ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 15 ਦਸੰਬਰ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਈਸਾਈ ਭਾਈਚਾਰੇ ਦੇ ਹਿੱਤ ਵਿੱਚ ਕਈ ਵੱਡੇ ਅਤੇ ਇਤਿਹਾਸਕ ਫ਼ੈਸਲੇ ਲਏ ਹਨ। ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਪ੍ਰੋ. ਇਮੈਨੁਅਲ ਨਾਹਰ ਅਤੇ ਕਮਿਸ਼ਨ ਦੇ ਮੈਂਬਰ ਡਾ. ਸੁਭਾਸ਼ ਥੋਬਾ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਯੂਨੀਵਰਸਿਟੀ ਵਿੱਚ ਪ੍ਰਭੂ ਯਿਸ਼ੂ ਮਸੀਹ ਦੀ ਚੇਅਰ ਤੋਂ ਇਲਾਵਾ ਇੱਕ ਅਧਿਐਨ ਕੇਂਦਰ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਕਬਰਿਸਤਾਨਾਂ ਲਈ ਜਗ੍ਹਾ ਨਹੀਂ ਹੈ, ਉੱਥੇ ਇਹ ਉਪਲੱਬਧ ਕਰਵਾਈ ਜਾਵੇਗੀ। ਮੁੱਖ ਮੰਤਰੀ ਚੰਨੀ ਨੇ ਭਲਾਈ ਬੋਰਡ ਨੂੰ ਇੱਕ ਕਰੋੜ ਦੀ ਰਾਸ਼ੀ ਵੀ ਜਾਰੀ ਕੀਤੀ ਅਤੇ ਐਲਾਨ ਕੀਤਾ ਕਿ ਪੰਜ ਪੰਜ ਮਰਲੇ ਦੇ ਪਲਾਟ ਭਾਈਚਾਰੇ ਨੂੰ ਦਿੱਤੇ ਜਾਣਗੇ। ਬਿਜਲੀ ਯੂਨਿਟਾਂ ਵਿੱਚ ਵੀ ਰਿਆਇਤ ਮਿਲੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਅਹਿਮ ਫ਼ੈਸਲਿਆਂ ਦਾ ਸਿਹਰਾ ਮੁੱਖ ਮੰਤਰੀ ਦੇ ਨਾਲ-ਨਾਲ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੂੰ ਵੀ ਜਾਂਦਾ ਹੈ।