ਪੰਜਾਬ BJP ਦੇ ਬੁਲਾਰੇ ਨੇ CM ਧਾਮੀ ਨੂੰ ਪੱਤਰ ਲਿਖ ਕੇ ਕਰਨਪ੍ਰਯਾਗ ਘਟਨਾ ਦੀ ਨਿਰਪੱਖ ਜਾਂਚ ਮੰਗੀ
ਹੇਮਕੁੰਟ ਸਾਹਿਬ ਤੋਂ ਪਰਤ ਰਹੇ ਨਿਹੰਗ ਸਿੱਖ ਸ਼ਰਧਾਲੂਆਂ ਦੇ ਇੱਕ ਸਮੂਹ ਅਤੇ ਉੱਤਰਾਖੰਡ ਦੇ ਕਰਨਪ੍ਰਯਾਗ ਵਿੱਚ ਸਥਾਨਕ ਲੋਕਾਂ ਵਿਚਕਾਰ ਹੋਈ ਝੜਪ ਤੋਂ ਕੁਝ ਦਿਨਾਂ ਬਾਅਦ, ਭਾਜਪਾ ਪੰਜਾਬ ਦੇ ਬੁਲਾਰੇ ਸਰਚੰਦ ਸਿੰਘ ਖਿਆਲਾ ਨੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਪੱਤਰ...
ਹੇਮਕੁੰਟ ਸਾਹਿਬ ਤੋਂ ਪਰਤ ਰਹੇ ਨਿਹੰਗ ਸਿੱਖ ਸ਼ਰਧਾਲੂਆਂ ਦੇ ਇੱਕ ਸਮੂਹ ਅਤੇ ਉੱਤਰਾਖੰਡ ਦੇ ਕਰਨਪ੍ਰਯਾਗ ਵਿੱਚ ਸਥਾਨਕ ਲੋਕਾਂ ਵਿਚਕਾਰ ਹੋਈ ਝੜਪ ਤੋਂ ਕੁਝ ਦਿਨਾਂ ਬਾਅਦ, ਭਾਜਪਾ ਪੰਜਾਬ ਦੇ ਬੁਲਾਰੇ ਸਰਚੰਦ ਸਿੰਘ ਖਿਆਲਾ ਨੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਪੱਤਰ ਲਿਖ ਕੇ ਇਸ ਘਟਨਾ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਦੀ ਮੰਗ ਕੀਤੀ ਹੈ।
ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਲਾਕੇ ਵਿੱਚ ਅਮਨ-ਸ਼ਾਂਤੀ, ਕਾਨੂੰਨ ਵਿਵਸਥਾ ਅਤੇ ਭਾਈਚਾਰਕ ਸਾਂਝ ਬਣਾਈ ਰੱਖਣਾ ਪੁਲੀਸ ਅਤੇ ਸਰਕਾਰੀ ਪ੍ਰਸ਼ਾਸਨ ਦਾ ਸਭ ਤੋਂ ਪਹਿਲਾ ਫ਼ਰਜ਼ ਹੈ। ਉਨ੍ਹਾਂ ਕਿਹਾ, “ਇਸ ਮਾਮਲੇ ਨੂੰ ਨਿਰਪੱਖ ਢੰਗ ਨਾਲ ਨਜਿੱਠਣ ਦੀ ਬਜਾਏ, ਉੱਥੋਂ ਦੇ ਸਥਾਨਕ ਪ੍ਰਸ਼ਾਸਨ ਨੇ ਕਥਿਤ ਤੌਰ ਉੱਤੇ ਸਿਰਫ਼ ਸਿੱਖ ਸ਼ਰਧਾਲੂਆਂ ਖ਼ਿਲਾਫ਼ ਹੀ ਇੱਕਤਰਫ਼ਾ ਕਾਰਵਾਈ ਕੀਤੀ ਹੈ। ਅਜਿਹੇ ਕਦਮਾਂ ਨਾਲ ਨਿਆਂ ਪ੍ਰਣਾਲੀ ਦੇ ਭਰੋਸੇ 'ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ ਅਤੇ ਲੋਕਾਂ ਵਿੱਚ ਆਪਸੀ ਬੇਵਿਸ਼ਵਾਸੀ ਵਧਦੀ ਹੈ।''
ਇਸ ਤੋਂ ਪਹਿਲਾਂ, ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਕਰਨਪ੍ਰਯਾਗ ਘਟਨਾ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ ਅਤੇ ਉੱਤਰਾਖੰਡ ਸਰਕਾਰ ਨੂੰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਰਨ ਵਾਲੇ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਮਾਣ-ਸਤਿਕਾਰ ਨੂੰ ਯਕੀਨੀ ਬਣਾਉਣ ਲਈ ਕਿਹਾ ਸੀ।
