ਪੱਤਰ ਪ੍ਰੇਰਕ
ਅੰਮ੍ਰਿਤਸਰ, 19 ਅਕਤੂਬਰ
ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰ ਅਤੇ ਮੈਂਬਰਾਂ ਨੇ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਰਾਇ ਸਾਹਿਬ ਦੇ ਜੋਤੀ ਜੋਤਿ ਦਿਵਸ ਅਤੇ ਅੱਠਵੀਂ ਪਾਤਸ਼ਾਹੀ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਗੁਰੂ ਗ੍ਰੰਥ ਸਾਹਿਬ ਦੇ ਸਨਮੁੱਖ ਨਤਮਸਤਕ ਹੁੰਦਿਆਂ ਅਰਦਾਸ ਕੀਤੀ। ਇਸ ਮੌਕੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ ਨੇ ਕਿਹਾ ਕਿ ਸੇਵਾ ਅਤੇ ਨਿਮਰਤਾ ਦੇ ਪੁੰਜ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਨੇ ਜੋਤੀ ਜੋਤਿ ਸਮਾਉਣ ਤੋਂ ਪਹਿਲਾਂ ਆਪਣੇ ਛੋਟੇ ਪੁੱਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਨੂੰ ਉਨ੍ਹਾਂ ਦੀ ਵਿਲੱਖਣ ਬੁੱਧੀ, ਲਗਨ ਅਤੇ ਸੇਵਾ ਭਾਵ ਕਰਕੇ ਸਭ ਤੋਂ ਛੋਟੀ ਮਹਿਜ 5 ਸਾਲ ਦੀ ਉਮਰ ਵਿੱਚ ਗੁਰਿਆਈ ਦੀ ਦਾਤ ਬਖ਼ਸ਼ੀ ਸੀ। ਉਨ੍ਹਾਂ ਨੇ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਵੱਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਵਿੱਤਰ ਨਾਮ ’ਤੇ 50 ਸਕੂਲ ਚਲਾਏ ਜਾ ਰਹੇ ਹਨ, ਜਿਥੇ ਸਿੱਖੀ ਅਤੇ ਗੁਰਮਤਿ ਵਿਦਿਆ ਦੇ ਪ੍ਰਚਾਰ-ਪ੍ਰਸਾਰ ਨੂੰ ਪ੍ਰਚੰਡ ਕਰਨ ਦੇ ਨਾਲ-ਨਾਲ ਬੱਚਿਆਂ ਨੂੰ ਨਾਮ ਬਾਣੀ ਅਤੇ ਗੁਰੂ ਸਿੱਖਿਆਵਾਂ ਨਾਲ ਜੋੜਨ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ।