ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 28 ਜੁਲਾਈ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਅੱਜ ਅੰਮ੍ਰਿਤਸਰ-ਹਰੀਕੇ ਮੁੱਖ ਮਾਰਗ ਨੂੰ ਜਾਮ ਕਰਕੇ ਭਾਜਪਾ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਦੀ ਅਰਥੀ ਸਾੜੀ ਗਈ।ਕਿਸਾਨ ਆਗੂਆਂ ਨੇ ਮੀਨਾਕਸ਼ੀ ਲੇਖੀ ਵੱਲੋਂ ਕਿਸਾਨਾਂ ਨੂੰ ਮਵਾਲੀ ਕਹਿਣ ਅਤੇ ਕਿਸਾਨਾਂ ਦੀ ਸੰਸਦ ਨੂੰ ਬੇਤੁਕਾ ਕਹਿਣ ਦੀ ਨਿਖੇਧੀ ਕੀਤੀ। ਇਸ ਤੋਂ ਪਹਿਲਾਂ ਅੱਜ ਜ਼ੋਨ ਬਾਬਾ ਨੋਧ ਸਿੰਘ ਜੀ ਵੱਲੋਂ ਸਰਪ੍ਰਸਤ ਗੁਰਦੇਵ ਸਿੰਘ ਵਰਪਾਲ, ਕਾਰਜ਼ਕਾਰੀ ਜ਼ੋਨਲ ਪ੍ਰਧਾਨ ਕੰਵਲਜੀਤ ਸਿੰਘ ਵੰਨਚੜੀ ਤੇ ਸਕੱਤਰ ਮਨਰਾਜ ਸਿੰਘ ਵੱਲਾ ਦੀ ਪ੍ਰਧਾਨਗੀ ਹੇਠ ਜ਼ੋਨ ਦੀ ਮੀਟਿੰਗ ਚੱਬਾ ਵਿੱਚ ਕੀਤੀ ਗਈ। ਮੀਟਿੰਗ ਵਿੱਚ ਪਹੁੰਚੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਗੁਰਲਾਲ ਸਿੰਘ ਮਾਨ ਵੱਲੋਂ ਦਿੱਲੀ ਵਿੱਚ ਚੱਲ ਰਹੇ ਅੰਦੋਲਨ ਬਾਰੇ ਚਰਚਾ ਕੀਤੀ ਤੇ ਖੇਤੀ ਕਾਨੂੰਨ ਰੱਦ ਕਰਾਉਣ ਤੱਕ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਜਾਰੀ ਰੱਖਣ ਦਾ ਸੱਦਾ ਦਿੱਤਾ ਗਿਆ।
ਆਗੂਆਂ ਨੇ ਦੱਸਿਆ ਕਿ ਅੱਜ ਕਿਸਾਨਾਂ ਤੇ ਮਜ਼ਦੂਰਾਂ ਦਾ 22ਵਾਂ ਜੱਥਾ ਬਿਆਸ ਪੁਲ ਤੋਂ ਸੂਬਾ ਆਗੂ ਹਰਪ੍ਰੀਤ ਸਿੰਘ ਸਿੱਧਵਾਂ ਦੀ ਅਗਵਾਈ ਹੇਠ ਦਿੱਲੀ ਮੋਰਚੇ ਲਈ ਰਵਾਨਾ ਕੀਤਾ ਗਿਆ।