ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 16 ਅਕਤੂਬਰ
ਪੰਜਾਬ ਬਾਰਡਰ ਏਰੀਆ ਫਾਰਮਰਜ਼ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਰਘਬੀਰ ਸਿੰਘ ਭੰਗਾਲਾ ਦੀ ਪ੍ਰਧਾਨਗੀ ਹੇਠ ਕਿਸਾਨਾਂ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੂੰ ਮਿਲ ਕੇ ਸਰਹੱਦ ’ਤੇ ਸਥਿਤ ਖੇਤਾਂ ਵਿੱਚ ਖੇਤੀ ਕਰਨ ਸਮੇਂ ਦਰਪੇਸ਼ ਵੱਖ-ਵੱਖ ਮੁਸ਼ਕਲਾਂ ਤੋਂ ਜਾਣੂ ਕਰਵਾਉਣ ਲਈ ਮੰਗ ਪੱਤਰ ਸੌਂਪਿਆ ਅਤੇ ਉਨ੍ਹਾਂ ਦੇ ਹੱਲ ਲਈ ਸੁਝਾਅ ਦੱਸੇ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਇਨ੍ਹਾਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਉਹ ਕੇਂਦਰ ਸਰਕਾਰ ਨੂੰ ਬੇਨਤੀ ਕਰਕੇ ਇਨ੍ਹਾਂ ਮੁਸ਼ਕਲਾਂ ਤੋਂ ਛੁਟਕਾਰਾ ਦਿਵਾਉਣ ਲਈ ਹਰ ਸੰਭਵ ਯਤਨ ਕਰਨਗੇ।
ਤਰੁਣ ਚੁੱਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖੇਤੀ ਸੁਧਾਰਾਂ ਤੋਂ ਸਰਹੱਦ ਦੇ ਕਿਸਾਨ ਬਹੁਤ ਉਤਸ਼ਾਹਿਤ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਕਿਸੇ ਵੀ ਸਰਕਾਰ ਨੇ ਖੇਤੀ ਅਤੇ ਕਿਸਾਨਾਂ ਦੇ ਹਿੱਤਾਂ ਵੱਲ ਕਦੇ ਧਿਆਨ ਨਹੀਂ ਦਿੱਤਾ। ਸ੍ਰੀ ਚੁੱਘ ਨੇ ਇਹ ਵੀ ਭਰੋਸਾ ਦਿੱਤਾ ਕਿ ਭਾਰਤ ਦੇ ਹੋਰ ਕਿਸਾਨਾਂ ਵਾਂਗ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਸਾਰੀਆਂ ਮੁਸ਼ਕਲਾਂ ਤੋਂ ਛੁਟਕਾਰਾ ਦਿਵਾਏਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੇ ਖੇਤੀਬਾੜੀ ਬਜਟ ਨੂੰ 10 ਗੁਣਾ ਵਧਾ ਕੇ 125 ਲੱਖ ਕਰੋੜ ਕਰ ਦਿੱਤਾ ਹੈ। ਉਨਾਂ ਕਿਹਾ ਕਿ ਕਿਸਾਨਾਂ ਅਤੇ ਖੇਤੀ ਨਾਲ ਸਬੰਧਤ ਕਈ ਨਵੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਸਵੈ-ਨਿਰਭਰ ਭਾਰਤ ਵਿੱਚ ਖੇਤੀ ਉਤਪਾਦਨ ਨੂੰ ਸੰਭਾਲਣ ਲਈ 1 ਲੱਖ ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਕਰੀਬ 11 ਕਰੋੜ ਕਿਸਾਨਾਂ ਨੂੰ ਸਨਮਾਨ ਨਿਧੀ ਪੈਨਸ਼ਨ ਨਾਲ ਜੋੜਿਆ ਗਿਆ ਹੈ ਅਤੇ ਕਿਸਾਨਾਂ ਫਸਲ ਦੀ ਵਿਕਰੀ ਦੇ ਸਾਰੇ ਪੈਸੇ ਕਿਸਾਨ ਦੇ ਬੈਂਕ ਖਾਤੇ ਵਿੱਚ ਪਾਏ ਜਾ ਰਹੇ ਹਨ।