ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 17 ਜੁਲਾਈ
ਭਾਜਪਾ ਦੇ ਸਾਬਕਾ ਪੰਜਾਬ ਪ੍ਰਦੇਸ਼ ਪ੍ਰਧਾਨ ਮਨੋਰੰਜਨ ਕਾਲੀਆ ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਭਾਜਪਾ ਆਗੂਆਂ ਦਾ ਸੁਫ਼ਨਾ ਹੈ ਕਿ ਹਰਿਆਣਾ ਵਾਂਗ ਪੰਜਾਬ ਵਿੱਚ ਵੀ ਭਾਜਪਾ ਦੀ ਸਰਕਾਰ ਬਣੇ। ਭਾਜਪਾ ਤੇ ਅਕਾਲੀ ਦਲ ਦੇ ਮਿਲ ਕੇ ਚੋਣ ਲੜਨ ਬਾਰੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਭਾਜਪਾ ਹਾਈਕਮਾਨ ਨੇ ਕਰਨਾ ਹੈ।
‘ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ’ ਤਹਿਤ ਭੇਜੇ ਰਾਸ਼ਨ ਬਾਰੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੀ ਪਾਰਟੀ ਦੇ ਆਗੂ ਗ਼ਰੀਬਾਂ ਦੇ ਮੂੰਹ ’ਚ ਜਾਣ ਵਾਲੀ ਰੋਟੀ ਖੋਹ ਕੇ ਆਪਣਾ ਢਿੱਡ ਭਰਨ ਵਿਚ ਰੁੱਝੇ ਹੋਏ ਹਨ। ਸ੍ਰੀ ਕਾਲੀਆ ਨੇ ਕਿਹਾ ਕਿ ਰਾਸ਼ਨ ਨਾ ਮਿਲਣ ਸਬੰਧੀ ਪੰਜਾਬ ਦੇ ਕਈ ਜ਼ਿਲ੍ਹਿਆਂ ਤੋਂ ਸ਼ਿਕਾਇਤਾਂ ਆਈਆਂ ਹਨ।
ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਰਾਸ਼ਨ ਘੋਟਾਲੇ ਦੇ ਕਥਿਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਰੋਨਾ ਦੌਰਾਨ ਪੰਜਾਬ ਕਾਂਗਰਸ ਦੇ ਕਈ ਘੁਟਾਲਿਆਂ ਦਾ ਪਰਦਾਫਾਸ਼ ਹੋਇਆ ਹੈ। ਇਸ ਦਾ ਜਵਾਬ ਲੋਕ ਚੋਣਾਂ ਮੌਕੇ ਦੇਣਗੇ।