ਮਰਿਆਦਾ ਉਲੰਘਣਾ ਮਾਮਲਾ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੰਗੀ ਮੁਆਫ਼ੀ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਕਰਵਾਏ ਗਏ ਸਮਾਗਮ ਸਮੇਂ ਹੋਈ ਮਰਿਆਦਾ ਦੀ ਉਲੰਘਣਾ ਦੇ ਮਾਮਲੇ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਅਕਾਲ ਤਖ਼ਤ ਤੋਂ ਖਿਮਾ ਯਾਚਨਾ ਕੀਤੀ ਹੈ। ਇਸ ਦਾ ਪ੍ਰਗਟਾਵਾ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਕੀਤਾ।
ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਰਜ ਕੀਤੀ ਪੋਸਟ ਵਿੱਚ ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਪ੍ਰਬੰਧਕਾਂ ਦੀ ਜਾਣੇ ਅਣਜਾਣੇ ਵਿੱਚ ਹੋਈ ਅਣਗਹਿਲੀ ਕਾਰਨ ਜੋ ਵੀ ਹੋਇਆ ਹੈ, ਉਸ ਲਈ ਉਹ ਬਤੌਰ ਸਿੱਖ ਕੈਬਨਿਟ ਮੰਤਰੀ ਹੋਣ ਦੇ ਨਾਤੇ ਖਿਮਾ ਦੇ ਜਾਚਕ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਇਸ ਸਬੰਧ ਵਿੱਚ ਉਨ੍ਹਾਂ ਨੂੰ ਤਲਬ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਉਹ ਗੁਰੂ ਸਾਹਿਬ ਦੇ ਸੱਚੇ ਤੇ ਨਿਮਾਣੇ ਸਿੱਖ ਹਨ ਅਤੇ ਗੁਰੂ ਸਾਹਿਬ ਦੇ ਤਖ਼ਤ ਵੱਲੋਂ ਕੀਤੇ ਹਰ ਹੁਕਮ ਨੂੰ ਖਿੜੇ ਮੱਥੇ ਪ੍ਰਵਾਨ ਕਰਦੇ ਹੋਏ ਨੰਗੇ ਪੈਰੀਂ ਸ੍ਰੀ ਅਕਾਲ ਤਖ਼ਤ ਵਿਖੇ ਹਾਜ਼ਰ ਹੋਣਗੇ। ਉਨ੍ਹਾਂ ਕਿਹਾ ਕਿ ਉਹ ਆਪਣੀ ਨੈਤਿਕ ਜ਼ਿੰਮੇਵਾਰੀ ਨੂੰ ਕਬੂਲ ਕਰਦੇ ਹੋਏ ਹਰ ਹੁਕਮ ਨੂੰ ਮੰਨਣ ਲਈ ਪਾਬੰਦ ਹੋਣਗੇ। ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ 1 ਅਗਸਤ ਨੂੰ ਆਪਣਾ ਪੱਖ ਰੱਖਣ ਵਾਸਤੇ ਸ੍ਰੀ ਅਕਾਲ ਤਖ਼ਤ ਵਿੱਖੇ ਤਲਬ ਕੀਤਾ ਗਿਆ ਹੈ।
ਸਬੰਧਤ ਖ਼ਬਰ: ਮਰਿਆਦਾ ਉਲੰਘਣਾ ਮਾਮਲਾ: ਅਕਾਲ ਤਖ਼ਤ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦਾ ਡਾਇਰੈਕਟਰ ਤਲਬ