ਕੈਪਟਨ ਸਮਾਰਟ ਕੁਨੈਕਟ: ਵਿਦਿਆਰਥੀਆਂ ਨੂੰ ਮੋਬਾਈਲ ਫੋਨ ਮਿਲਣੇ ਸ਼ੁਰੂ

ਕੈਪਟਨ ਸਮਾਰਟ ਕੁਨੈਕਟ: ਵਿਦਿਆਰਥੀਆਂ ਨੂੰ ਮੋਬਾਈਲ ਫੋਨ ਮਿਲਣੇ ਸ਼ੁਰੂ

ਮੋਬਾਈਲ ਫੋਨ ਵੰਡਣ ਮੌਕੇ ਕੈਬਨਿਟ ਮੰਤਰੀ ਓ ਪੀ ਸੋਨੀ, ਮੇਅਰ ਕਰਮਜੀਤ ਸਿੰਘ ਰਿੰਟੂ ਤੇ ਵਿਧਾਇਕ ਅਤੇ ਜ਼ਿਲ੍ਹਾ ਅਧਿਕਾਰੀ।

ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 12 ਅਗਸਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਚੋਣ ਵਾਅਦੇ ਮੁਤਾਬਿਕ ਵਿਦਿਆਰਥੀਆਂ ਨੂੰ ਸਮਾਰਟ ਫੋਨਾਂ ਦੀ ਪਹਿਲੀ ਖੇਪ ਅੱਜ ਅੰਮ੍ਰਿਤਸਰ ਵਿਚ ਵੰਡਣੀ ਸ਼ੁਰੂ ਕੀਤੀ ਗਈ। ਮਾਲ ਰੋਡ ਸਕੂਲ ਵਿਚ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਮੋਬਾਈਲ ਫੋਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੋਵਿਡ-19 ਸੰਕਟ ਦੇ ਬਾਵਜੂਦ ਉਨ੍ਹਾਂ ਦੀ ਅਗਵਾਈ ਹੇਠ ਸਰਕਾਰ ਬੱਚਿਆਂ ਨੂੰ ਆਨ-ਲਾਈਨ ਪੜ੍ਹਾਈ ਲਈ ਮੋਬਾਈਲ ਫੋਨ ਵੰਡ ਰਹੀ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿਚ 12ਵੀਂ ਜਮਾਤ ਵਿਚ ਪੜ੍ਹਦੇ ਸਾਰੇ ਬੱਚੇ, ਜਿਨ੍ਹਾਂ ਦੀ ਗਿਣਤੀ 13741 ਹੈ, ਨੂੰ ਮੋਬਾਈਲ ਫੋਨ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਵਿਚ 7096 ਲੜਕੇ ਅਤੇ 6645 ਲੜਕੀਆਂ ਸ਼ਾਮਿਲ ਹਨ।ਜ਼ਿਲਾ ਸਿੱਖਿਆ ਅਧਿਕਾਰੀ ਸ੍ਰੀ ਸਤਿੰਦਰਬੀਰ ਸਿੰਘ ਨੇ ਬੱਚਿਆਂ ਦੀ ਸਹੂਲਤ ਲਈ ਕੀਤੀ ਇਸ ਪਹਿਲ ਉਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਅੱਜ ਰਸਮੀ ਤੌਰ ਉਤੇ ਮਜੀਠਾ ਸਕੂਲ ਦੇ 15 ਬੱਚਿਆਂ, ਜਿਨ੍ਹਾਂ ਵਿਚ 9 ਲੜਕੀਆਂ ਤੇ 6 ਲੜਕੇ ਸ਼ਾਮਿਲ ਹਨ, ਨੂੰ ਮੋਬਾਈਲ ਫੋਨ ਦੀ ਵੰਡ ਕੀਤੀ ਗਈ। 

ਗੁਰਦਾਸਪੁਰ(ਜਤਿੰਦਰ ਬੈਂਸ): ਗੁਰਦਾਸਪੁਰ ‘ਚ ਅੱਜ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ 12 ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਮਾਰਟਫੋਨ ਵੰਡਣ ਦੀ ਸ਼ੁਰੂਆਤ ਕੀਤੀ।

ਸ੍ਰੀ ਰੰਧਾਵਾ ਨੇ ਜਨਮ ਅਸ਼ਟਮੀ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਅੱਜ ਇਤਫ਼ਾਕਵੱਸ ਕੋਮਾਂਤਰੀ ਯੁਵਾ ਦਿਵਸ ਵੀ ਹੈ ਅਤੇ ਇਸ ਸ਼ੁੱਭ ਦਿਹਾੜੇ ਉਪਰ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨਾਲ ਕੀਤੇ ਵਾਅਦੇ ਨੂੰ ਵਫਾ ਕੀਤਾ ਗਿਆ ਹੈ ਹੁਸ਼ਿਆਰਪੁਰ(ਹਰਪ੍ਰੀਤ ਕੌਰ): ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 15 ਵਿਦਿਆਰਥੀਆਂ ਨੂੰ ਸਮਾਰਟ ਫੋਨ ਸੌਂਪੇ। ਉਨ੍ਹਾਂ ਕਿਹਾ ਕਿ ਇਹ ਫੋਨ ਵਿਦਿਆਰਥੀਆਂ ਦੇ ਜੀਵਨ ਵਿੱਚ ਵੱਡੀ ਤਬਦੀਲੀ ਲਿਆਉਂਦਿਆਂ ਉਨ੍ਹਾਂ ਨੂੰ ਆਨਲਾਈਨ ਸਿੱਖਿਆ ਹਾਸਲ ਕਰਨ ਵਿੱਚ ਵਰਦਾਨ ਸਾਬਤ ਹੋਣਗੇ। ਸਥਾਨਕ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਰੱਖੇ ਸਮਾਗਮ ਵਿੱਚ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਉੜਮੁੜ ਤੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ, ਸ਼ਾਮਚੁਰਾਸੀ ਤੋਂ ਵਿਧਾਇਕ ਪਵਨ ਕੁਮਾਰ ਆਦੀਆ, ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ, ਵਿਧਾਇਕ ਮੁਕੇਰੀਆਂ ਇੰਦੂ ਬਾਲਾ ਹਾਜ਼ਰ ਸਨ।  

