ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 14 ਜੁਲਾਈ
ਪਬਲੀਕੇਸ਼ਨ ਵਿਭਾਗ ਵਿਚੋਂ ਲਾਪਤਾ ਹੋਏ 267 ਸਰੂਪਾਂ ਦੇ ਮਾਮਲੇ ਵਿਚ ਅੱਜ ਕਾਰਵਾਈ ਕਰਦਿਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ’ਤੇ ਪਬਲੀਕੇਸ਼ਨ ਵਿਭਾਗ ਦਾ ਰਿਕਾਰਡ ਸੀਲ ਕਰ ਦਿੱਤਾ ਗਿਆ ਹੈ। ਫਿਲਹਾਲ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵਲੋਂ ਇਹ ਜਾਂਚ ਕਿਸ ਕੋਲੋਂ ਕਰਾਈ ਜਾਣੀ ਹੈ, ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ। ਸ਼੍ਰੋਮਣੀ ਕਮੇਟੀ ਨੇ ਐਤਵਾਰ ਨੂੰ ਇਸ ਮਾਮਲੇ ਵਿਚ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਸੀ, ਜਿਸ ਵਿਚ ਇਸ ਮਾਮਲੇ ਦੀ ਜਾਂਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਖੁਦ ਕਰਾਉਣ ਲਈ ਅਪੀਲ ਕੀਤੀ ਗਈ ਸੀ। ਅੰਤ੍ਰਿੰਗ ਕਮੇਟੀ ਨੇ ਆਖਿਆ ਸੀ ਕਿ ਇਸ ਮਾਮਲੇ ਦੀ ਜਾਂਚ ਕਿਸੇ ਸਾਬਕਾ ਸਿੱਖ ਸੀਨੀਅਰ ਜੱਜ ਜਾਂ ਹੋਰ ਪ੍ਰਮੁਖ ਸ਼ਖਸੀਅਤ ਕੋਲੋਂ ਕਰਾਈ ਜਾਵੇ। ਸ਼੍ਰੋਮਣੀ ਕਮੇਟੀ ਵਲੋਂ ਕੀਤੇ ਗਏ ਫੈਸਲੇ ਦੇ ਆਧਾਰ ’ਤੇ ਅੱਜ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ’ਤੇ ਇਕ ਟੀਮ ਨੇ ਪਬਲੀਕੇਸ਼ਨ ਵਿਭਾਗ ਵਿਚ ਜਾ ਕੇ ਸਮੁੱਚਾ ਰਿਕਾਰਡ ਸੀਲ ਕਰ ਦਿੱਤਾ ਹੈ।