ਉੱਥੇ ਹੀ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਧੂਮਾ ਨੇ ਜ਼ੋਰ ਦੇ ਕੇ ਕਿਹਾ ਸੀ ਕਿ ਨਫ਼ਰਤ ਅਤੇ ਫਿਰਕੂ ਦੁਸ਼ਮਣੀ ਦੀਆਂ ਅਜਿਹੀਆਂ ਹਰਕਤਾਂ ਪਿੱਛੇ ਕੰਮ ਕਰਨ ਵਾਲੀਆਂ ਤਾਕਤਾਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਸਮਾਜਿਕ ਸਦਭਾਵਨਾ, ਆਪਸੀ ਵਿਸ਼ਵਾਸ ਅਤੇ ਕੌਮੀ ਏਕਤਾ ਨੂੰ ਨੁਕਸਾਨ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਨੂੰ ਰੋਕਿਆ ਜਾ ਸਕੇ।
ਬਾਬਾ ਹਰਨਾਮ ਸਿੰਘ ਨੇ ਅਪੀਲ ਕੀਤੀ ਕਿ ਜੇਕਰ ਕੋਈ ਅਧਿਕਾਰੀ ਅਹੁਦੇ ਦੀ ਦੁਰਵਰਤੋਂ ਕਰਨ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ, ਜਾਂ ਵਿਤਕਰੇ ਭਰਿਆ ਵਤੀਰਾ ਕਰਨ ਅਤੇ ਨਫ਼ਰਤ ਤੇ ਸਮਾਜਿਕ ਵਿਗਾੜ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ੀ ਪਾਇਆ ਜਾਂਦਾ ਹੈ, ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕੀਤੀ ਜਾਵੇ।
ਦੂਜੇ ਪਾਸੇ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਘਟਨਾ ਉੱਤੇ ਪ੍ਰਤੀਕਰਮ ਦਿੰਦਿਆਂ ਕਿਹਾ ਸੀ ਕਿ ਸਭ ਤੋਂ ਵੱਧ ਚਿੰਤਾ ਵਾਲੀ ਗੱਲ ਇਹ ਹੈ ਕਿ ਪਿਛਲੇ ਕੁਝ ਸਮੇਂ ਤੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਿੱਖਾਂ ਅਤੇ ਪੰਜਾਬੀਆਂ ਖ਼ਿਲਾਫ਼ ਨਫ਼ਰਤ ਦਾ ਮਾਹੌਲ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, ''ਅਜਿਹਾ ਮਾਹੌਲ ਆਪਸੀ ਟਕਰਾਅ ਅਤੇ ਲੜਾਈ-ਝਗੜੇ ਦੀਆਂ ਘਟਨਾਵਾਂ ਨੂੰ ਹੋਰ ਵਧਾ ਸਕਦਾ ਹੈ। ਆਪਸੀ ਸਤਿਕਾਰ ਅਤੇ ਭਾਈਚਾਰੇ ਦੀ ਥਾਂ ਨਫ਼ਰਤ ਨੂੰ ਹੱਲਾਸ਼ੇਰੀ ਦੇਣਾ ਦੇਸ਼ ਦੀ ਏਕਤਾ ਅਤੇ ਸਮਾਜਿਕ ਸਾਂਝ ਲਈ ਬੇਹੱਦ ਨੁਕਸਾਨਦੇਹ ਹੈ।”
