ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 17 ਅਗਸਤ
ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਵਸ ਮੌਕੇ ਦੋ ਵੱਖ ਵੱਖ ਸਮਾਗਮ ਕਰਵਾਏ ਗਏ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਭਾਜਪਾ ਆਗੂ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਦੀ ਸਰਪ੍ਰਸਤੀ ਵਾਲੀ ਸ਼ਹੀਦ ਮਦਨ ਲਾਲ ਢੀਂਗਰਾ ਸੰਮਤੀ ਵਲੋਂ ਟਾਊਨ ਹਾਲ ਨੇੜੇ ਸ਼ਹੀਦ ਦੇ ਬੁੱਤ ਕੋਲ ਸਮਾਗਮ ਕਰਵਾਏ ਗਏ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਏ ਸਮਾਗਮ ਵਿਚ ਕੇਂਦਰੀ ਯੂਨੀਵਰਸਿਟੀ ਹਿਮਾਚਲ ਪ੍ਰਦੇਸ਼ ਦੇ ਕੁਲਪਤੀ ਪਦਮਸ਼੍ਰੀ ਹਰਮੋਹਿੰਦਰ ਸਿੰਘ ਬੇਦੀ ਨੇ ਸ਼ਿਰਕਤ ਕੀਤੀ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਤਸਵੀਰ ਉਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਾਰੇ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਤੋਂ ਇਲਾਵਾ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ, ਐਸ:ਡੀ:ਐਮ ਮਨਕੰਵਲ ਸਿੰਘ ਚਾਹਲ, ਸਹਾਇਕ ਕਮਿਸ਼ਨਰ ਸਚਿਨ ਪਾਠਕ, ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ ਵੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਦੂਜੇ ਪਾਸੇ ਭਾਜਪਾ ਆਗੂ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਦੀ ਅਗਵਾਈ ਹੇਠ ਟਾਉਨ ਹਾਲ ਵਿਖੇ ਸ਼ਹੀਦ ਦੇ ਬੁੱਤ ਤੇ ਫੁਲ ਮਾਲਾ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਕਈ ਹੋਰ ਆਗੂ ਹਾਜ਼ਰ ਸਨ।