ਭਾਜਪਾ ਆਗੂ ਵੱਲੋਂ ਮੁੱਖ ਮੰਤਰੀ ਨੂੰ ਪੱਤਰ; ਘੱਟ ਰਹੀ ਸਿੱਖ ਆਬਾਦੀ ਨੂੰ ਰੋਕਣ ਲਈ ਵਿੱਤੀ ਪ੍ਰੋਤਸਾਹਨ ਦੇਣ ਦਾ ਸੁਝਾਅ
ਪੰਜਾਬ ਵਿੱਚ ਘੱਟ ਰਹੀ ਸਿੱਖ ਆਬਾਦੀ ਦੇ ਮੱਦੇਨਜ਼ਰ, ਸਿੱਖ ਜਨਸੰਖਿਆ ਨੂੰ ਵਧਾਉਣ ਲਈ ਸਰਕਾਰੀ ਪ੍ਰੋਤਸਾਹਨ ਦੇਣ ਦੀ ਮੰਗ ਉੱਭਰੀ ਹੈ। ਇਸ ਸਬੰਧ ਵਿੱਚ ਅੱਜ ਭਾਜਪਾ ਆਗੂ ਅਤੇ ਸਾਬਕਾ ਆਈ ਏ ਐੱਸ (IAS) ਅਧਿਕਾਰੀ ਡਾ. ਜਗਮੋਹਨ ਸਿੰਘ ਰਾਜੂ ਵੱਲੋਂ ਪੰਜਾਬ...
ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਪੰਜਾਬ ਵਿੱਚ ਸਿੱਖਾਂ ਦੀ ਘੱਟ ਰਹੀ ਆਬਾਦੀ ਦਾ ਹਵਾਲਾ ਦਿੰਦਿਆਂ, ਇਸੇ ਤਰ੍ਹਾਂ ਦਾ ਮਾਡਲ ਪੰਜਾਬ ਵਿੱਚ ਵੀ ਲਾਗੂ ਕਰਨ ਦਾ ਸੁਝਾਅ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸਰਕਾਰ ਨੂੰ ਇਸ ਮਾਮਲੇ ਵਿੱਚ ਵਿੱਤੀ ਪ੍ਰੋਤਸਾਹਨ ਲਾਗੂ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ, ਤਾਂ ਜੋ ਨੌਜਵਾਨ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਮਿਲ ਸਕੇ ਅਤੇ ਸਿੱਖ ਜਨਸੰਖਿਆ ਵਿੱਚ ਆ ਰਹੀ ਗਿਰਾਵਟ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਆਖਿਆ ਕਿ ਸਿੱਖ ਕੌਮ ਭਾਰਤ ਵਿੱਚ ਸੰਵਿਧਾਨਕ ਤੌਰ 'ਤੇ ਮਾਨਤਾ ਪ੍ਰਾਪਤ ਘੱਟ ਗਿਣਤੀ ਕੌਮ ਹੈ। ਐੱਨ ਐੱਫ ਐੱਚ ਐੱਸ (NFHS) ਦੇ ਅੰਕੜਿਆਂ ਅਨੁਸਾਰ, ਸਿੱਖਾਂ ਦੀ ਜਨਮ ਦਰ ਦੇਸ਼ ਦੇ ਮੁੱਖ ਭਾਈਚਾਰਿਆਂ ਵਿੱਚੋਂ ਸਭ ਤੋਂ ਘੱਟ ਹੈ। ਇਸ ਕਾਰਨ ਸਿੱਖ ਆਬਾਦੀ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ, ਜੋ ਕਿ ਬੇਹੱਦ ਚਿੰਤਾਜਨਕ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਦੀ ਕੁੱਲ ਆਬਾਦੀ ਵਿੱਚ ਸਿੱਖਾਂ ਦਾ ਹਿੱਸਾ ਸਾਲ 1991 ਵਿੱਚ 62.95 ਫੀਸਦੀ ਸੀ, ਜੋ ਘੱਟ ਕੇ ਸਾਲ 2011 ਦੀ ਮਰਦਮਸ਼ੁਮਾਰੀ ਵਿੱਚ 57.69 ਫੀਸਦੀ ਰਹਿ ਗਿਆ ਹੈ। ਉਨ੍ਹਾਂ ਆਖਿਆ ਕਿ ਇਹ ਅੰਕੜੇ ਇਸ ਗੱਲ ਦਾ ਸੰਕੇਤ ਹਨ ਕਿ ਇਹ ਰੁਝਾਨ ਅਜੇ ਵੀ ਜਾਰੀ ਹੈ। ਸਿੱਖ ਆਬਾਦੀ ਵਿੱਚ ਲਗਾਤਾਰ ਆ ਰਹੀ ਇਹ ਗਿਰਾਵਟ ਪੰਜਾਬ ਵਿੱਚ ਸਿੱਖ ਕੌਮ ਦੇ ਸਮਾਜਿਕ ਅਤੇ ਸੱਭਿਆਚਾਰਕ ਭਵਿੱਖ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਸਿੱਖਾਂ ਦੀ ਆਬਾਦੀ ਵਿੱਚ ਵਾਧੇ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਸੁਝਾਅ ਦਿੱਤਾ ਹੈ ਕਿ ਪੰਜਾਬ ਸਰਕਾਰ ਨੂੰ ਆਂਧਰਾ ਪ੍ਰਦੇਸ਼ ਸਰਕਾਰ ਵੱਲੋਂ ਹਾਲ ਹੀ ਵਿੱਚ ਐਲਾਨੇ ਗਏ ਮਾਡਲ ਦੇ ਤਹਿਤ ਪੰਜਾਬ ਵਿੱਚ ਤੀਜੇ ਬੱਚੇ ਲਈ 30 ਹਜ਼ਾਰ ਰੁਪਏ ਅਤੇ ਚੌਥੇ ਬੱਚੇ ਲਈ 40 ਹਜ਼ਾਰ ਰੁਪਏ ਦੇ ਵਿੱਤੀ ਪ੍ਰੋਤਸਾਹਨ ਨੂੰ ਲਾਗੂ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ।
ਉਨ੍ਹਾਂ ਆਖਿਆ ਕਿ ਸਿੱਖ ਕੌਮ ਇੱਕ ਦੇਸ਼ ਭਗਤ ਕੌਮ ਹੈ, ਜਿਸ ਨੇ ਭਾਰਤ ਦੀ ਆਜ਼ਾਦੀ, ਰੱਖਿਆ, ਖੇਤੀਬਾੜੀ ਅਤੇ ਰਾਸ਼ਟਰੀ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਅਜਿਹਾ ਫੈਸਲਾ ਸਿੱਖ ਕੌਮ ਦੀ ਘਟ ਰਹੀ ਆਬਾਦੀ ਨੂੰ ਰੋਕਣ ਵਿੱਚ ਬਹੁਤ ਮਦਦਗਾਰ ਸਾਬਤ ਹੋਵੇਗਾ।

