ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਜਪਾ ਆਗੂ; ਕੇਵਲ ਸਿੰਘ ਢਿੱਲੋਂ ਤੇ ਤਰੁਣ ਚੁੱਘ ਵੱਲੋਂ ਗੁਰੂ ਘਰ ਦਾ ਸ਼ੁਕਰਾਨਾ
ਪਾਕਿਸਤਾਨ ਵਿੱਚ ਘੱਟ-ਗਿਣਤੀਆਂ ਦੀ ਸੁਰੱਖਿਆ ਲਈ ਪ੍ਰਧਾਨ ਮੰਤਰੀ ਨੂੰ ਲਿਖਣਗੇ ਪੱਤਰ: ਕੇਵਲ ਢਿੱਲੋ
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਰਾਜ ਸਭਾ ਦੇ ਮੈਂਬਰ ਚੁਣੇ ਗਏ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਹੈ। ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਖਿਆ ਕਿ ਉਹ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖ਼ਾਲਸਾ ਰਾਜ ਵਾਂਗ ਹੀ ਭਾਜਪਾ ਦੀ ਸਰਕਾਰ ਸਥਾਪਿਤ ਕਰਨਗੇ, ਜਿਸ ਵਿੱਚ ਸਾਰਿਆਂ ਦੇ ਬਰਾਬਰ ਹੱਕ ਹੋਣਗੇ। ਉਨ੍ਹਾਂ ਆਖਿਆ ਕਿ ਭਾਜਪਾ ਪੰਜਾਬ ਵਿੱਚ ਆਪਣੇ ਦਮ ’ਤੇ 117 ਵਿਧਾਨ ਸਭਾ ਹਲਕਿਆਂ ਵਿੱਚ ਚੋਣ ਲੜੇਗੀ।
ਪਾਕਿਸਤਾਨ ਵਿੱਚ ਘੱਟ ਗਿਣਤੀਆਂ ਦੀ ਸੁਰੱਖਿਆ ਲਈ ਪ੍ਰਧਾਨ ਮੰਤਰੀ ਨੂੰ ਪੱਤਰ
ਭਾਜਪਾ ਦੇ ਕੌਮੀ ਸਕੱਤਰ ਅਤੇ ਰਾਜ ਸਭਾ ਮੈਂਬਰ ਚੁਣੇ ਗਏ ਤਰੁਣ ਚੁੱਘ ਨੇ ਦੱਸਿਆ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਉਨ੍ਹਾਂ ਵੱਲੋਂ ਸਾਂਝੇ ਤੌਰ ’ਤੇ ਅੱਜ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਭੇਜਿਆ ਜਾਵੇਗਾ, ਜਿਸ ਰਾਹੀਂ ਉਨ੍ਹਾਂ ਨੂੰ ਪਾਕਿਸਤਾਨ ਵਿੱਚ ਘੱਟ ਗਿਣਤੀ ਭਾਈਚਾਰੇ ਦੀ ਸੁਰੱਖਿਆ ਲਈ ਯਤਨ ਕਰਨ ਵਾਸਤੇ ਅਪੀਲ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਖੈਬਰ ਪਖਤੂਨਖਵਾ ਦੇ ਇਲਾਕੇ ਦੇ ਇੱਕ ਗੁਰਦੁਆਰੇ ਵਿੱਚ ਪਤੀ-ਪਤਨੀ ਨੂੰ ਗੋਲੀ ਮਾਰ ਕੇ ਹਲਾਕ ਕਰ ਦਿੱਤਾ ਗਿਆ, ਜੋ ਕਿ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਵਿੱਚ ਘੱਟ ਗਿਣਤੀ ਭਾਈਚਾਰਾ ਸੁਰੱਖਿਅਤ ਨਹੀਂ ਹੈ। ਉਨ੍ਹਾਂ ਆਖਿਆ ਕਿ ਵੰਡ ਵੇਲੇ ਪਾਕਿਸਤਾਨ ਵਿੱਚ ਰਹਿ ਗਏ ਹਿੰਦੂ ਅਤੇ ਸਿੱਖ ਭਾਈਚਾਰੇ ਦੇ ਲੋਕਾਂ ਦੀ ਆਬਾਦੀ ਪਾਕਿਸਤਾਨ ਵਿੱਚ ਲਗਾਤਾਰ ਘਟਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਸ਼ਹੀਦੀ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਲਿਆ ਅਤੇ ਪ੍ਰਣ ਕੀਤਾ ਕਿ ਭਾਜਪਾ ਵੱਲੋਂ ਪੰਜਾਬ ਵਿੱਚ ਧਰਮ ਪਰਿਵਰਤਨ ਦੀ ਚੱਲ ਰਹੀ ਲਹਿਰ ਅਤੇ ਗੈਂਗਸਟਰਵਾਦ ਦੀ ਵੱਧ ਰਹੀ ਦਹਿਸ਼ਤਗਰਦੀ ਨੂੰ ਰੋਕਿਆ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਦੇ ਵੀਡੀਓ ਵਿਵਾਦ ’ਤੇ ਪ੍ਰਤੀਕਿਰਿਆ
