹੈ।