ਪੱਤਰ ਪ੍ਰੇਰਕ
ਅੰਮ੍ਰਿਤਸਰ, 22 ਅਕਤੂਬਰ
ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ 159.61 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਸਟੇਟ ਕੈਂਸਰ ਇੰਸਟੀਚਿਊਟ ਅੰਮ੍ਰਿਤਸਰ ਅਤੇ ਟੇਰਸ਼ਰੀ ਕੈਂਸਰ ਕੇਅਰ ਸੈਂਟਰ ਫਾਜ਼ਿਲਕਾ ਦੇ ਨਿਰਮਾਣ ਦਾ ਕੰਮ ਛੇਤੀ ਮੁਕੰਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਇਨ੍ਹਾਂ ਇਲਾਕਿਆਂ ਦੇ ਕੈਂਸਰ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਪ੍ਰਾਪਤ ਕਰਨ ’ਚ ਆਸਾਨੀ ਹੋਵੇਗੀ। ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਡਾ. ਵੇਰਕਾ ਨੇ ਦੱਸਿਆ ਕਿ ਸਟੇਟ ਕੈਂਸਰ ਇੰਸਟੀਚਿਊਟ ਅੰਮ੍ਰਿਤਸਰ ਦਾ 114.61 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਚੱਲ ਰਿਹਾ ਹੈ ਅਤੇ ਹੁਣ ਤਕ 85 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਇਹ ਇੰਸਟੀਚਿਊਟ ਇਸੇ ਸਾਲ ਸ਼ੁਰੂ ਹੋ ਜਾਵੇਗਾ। ਡਾ. ਵੇਰਕਾ ਅਨੁਸਾਰ ਟੇਰਸ਼ਰੀ ਕੈਂਸਰ ਕੇਅਰ ਸੈਂਟਰ ਫਾਜ਼ਿਲਕਾ ਦੇ ਨਿਰਮਾਣ ਦਾ 80 ਫ਼ੀਸਦੀ ਕੰਮ ਮੁਕੰਮਲ ਹੋ ਗਿਆ ਹੈ। ਇਹ ਸੈਂਟਰ 45 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ ਅਤੇ ਇਹ ਮਾਰਚ 2022 ਵਿੱਚ ਕੰਮ ਕਰਨਾ ਆਰੰਭ ਕਰ ਦੇਵੇਗਾ। ਡਾ. ਵੇਰਕਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੈਂਸਰ ਦੇ ਮਰੀਜ਼ਾਂ ਨੂੰ ਵਧੀਆ ਇਲਾਜ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਪਹਿਲ ਹੈ।