ਵਿਵਾਦਤ ਵੀਡੀਓ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਪੰਥ ਵਿਰੋਧੀ ਕਰਾਰ ਦਿੱਤੇ ਜਾਣ ਦੇ ਮਾਮਲੇ ਵਿੱਚ ਭਾਜਪਾ ਆਗੂਆਂ ਨੇ ਆਖਿਆ ਕਿ ਉਹ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਪਿੱਛੇ ਖੜ੍ਹੇ ਹਨ। ਆਮ ਆਦਮੀ ਪਾਰਟੀ ਵੱਲੋਂ ਅੱਜ ਇਸ ਵਿਵਾਦਤ ਵੀਡੀਓ ਬਾਰੇ ਕੀਤੇ ਗਏ ਦਾਅਵੇ ਨੂੰ ਉਨ੍ਹਾਂ ਆਖਿਆ ਕਿ ‘ਇੱਕ ਤਾਂ ਚੋਰੀ ਅਤੇ ਦੂਜਾ ਸੀਨਾਜ਼ੋਰੀ’। ਉਨ੍ਹਾਂ ਆਖਿਆ ਕਿ ਭਗਵੰਤ ਮਾਨ ਜਦੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਕੋਲ ਆਏ ਸਨ ਤਾਂ ਉਸ ਵੇਲੇ ਉਨ੍ਹਾਂ ਆਖਿਆ ਸੀ ਕਿ ਉਹ ਇਸ ਦੀ ਜਾਂਚ ਕਰਵਾ ਸਕਦੇ ਹਨ। ਹੁਣ ਜਦੋਂ ਸ੍ਰੀ ਅਕਾਲ ਤਖ਼ਤ ਵੱਲੋਂ ਦੇਸ਼ ਦੀਆਂ ਮਾਨਤਾ ਪ੍ਰਾਪਤ ਦੋ ਲੈਬਾਰਟਰੀਆਂ ਤੋਂ ਜਾਂਚ ਕਰਵਾਈ ਗਈ ਹੈ ਅਤੇ ਇਹ ਵੀਡੀਓ ਸਹੀ ਪਾਈ ਗਈ ਹੈ ਤਾਂ ਹੁਣ ਉਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਗਲਤੀ ਮੰਨਣ ਦੀ ਥਾਂ ਆਮ ਆਦਮੀ ਪਾਰਟੀ ਵੱਲੋਂ ਸੀਨਾਜ਼ੋਰੀ ਕੀਤੀ ਜਾ ਰਹੀ ਹੈ, ਜੋ ਕਿ ਨਿੰਦਣਯੋਗ ਹੈ। ਭਾਜਪਾ ਦੇ ਕੌਮੀ ਪ੍ਰਧਾਨ ਦੀ ਆਮਦ ਸਬੰਧੀ ਉਨ੍ਹਾਂ ਆਖਿਆ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆ ਰਹੇ ਹਨ।
ਜਲ੍ਹਿਆਂਵਾਲਾ ਬਾਗ ਅਤੇ ਦੁਰਗਿਆਣਾ ਮੰਦਰ ਵਿਖੇ ਵੀ ਹੋਏ ਨਤਮਸਤਕ
ਇਸ ਤੋਂ ਪਹਿਲਾਂ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਭਾਜਪਾ ਦੇ ਸਕੱਤਰ ਤਰੁਣ ਚੁੱਘ ਤੇ ਹੋਰ ਭਾਜਪਾ ਆਗੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਹ ਇਤਿਹਾਸਕ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਵਾਸਤੇ ਵੀ ਗਏ ਅਤੇ ਉਪਰੰਤ ਦੁਰਗਿਆਣਾ ਮੰਦਰ ਮੱਥਾ ਟੇਕਣ ਵਾਸਤੇ ਗਏ ਹਨ।
ਇਸ ਤੋਂ ਪਹਿਲਾਂ ਉਹ ਭੰਡਾਰੀ ਪੁਲ ’ਤੇ ਪੁੱਜੇ, ਜਿੱਥੇ ਭਾਜਪਾ ਆਗੂਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਮਗਰੋਂ ਉਹ ਇੱਕ ਕਾਫ਼ਲੇ ਦੇ ਰੂਪ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਵਾਸਤੇ ਗਏ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਪ੍ਰਧਾਨ ਸ਼ਵੇਤ ਮਲਿਕ, ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਤੇ ਵੱਡੀ ਗਿਣਤੀ ਵਿੱਚ ਹੋਰ ਭਾਜਪਾ ਆਗੂ ਤੇ ਵਰਕਰ ਸ਼ਾਮਲ ਸਨ।