ਬਟਾਲਾ (ਪੱਤਰ ਪ੍ਰੇਰਕ): ਸਕੂਲੀ ਵਿਦਿਆਰਥਣਾਂ ਨੂੰ ਪੰਜਾਬ ਸਰਕਾਰ ਵੱਲੋਂ ਸਮਾਰਟ ਫ਼ੋਨ ਵੰਡਣ ਸਬੰਧੀ ਕੀਤੀ ਗਈ ਪਹਿਲਕਦਮੀ ਦੇ ਚਲਦਿਆਂ ਅੱਜ ਸਥਾਨਕ ਐਸ.ਐਸ.ਪੀ.ਦਫ਼ਤਰ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ 56 ਵਿਦਿਆਰਥਣਾਂ ਨੂੰ ਸਮਾਰਟ ਫ਼ੋਨ ਪ੍ਰਦਾਨ ਕੀਤੇ। ਵਿਧਾਇਕ ਬਲਵਿੰਦਰ ਸਿੰਘ ਲਾਡੀ ਵੀ ਹਾਜ਼ਰ ਸਨ।

ਚੰਨੀ ਨੇ ਬਿਨਾਂ ਮਾਸਕ ਬੰਨ੍ਹੇ  ਵੰਡੇ ਫੋਨ

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਵਿਧਾਇਕਾਂ ਨਾਲ ਫੋਨ ਵੰਡਦੇ ਹੋਏ। -ਫੋਟੋ: ਮਲਕੀਅਤ ਸਿੰਘ

ਜਲੰਧਰ, (ਪਾਲ ਸਿੰਘ ਨੌਲੀ):ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਦੀ ਚਿਰੋਕਣੀ ਮੰਗ ਪੂਰੀ ਕਰਨ ਦੀ ਸ਼ੁਰੂਆਤ ਸਾਢੇ ਤਿੰਨ ਸਾਲਾਂ ਦੇ ਲੰਮੇ ਵਕਫ਼ੇ ਬਾਅਦ ਕੀਤੀ ਗਈ। ਜ਼ਿਲ੍ਹੇ ਵਿੱਚ 15 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਲਈ ਕਾਂਗਰਸ ਦੇ 10 ਆਗੂ ਪਹੁੰਚੇ ਹੋਏ ਸਨ। ਤਕਨੀਕੀ ਸਿੱਖਿਆ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ, ਐੱਮਪੀ ਚੌਧਰੀ ਸੰਤੋਖ ਸਿੰਘ, ਵਿਧਾਇਕ ਰਾਜਿੰਦਰ ਬੇਰੀ, ਵਿਧਾਇਕ ਸੁਸ਼ੀਲ ਰਿੰਕੂ, ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ, ਸ਼ਹਿਰੀ ਦੇ ਸਾਬਕਾ ਪ੍ਰਧਾਨ ਬਲਦੇਵ ਸਿੰਘ ਦੇਵ, ਯੂਥ ਕਾਂਗਰਸ ਦੇ ਪ੍ਰਧਾਨ ਅੰਗਦ ਦੱਤਾ ਸਮੇਤ ਹੋਰ ਕਾਂਗਰਸੀ ਆਗੂ ਵੀ ਹਾਜ਼ਰ ਸਨ, ਜਿਹੜੇ ਫੋਟੋਆਂ ਵਿੱਚ ਨਹੀਂ ਆ ਸਕੇ।ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 12ਵੀਂ ਜਮਾਤ ਦੇ ਜਿਹੜੇ 15 ਵਿਦਿਆਰਥੀਆਂ ਨੂੰ ਫੋਨ ਵੰਡੇ ਗਏ ਉਨ੍ਹਾਂ ਵਿੱਚ  11 ਲੜਕੀਆਂ ਅਤੇ ਚਾਰ ਲੜਕੇ  ਸ਼ਾਮਲ ਸਨ। ਫੋਨ ਲੈਣ ਵਾਲੇ ਬੱਚਿਆਂ ਨੇ ਤਾਂ ਮਾਸਕ ਪਾਏ ਹੋਏ ਸਨ ਪਰ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਰੀ ਗੱਲਬਾਤ ਦੌਰਾਨ ਤੇ ਫੋਨ ਵੰਡਣ ਸਮੇਂ ਵੀ ਮਾਸਕ ਨਹੀਂ ਵੀ ਬੰਨ੍ਹਿਆ ਹੋਇਆ ਸੀ।ਮੰਤਰੀ ਦੇ ਇਸ ਤਰ੍ਹਾਂ ਦੇ ਵਤੀਰੇ ਦੀ ਚਰਚਾ ਹੁੰਦੀ ਰਹੀ।   

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All