ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 19 ਅਪਰੈਲ
ਸ਼੍ੋਮਣੀ ਕਮੇਟੀ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ ਵਿੱਚ ਬੀਤੇ ਦਿਨ ਵਾਪਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਬੇਅਦਬੀ ਦੀ ਘਟਨਾ ਵਿੱਚ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਪ੍ਰਸ਼ਾਸਨ ਨੂੰ 2 ਦਿਨ ਦਾ ਅਲਟੀਮੇਟਮ ਦਿੱਤਾ ਹੈ।
ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੁਲੀਸ ਪ੍ਰਸ਼ਾਸਨ ਨੇ ਦੋ ਦਿਨ ਵਿੱਚ ਮੁਲਜ਼ਮਾਂ ਨੂੰ ਸਾਹਮਣੇ ਨਾ ਲਿਆਂਦਾ ਤਾਂ ਖਾਲਸਾ ਪੰਥ ਨੂੰ ਇਨਸਾਫ਼ ਲਈ ਸੰਘਰਸ਼ ਦਾ ਰਾਹ ਅਪਣਾਉਣਾ ਪਵੇਗਾ। ਇਹ ਖੁਲਾਸਾ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ। ਉਨ੍ਹਾਂ ਦੁੱਖ ਪ੍ਰਗਟਾਇਆ ਕਿ ਪਿੰਡ ਚੀਮਾ ਪੋਤਾ ਦੇ ਗੁਰੂ ਘਰ ਵਿਖੇ ਸੀਸੀਟੀਵੀ ਕੈਮਰੇ ਅਤੇ ਹੋਰ ਸੁਰੱਖਿਆ ਦੇ ਵੀ ਪ੍ਰਬੰਧ ਪੁਖ਼ਤਾ ਨਹੀਂ ਸਨ, ਜਿਸ ਕਾਰਨ ਸ਼ਰਾਰਤੀ ਅਨਸਰਾਂ ਨੂੰ ਮੌਕਾ ਮਿਲ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਪੰਜਾਬ ਸਰਕਾਰ ਦੀ ਸਿੱਖ ਸਰੋਕਾਰਾਂ ਪ੍ਰਤੀ ਗੈਰ ਜ਼ਿੰਮੇਵਰਾਨਾ ਪਹੁੰਚ ਨਿੰਦਣਯੋਗ ਹੈ।
ਗੁਰੂਘਰਾਂ ਦੇ ਪ੍ਰਬੰਧਕਾਂ ਖ਼ਿਲਾਫ਼ ਵੀ ਕਾਰਵਾਈ ਕਰਨ ਦੀ ਚਿਤਾਵਨੀ
ਅੰਮ੍ਰਿਤਸਰ (ਟਨਸ): ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਾਸਤੇ ਸਖਤੀ ਵਰਤਣ ਦੇ ਰੌਂਅ ਵਿਚ ਹਨ। ਉਨ੍ਹਾਂ ਅੱਜ ਸਮੂਹ ਗੁਰਦੁਆਰਾ ਪ੍ਰਬੰਧਕਾਂ, ਗ੍ਰੰਥੀ ਸਿੰਘਾਂ ਅਤੇ ਸੇਵਾਦਾਰਾਂ ਨੂੰ ਆਦੇਸ਼ ਦਿੱਤੇ ਕਿ ਗੁਰੂ ਗ੍ਰੰਥ ਸਾਹਿਬ ਦੇ ਅਦਬ-ਸਤਿਕਾਰ ਨੂੰ ਕਾਇਮ ਰੱਖਣ ਲਈ ਗੁਰੁੂਘਰਾਂ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਦਿਆਂ ਹਰੇਕ ਗੁਰਦੁਆਰੇ ’ਚ 24 ਘੰਟੇ ਪਹਿਰੇਦਾਰੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਖ਼ਤ ਲਹਿਜ਼ੇ ਵਿਚ ਆਖਿਆ ਕਿ ਭਵਿੱਖ ਵਿਚ ਕਿਸੇ ਵੀ ਬੇਅਦਬੀ ਦੀ ਘਟਨਾ ਲਈ ਸਬੰਧਤ ਗੁਰਦੁਆਰਾ ਪ੍ਰਬੰਧਕਾਂ ਤੇ ਗ੍ਰੰਥੀ ਸਿੰਘਾਂ ਖ਼ਿਲ਼ਾਫ਼ ਵੀ ਧਾਰਮਿਕ ਤੇ ਕਾਨੂੰਨੀ ਕਾਰਵਾਈ ਹੋਵੇਗੀ।