DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' 'ਤੇ ਵਿਵਾਦ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਵਿਧਾਇਕ ਤੇ ਮੰਤਰੀ ਤਲਬ

‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਇਤਰਾਜ਼ਾਂ ਸਬੰਧੀ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਵਿਧਾਇਕਾਂ, ਕੈਬਨਿਟ ਮੰਤਰੀਆਂ ਅਤੇ ਗੈਰ ਸਿੱਖ ਵਿਧਾਇਕਾਂ ਤੇ ਮੰਤਰੀਆਂ...

  • fb
  • twitter
  • whatsapp
  • whatsapp
featured-img featured-img
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਾਈਲ ਫੋਟੋ।
Advertisement

‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਇਤਰਾਜ਼ਾਂ ਸਬੰਧੀ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਵਿਧਾਇਕਾਂ, ਕੈਬਨਿਟ ਮੰਤਰੀਆਂ ਅਤੇ ਗੈਰ ਸਿੱਖ ਵਿਧਾਇਕਾਂ ਤੇ ਮੰਤਰੀਆਂ ਨੂੰ ਪੱਤਰ ਭੇਜ ਕੇ 29 ਜੂਨ ਸ਼੍ਰੀ ਅਕਾਲ ਤਖਤ ਵਿਖੇ ਪੇਸ਼ ਹੋਣ ਅਤੇ ਅਪਣਾ ਪੱਖ ਰੱਖਣ ਲਈ ਆਦੇਸ਼ ਪੱਤਰ ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਵੱਖ ਵੱਖ ਆਦੇਸ਼ ਪੱਤਰ ਜਾਰੀ ਕੀਤੇ ਗਏ ਹਨ। ਇੱਕ ਪੱਤਰ ਗੈਰ ਸਿੱਖ ਵਿਧਾਇਕਾਂ ਦੇ ਮੰਤਰੀਆਂ ਨੂੰ ਵੀ ਜਾਰੀ ਕੀਤਾ ਗਿਆ ਹੈ। ਜਿਨਾਂ ਵਿੱਚ ਸੰਜੀਵ ਅਰੋੜਾ ਦਾ ਨਾਮ ਹੀ ਸ਼ਾਮਿਲ ਹੈ, ਜੋ ਕਿ ਇਸ ਵੇਲੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹਨ। ਇਹਨਾਂ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ 29 ਜੂਨ ਤੋਂ ਪਹਿਲਾਂ ਇਸ ਮਾਮਲੇ ਸਬੰਧੀ ਆਪਣਾ ਪੱਖ ਸ਼੍ਰੀ ਅਕਾਲ ਤਖਤ ਵਿਖੇ ਭੇਜਣ। ਜਦੋਂ ਕਿ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੂੰ 29 ਜੂਨ ਨੂੰ ਖੁਦ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਆਖਿਆ ਗਿਆ ਹੈ।

Advertisement

ਪੱਤਰ ਭੇਜਣ ਦੀ ਪ੍ਰਕਿਰਿਆ ਅਤੇ ਵੇਰਵੇ

Advertisement

ਇਹ ਪੱਤਰ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਵੱਲੋਂ ਜਾਰੀ ਕੀਤੇ ਗਏ ਹਨ। ਬਗੀਚਾ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਅਧਿਕਾਰਤ ਵੈੱਬਸਾਈਟ www.punjabassembly.gov.in ਉੱਤੇ ਦਰਜ ਉਨ੍ਹਾਂ ਦੇ ਈ-ਮੇਲ ਪਤਿਆਂ ਅਤੇ ਮੋਬਾਈਲ ਨੰਬਰਾਂ ਉੱਤੇ ਵ੍ਹਾਟਸਐਪ ਰਾਹੀਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰਤ ਪੱਤਰ ਮਿਤੀ 17 ਜੂਨ ਅਤੇ 18 ਜੂਨ 2026 ਨੂੰ ਭੇਜੇ ਜਾ ਚੁੱਕੇ ਹਨ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਨੂੰ ਪੱਤਰ ਮਿਤੀ 23 ਜੂਨ ਨੂੰ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਮੂਹ ਵਿਧਾਇਕਾਂ ਅਤੇ ਮੰਤਰੀਆਂ ਨੂੰ ਉਨ੍ਹਾਂ ਦੇ ਸੰਪਰਕ ਨੰਬਰਾਂ ਉੱਤੇ ਸਕੱਤਰੇਤ ਦੇ ਅਧਿਕਾਰੀਆਂ ਵੱਲੋਂ ਫ਼ੋਨ ਕਰਕੇ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ ਅਧਿਕਾਰਤ ਪੱਤਰ ਭੇਜੇ ਗਏ ਹਨ।

