ਬ੍ਰਹਮਪੁਰਾ ਵੱਲੋਂ ਖਡੂਰ ਸਾਹਿਬ ਹਲਕੇ ਵਿੱਚ ‘ਦਾਗ਼ੀ’ ਅਨਸਰਾਂ ਬਾਰੇ ਚਿੰਤਾ ਜ਼ਾਹਿਰ; ਸਹਿਯੋਗ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ
ਸ਼੍ਰੋਮਣੀ ਅਕਾਲੀ ਦਲ ਵਿੱਚ ਖਡੂਰ ਸਾਹਿਬ ਹਲਕੇ ਦੀ ਸਿਆਸਤ ਬਾਰੇ ਅੰਦਰੂਨੀ ਕਲੇਸ਼ ਸਾਹਮਣੇ ਆ ਗਿਆ ਹੈ। ਪਾਰਟੀ ਵੱਲੋਂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਦੀ ਪਤਨੀ ਰਮਨਦੀਪ ਕੌਰ ਨੂੰ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ...
ਸ਼੍ਰੋਮਣੀ ਅਕਾਲੀ ਦਲ ਵਿੱਚ ਖਡੂਰ ਸਾਹਿਬ ਹਲਕੇ ਦੀ ਸਿਆਸਤ ਬਾਰੇ ਅੰਦਰੂਨੀ ਕਲੇਸ਼ ਸਾਹਮਣੇ ਆ ਗਿਆ ਹੈ। ਪਾਰਟੀ ਵੱਲੋਂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਦੀ ਪਤਨੀ ਰਮਨਦੀਪ ਕੌਰ ਨੂੰ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਬਗ਼ਾਵਤੀ ਤੇਵਰ ਦਿਖਾਏ ਹਨ। ਟਕਸਾਲੀ ਆਗੂ ਮਰਹੂਮ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਰਵਿੰਦਰ ਸਿੰਘ, ਜੋ ਇਸ ਸੀਟ ਤੋਂ ਤਿੰਨ ਵਾਰ ਚੋਣ ਲੜ ਚੁੱਕੇ ਹਨ, ਨੇ ਕਿਸੇ ਦਾ ਨਾਂ ਲਏ ਬਿਨਾਂ ਪਾਰਟੀ ਦੇ ਫੈਸਲੇ ਅਤੇ ਸਥਾਨਕ ਲੀਡਰਸ਼ਿਪ ’ਤੇ ਗੰਭੀਰ ਸਵਾਲ ਚੁੱਕੇ ਹਨ।
ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖ ਕੇ ਇਲਾਕੇ ਵਿੱਚ ਵਧ ਰਹੇ ‘ਦਾਗ਼ੀ’ ਅਨਸਰਾਂ ਅਤੇ ਸ਼ੱਕੀ ਪਿਛੋਕੜ ਵਾਲੇ ਲੋਕਾਂ ਬਾਰੇ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਅਜਿਹੇ ਵਿਅਕਤੀਆਂ ਨੂੰ ਸਿਆਸੀ ਅਤੇ ਸਮਾਜਿਕ ਸਰਪ੍ਰਸਤੀ ਦਿੱਤੀ ਜਾ ਰਹੀ ਹੈ ਜੋ ਨਸ਼ਾ ਤਸਕਰੀ ਵਰਗੇ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਗੁਰੂਆਂ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਖਡੂਰ ਸਾਹਿਬ ਦੀ ਧਰਤੀ ਨੂੰ ਅਜਿਹੇ ਗੈਰ-ਸਮਾਜਿਕ ਅਨਸਰਾਂ ਤੋਂ ਬਚਾਇਆ ਜਾਵੇ।
ਬ੍ਰਹਮਪੁਰਾ ਨੇ ਆਪਣੇ ਪੱਤਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਮੀਨੀ ਪੱਧਰ ’ਤੇ ਸਖ਼ਤ ਕਾਨੂੰਨ ਲਾਗੂ ਕਰਨ ਦੇ ਸੁਝਾਅ ਵੀ ਦਿੱਤੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪੰਜਾਬ ਦੇ ਲੋਕ ਅਤੇ ਖਡੂਰ ਸਾਹਿਬ ਦੀ ਸੰਗਤ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰਨ ਵਾਲੇ ਸਿਆਸਤਦਾਨਾਂ ਨੂੰ ਕਦੇ ਮੁਆਫ਼ ਨਹੀਂ ਕਰੇਗੀ। ਉਨ੍ਹਾਂ ਕਿਹਾ, “ ਸਰਕਾਰ ਨੂੰ ਬਿਨਾਂ ਕਿਸੇ ਸਿਆਸੀ ਦਬਾਅ ਦੇ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਆਕਾਵਾਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।”
ਖਡੂਰ ਸਾਹਿਬ ਹਲਕਾ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਮੇਂ ਤੋਂ ਉਨ੍ਹਾਂ ਦੇ ਪਰਿਵਾਰ ਦਾ ਗੜ੍ਹ ਮੰਨਿਆ ਜਾਂਦਾ ਰਿਹਾ ਹੈ। ਹੁਣ ਪਾਰਟੀ ਵੱਲੋਂ ਨਵੀਂ ਨਿਯੁਕਤੀ ਕੀਤੇ ਜਾਣ ਨਾਲ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਸਿਆਸੀ ਭਵਿੱਖ ’ਤੇ ਸਵਾਲ ਖੜ੍ਹੇ ਹੋ ਗਏ ਹਨ, ਜਿਸ ਕਾਰਨ ਉਨ੍ਹਾਂ ਨੇ ‘ਖਡੂਰ ਸਾਹਿਬ ਦੀ ਪਵਿੱਤਰਤਾ’ ਦੀ ਰਾਖੀ ਦੇ ਨਾਂ ’ਤੇ ਮੁੱਖ ਮੰਤਰੀ ਦਾ ਸਹਿਯੋਗ ਮੰਗਿਆ ਹੈ। ਅਕਾਲੀ ਦਲ ਦੇ ਅੰਦਰ ਪੈਦਾ ਹੋਈ ਇਹ ਚੰਗਿਆੜੀ ਆਉਣ ਵਾਲੇ ਦਿਨਾਂ ਵਿੱਚ ਵੱਡਾ ਰੂਪ ਧਾਰਨ ਕਰ ਸਕਦੀ ਹੈ।

