DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

AAP MLA ਮਨਵਿੰਦਰ ਸਿੰਘ ਗਿਆਸਪੁਰਾ ਵਿਰੁੱਧ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੁਲੀਸ ਕਮਿਸ਼ਨਰ ਨੂੰ ਸ਼ਿਕਾਇਤ

ਸਿੱਖ ਸੰਸਥਾ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਦਾ ਦੋਸ਼ 

  • fb
  • twitter
  • whatsapp
  • whatsapp
featured-img featured-img
ਸ਼ਿਕਾਇਤ ਦਰਜ਼ ਕਰਵਾਉਣ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ, ਮੈਨੇਜਰ ਨਰਿੰਦਰ ਸਿੰਘ ਅਤੇ ਵਧੀਕ ਮੈਨੇਜਰ ਗੁਰਵਿੰਦਰ ਸਿੰਘ ਭੋਮਾਂ, ਇੰਚਾਰਜ ਆਈਟੀ ਉਂਕਾਰ ਸਿੰਘ।
Advertisement
ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਾਤੀ ਆਧਾਰਿਤ ਵਿਤਕਰੇ ਦੇ ਦੋਸ਼ ਲਗਾਉਣ ਅਤੇ ਸਿੱਖ ਸੰਸਥਾ ਖ਼ਿਲਾਫ਼ ਵਰਤੀ ਗਈ ਇਤਰਾਜ਼ਯੋਗ ਸ਼ਬਦਾਵਲੀ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵੱਲੋਂ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਇਹ ਸ਼ਿਕਾਇਤ ਅੱਜ ਸ੍ਰੀ ਦਰਬਾਰ ਸਾਹਿਬ ਦੇ ਜਰਨਲ ਮੈਨੇਜਰ ਮੇਜਰ ਸਿੰਘ ਦੀ ਅਗਵਾਈ ਹੇਠ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀਆਂ ਵੱਲੋਂ ਦਰਜ ਕਰਵਾਈ ਗਈ। ਇਸ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਵਿਧਾਇਕ ਵੱਲੋਂ ਲਗਾਏ ਗਏ ਦੋਸ਼ ਤੱਥਾਂ ਦੇ ਉਲਟ ਹਨ ਅਤੇ ਇਨ੍ਹਾਂ ਰਾਹੀਂ ਸਿੱਖ ਸੰਸਥਾਵਾਂ ਦੇ ਅਕਸ ਨੂੰ ਢਾਹ ਲਾਉਣ ਦੇ ਨਾਲ-ਨਾਲ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ।
ਸ਼ਿਕਾਇਤ ਅਨੁਸਾਰ ਵਿਧਾਇਕ ਨੂੰ ਸਕੱਤਰੇਤ ਵਿਖੇ ਦਾਖ਼ਲ ਹੋਣ ਤੋਂ ਰੋਕਣ ਦਾ ਕਾਰਨ ਜਾਤੀ ਨਹੀਂ, ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸਿੱਖ ਸੰਸਥਾ ਪ੍ਰਤੀ ਉਨ੍ਹਾਂ ਵੱਲੋਂ ਪਹਿਲਾਂ ਕੀਤੀਆਂ ਗਈਆਂ ਕਥਿਤ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਸਨ। ਪ੍ਰਬੰਧਕਾਂ ਨੇ ਸਪੱਸ਼ਟ ਕੀਤਾ ਹੈ ਕਿ ਸਿੱਖ ਧਰਮ ਜਾਤ-ਪਾਤ, ਊਚ-ਨੀਚ ਅਤੇ ਵਿਤਕਰੇ ਨੂੰ ਰੱਦ ਕਰਦਾ ਹੈ। ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤ ਸਰਬਸਾਂਝੀਵਾਲਤਾ, ਬਰਾਬਰਤਾ ਅਤੇ ਮਨੁੱਖੀ ਸਤਿਕਾਰ ’ਤੇ ਆਧਾਰਿਤ ਹਨ। ਅਜਿਹੇ ਪਵਿੱਤਰ ਅਸਥਾਨਾਂ ’ਤੇ ਜਾਤੀ ਵਿਤਕਰੇ ਦੇ ਦੋਸ਼ ਲਗਾਉਣਾ ਸਿੱਖ ਸਿਧਾਂਤਾਂ ਦੀ ਅਸਲ ਭਾਵਨਾ ਨੂੰ ਗ਼ਲਤ ਰੂਪ ਵਿੱਚ ਪੇਸ਼ ਕਰਨ ਦੇ ਬਰਾਬਰ ਹੈ।
ਸ਼ਿਕਾਇਤ ਵਿੱਚ ਇਹ ਵੀ ਕਿਹਾ ਗਿਆ ਕਿ ਵਿਧਾਇਕ ਮਨਵਿੰਦਰ ਸਿੰਘ ਵੱਲੋਂ ਮੀਡੀਆ ਅਤੇ ਸੋਸ਼ਲ ਮੀਡੀਆ ’ਤੇ ਦਿੱਤੇ ਬਿਆਨਾਂ ਅਤੇ ਪ੍ਰਸਾਰਿਤ ਵੀਡੀਓਜ਼ ਨਾਲ ਸਿੱਖ ਸੰਸਥਾਵਾਂ, ਉਨ੍ਹਾਂ ਦੇ ਪ੍ਰਬੰਧਕਾਂ ਅਤੇ ਅਹੁਦੇਦਾਰਾਂ ਦੀ ਸਾਖ ਨੂੰ ਨੁਕਸਾਨ ਪਹੁੰਚਣ ਦੇ ਨਾਲ ਸਮਾਜ ਵਿੱਚ ਬੇਲੋੜਾ ਤਣਾਅ ਪੈਦਾ ਹੋਣ ਦਾ ਖ਼ਦਸ਼ਾ ਹੈ। ਸ਼ਿਕਾਇਤ ਵਿਚ ਇਸ ਤੋਂ ਪਹਿਲਾਂ ਜਾਰੀ ਕੀਤੀਆਂ ਗਈਆਂ ਹੋਰ ਵੀਡੀਓਜ਼ ਦਾ ਹਵਾਲਾ ਦਿੰਦਿਆਂ ਉਨ੍ਹਾਂ ਦੀ ਵੀ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ।
ਪ੍ਰਬੰਧਕਾਂ ਨੇ ਪੁਲੀਸ  ਨੂੰ ਅਪੀਲ ਕੀਤੀ ਕਿ ਸ਼ਿਕਾਇਤ ਵਿੱਚ ਦਰਜ ਤੱਥਾਂ ਤੇ ਸੰਬੰਧਿਤ ਵੀਡੀਓਜ਼ ਦੀ ਨਿਰਪੱਖ ਜਾਂਚ ਕਰਕੇ ਕਾਨੂੰਨ ਤਹਿਤ ਬਣਦੀ ਕਾਰਵਾਈ ਕੀਤੀ ਜਾਵੇ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨੇ ਕਿਹਾ ਕਿ ਸਿੱਖ ਸੰਸਥਾਵਾਂ ਬਾਰੇ ਬਿਆਨ ਦੇਣ ਸਮੇਂ ਤੱਥਾਂ ਅਤੇ ਧਾਰਮਿਕ ਭਾਵਨਾਵਾਂ ਦੀ ਸੰਵੇਦਨਸ਼ੀਲਤਾ ਦਾ ਧਿਆਨ ਰੱਖਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬੇਬੁਨਿਆਦ ਦੋਸ਼ਾਂ ਜਾਂ ਸਮਾਜਿਕ ਵੰਡ ਪਾਉਣ ਵਾਲੀ ਬਿਆਨਬਾਜ਼ੀ ਤੋਂ ਹਰ ਆਗੂ ਨੂੰ ਸੁਚੇਤ ਰਹਿਣਾ ਚਾਹੀਦਾ ਹੈ।
ਸ਼ਿਕਾਇਤ ਦਰਜ਼ ਕਰਵਾਉਣ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ  ਅਮਨਬੀਰ ਸਿੰਘ ਸਿਆਲੀ, ਮੈਨੇਜਰ ਨਰਿੰਦਰ ਸਿੰਘ ਅਤੇ ਵਧੀਕ ਮੈਨੇਜਰ ਗੁਰਵਿੰਦਰ ਸਿੰਘ ਭੋਮਾਂ, ਇੰਚਾਰਜ ਆਈਟੀ ਉਂਕਾਰ ਸਿੰਘ ਵੀ ਮੌਜੂਦ ਸਨ।
Advertisement
×