ਉਨ੍ਹਾਂ ਕਿਹਾ ਕਾਨੂੰਨੀ ਸੋਧ ਨਾਲ ਸਬੰਧਤ ਮਾਮਲੇ ਉੱਤੇ ਵਿਚਾਰ ਅਤੇ ਪੱਖ ਸੁਣਨ ਲਈ ਸਮੂਹ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ 29 ਜੂਨ ਨੂੰ ਸਵੇਰੇ 11 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਕੈਬਨਿਟ ਦੇ ਗ਼ੈਰ-ਸਿੱਖ ਮੰਤਰੀਆਂ ਨੂੰ ਵੀ ਪੱਤਰ ਭੇਜੇ ਗਏ ਹਨ ਜਿਨ੍ਹਾਂ ਨੂੰ ਇਸ ਮਾਮਲੇ ’ਤੇ 29 ਜੂਨ ਤੋਂ ਪਹਿਲਾਂ-ਪਹਿਲਾਂ ਆਪਣਾ ਲਿਖਤੀ ਪੱਖ ਭੇਜਣ ਲਈ ਆਖਿਆ ਗਿਆ ਹੈ।

ਬਿਨਾਂ ਸਹਿਮਤੀ ਐਕਟ ਪਾਸ ਕਰਨ 'ਤੇ ਸੰਗਤ ਦੇ ਇਤਰਾਜ਼

ਉਨ੍ਹਾਂ ਆਖਿਆ ਕਿ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਅਪਰੈਲ 2026 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਖ਼ਾਲਸਾ ਪੰਥ ਨਾਲ ਰਾਏ ਅਤੇ ਸਹਿਮਤੀ ਤੋਂ ਬਿਨਾਂ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਸਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ’ਤੇ ਵੱਡੇ ਪੱਧਰ ’ਤੇ ਸ਼ਿਕਾਇਤਾਂ ਆਈਆਂ ਹਨ। ਸਿੱਖ ਸੰਗਤਾਂ ਵੱਲੋਂ ਇਸ ਸਬੰਧ ਵਿੱਚ ਵੱਡੇ ਪੱਧਰ ’ਤੇ ਖਦਸ਼ੇ ਪ੍ਰਗਟਾਏ ਗਏ ਹਨ ਅਤੇ ਇਤਰਾਜ ਕੀਤੇ ਗਏ ਹਨ।

ਸੰਗਤ ਦੀਆਂ ਭਾਵਨਾਵਾਂ ਦੇ ਮੱਦੇ ਨਜ਼ਰ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਮੂਹ ਸਿੱਖ ਮੈਂਬਰਾਂ ਅਤੇ ਸੂਬਾ ਸਰਕਾਰ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ 29 ਜੂਨ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣ ਲਈ ਅਧਿਕਾਰਤ ਪੱਤਰ ਜਾਰੀ ਕੀਤੇ ਹਨ।

ਮੌਜੂਦਾ ਸਿਆਸੀ ਸਥਿਤੀ:

ਇਸ ਵੇਲੇ ਇਹ ਮਾਮਲਾ ਵੱਡੀ ਚਰਚਾ ਦਾ ਵਿਸ਼ਾ ਹੈ। ਇਸ ਸਬੰਧ ਵਿੱਚ ਵੱਖ-ਵੱਖ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਹਨ। ਕੁਝ ਹਲਕਿਆਂ ਵਿੱਚ ਇਹ ਚਰਚਾ ਹੈ ਕਿ ਜਿਵੇਂ ਵਿਵਾਦਤ ਵੀਡੀਓ ਦੇ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖਤ ਅਤੇ ਮੁੱਖ ਮੰਤਰੀ ਵਿਚਾਲੇ ਟਕਰਾਅ ਵਾਲੀ ਸਥਿਤੀ ਬਣੀ ਹੈ। ਅਜਿਹੀ ਸਥਿਤੀ ਵਿੱਚ ਆਮ ਆਦਮੀ ਪਾਰਟੀ ਨਾਲ ਸਬੰਧਿਤ ਕੈਬਨਿਟ ਮੰਤਰੀ ਅਤੇ ਵਿਧਾਇਕ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਪੇਸ਼ ਹੋਣ ਤੋਂ ਗੁਰੇਜ ਵੀ ਕਰ ਸਕਦੇ ਹਨ। ਫਿਲਹਾਲ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਪੇਸ਼ ਹੋਣ ਦੇ ਮਾਮਲੇ ਨੂੰ ਲੈ ਕੇ ਸਭ ਨੇ ਚੁੱਪ ਧਾਰੀ ਹੋਈ ਹੈ।

Advertisement
×