ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 23 ਨਵੰਬਰ
ਲੰਮੇ ਅਰਸੇ ਤੋਂ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਚਲੇ ਆ ਰਹੇ ਭਾਈ ਦਇਆ ਸਿੰਘ ਲਾਹੌਰੀਆ ਪੈਰੋਲ ਮਿਲਣ ’ਤੇ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਸਿੱਖ ਸੰਘਰਸ਼ ਨਾਲ ਸਬੰਧਤ ਭਾਈ ਲਾਹੌਰੀਆ ਨੂੰ ਹਾਈ ਕੋਰਟ ਨੇ ਦੂਜੀ ਵਾਰ ਇੱਕ ਮਹੀਨੇ ਦੀ ਪੈਰੋਲ ਦਿੱਤੀ ਹੈ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਕੀਤੀ, ਜਿੱਥੇ ਉਨ੍ਹਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਲੌਂਗੋਵਾਲ ਨੇ ਦਇਆ ਸਿੰਘ ਲਾਹੌਰੀਆ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ ਦਾ ਚੈੱਕ ਦਿੱਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਲੰਮੇ ਅਰਸੇ ਤੋਂ ਕਈ ਸਿੱਖ ਨਜ਼ਰਬੰਦ ਹਨ, ਜਿਨ੍ਹਾਂ ਦੀ ਰਿਹਾਈ ਲਈ ਭਾਰਤ ਸਰਕਾਰ ਵੱਲੋਂ ਐਲਾਨ ਕਰਨ ਮਗਰੋਂ ਵੀ ਰਿਹਾਈ ਨਹੀਂ ਕੀਤੀ ਗਈ। ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕੀਤਾ ਸੀ, ਜਿਸ ਨੂੰ ਪੂਰਨ ਰੂਪ ਵਿੱਚ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਦੇਸ਼ ਦੀਆਂ ਜੇਲ੍ਹਾਂ ਵਿੱਚ ਸਿੱਖ ਸੰਘਰਸ਼ ਨਾਲ ਸਬੰਧਤ ਨਜ਼ਰਬੰਦ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਅਮਰਜੀਤ ਸਿੰਘ, ਮੈਂਬਰ ਲਖਮੀਰ ਸਿੰਘ, ਬਾਬਾ ਚਰਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਹਾਜ਼ਰ ਸਨ।