ਭਾਜਪਾ ਐੱਸਸੀ ਮੋਰਚਾ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰੇ

ਭਾਜਪਾ ਐੱਸਸੀ ਮੋਰਚਾ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰੇ

ਭਾਜਪਾ ਐੱਸਸੀ ਮੋਰਚਾ ਦੇ ਕਾਰਕੁਨ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਦੇ ਹੋਏ। -ਫੋਟੋ: ਵਿਸ਼ਾਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 10 ਅਗਸਤ

ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਅੱਜ ਭਾਜਪਾ ਦੇ ਐੱਸਸੀ ਮੋਰਚੇ ਵੱਲੋਂ ਸ਼ਹਿਰ ਦੇ ਪੰਜ ਵਿਧਾਨ ਸਭਾ ਹਲਕਿਆਂ ਵਿਚ ਸੂਬੇ ਦੀ ਕਾਂਗਰਸ ਸਰਕਾਰ ਖ਼ਿਲਾਫ਼ ਰੋਸ ਵਿਖਾਵੇ ਕੀਤੇ ਗਏ। ਆਗੂਆਂ ਨੇ ਮਾਮਲੇ ਸਬੰਧੀ ਸੀਬੀਆਈ ਜਾਂਚ ਅਤੇ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ। ਹਾਲ ਗੇਟ ਵਿੱਚ ਕੀਤੇ ਰੋਸ ਵਿਖਾਵੇ ਦੌਰਾਨ ਐੱਸਸੀ ਮੋਰਚਾ ਦੇ ਸੂਬਾ ਸਕੱਤਰ ਰਵੀ ਮੋਹਨ ਨੇ ਦੱਸਿਆ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਦਾ ਸ਼ਿਕਾਰ ਹੋਏ ਵਧੇਰੇ ਵਿਅਕਤੀ ਦਲਿਤ ਪਰਿਵਾਰਾਂ ਨਾਲ ਸਬੰਧਤ ਸਨ, ਜੋ ਕਿ ਮਜ਼ਦੂਰੀ ਆਦਿ ਕਰ ਕੇ ਪਰਿਵਾਰਾਂ ਦਾ ਪੇਟ ਪਾਲ ਰਹੇ ਸਨ। ਇਸ ਮੌਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਪੁਤਲਾ ਵੀ ਸਾੜਿਆ ਗਿਆ। ਰੋਸ ਪ੍ਰਦਰਸ਼ਨ ਸਮੇਂ ਸੰਜੀਵ ਕੁਮਾਰ, ਓਮ ਪ੍ਰਕਾਸ਼, ਅਰਜੁਨ ਗਿੱਲ, ਜੀਵਨ ਲਾਲ ਤੇ ਹੋਰ ਹਾਜ਼ਰ ਸਨ। ਆਗੂਆਂ ਨੇ ਦੱਸਿਆ ਕਿ ਇਸੇ ਤਰ੍ਹਾਂ ਹਲਕਾ ਪੂਰਬੀ ਵਿਚ ਹੁਸੈਨਪੁਰਾ ਚੌਕ, ਹਲਕਾ ਉੱਤਰੀ ਵਿਚ ਲਾਰੇਂਸ ਰੋਡ, ਹਲਕਾ ਪੱਛਮੀ ਵਿਚ ਪੁਤਲੀਘਰ ਅਤੇ ਹਲਕਾ ਦੱਖਣੀ ਵਿਚ ਰੋਸ ਵਿਖਾਵੇ ਕੀਤੇ ਗਏ।

ਭਾਜਪਾ ਯੁਵਾ ਮੋਰਚਾ ਦੇ ਨਵ-ਨਿਯੁਕਤ ਪ੍ਰਧਾਨ ਹਰਿਮੰਦਰ ਸਾਹਿਬ ਨਤਮਸਤਕ

ਭਾਜਪਾ ਯੁਵਾ ਮੋਰਚਾ ਨੇ ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਯੁਵਾ ਮੋਰਚਾ ਦੇ ਨਵਨਿਯੁਕਤ ਪ੍ਰਧਾਨ ਭਾਨੂੰ ਪ੍ਰਤਾਪ ਸਿੰਘ ਅੱਜ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਪੰਜਾਬ ਵਿੱਚੋਂ ਨਸ਼ੇ ਖਤਮ ਕਰਨ ਵਿਚ ਅਸਫ਼ਲ ਰਹੀ ਹੈ। ਊਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਗੁਟਕਾ ਹੱਥ ਵਿਚ ਲੈ ਕੇ ਨਸ਼ੇ ਖਤਮ ਕਰਨ ਦੀ ਸਹੁੰ ਖਾਧੀ ਸੀ ਪਰ ਹੁਣ ਤਾਂ ਸਰਕਾਰੀ ਸਰਪ੍ਰਸਤੀ ਹੇਠ ਨਸ਼ਿਆਂ ਦਾ ਕਾਰੋਬਾਰ ਵਧ ਫੁੱਲ ਰਿਹਾ ਹੈ। ਉਨ੍ਹਾਂ ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਸਬੰਧਤ ਵਿਧਾਇਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਲਈ ਮੁਆਵਜ਼ੇ ਵਜੋਂ 25-25 ਲੱਖ ਰੁਪਏ ਦੇਣ ਦੀ ਮੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਗੌਤਮ ਅਰੋੜਾ ਹਾਜ਼ਰ ਸਨ। ਉਹ ਦੁਰਗਿਆਣਾ ਮੰਦਿਰ ਵੀ ਗਏ। ਜ਼ਿਕਰਯੋਗ ਹੈ ਕਿ ਬੀਤੇ ਦਿਨ ਭਾਜਪਾ ਯੁਵਾ ਮੋਰਚਾ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਘਰਾਂ ਦੇ ਬਾਹਰ ਰੋਸ ਵਿਖਾਵੇ ਕੀਤੇ ਗਏ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All