ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 20 ਜਨਵਰੀ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਅਤੇ ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਹੇਠ ਆਗੂਆਂ ਵਲੋ ਜਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਜੋਨਾਂ ਦੇ ਸੈਂਕੜੇ ਪਿੰਡਾਂ ਵਿੱਚ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਅੱਜ ਪੰਜ ਜ਼ੋਨਾਂ ਰਾਮਤੀਰਥ, ਲੋਪੋਕੇ, ਚੋਗਾਵਾਂ, ਬਾਉਲੀ ਸਾਹਿਬ ਅਤੇ ਬਾਬਾ ਸੋਹਣ ਸਿੰਘ ਭਕਨਾ ਆਦਿ ਦੀ ਵਿਸ਼ਾਲ ਕਨਵੈਨਸ਼ਨ ਚਵਿੰਡਾ ਕਲਾਂ ਵਿੱਚ ਕੀਤੀ ਗਈ। ਜਿਸ ਵਿੱਚ ਬੀਬੀਆਂ ਨੇ ਵੱਡੀ ਪੱਧਰ ’ਤੇ ਸ਼ਮੂਲੀਅਤ ਕੀਤੀ। ਕਿਸਾਨ ਆਗੂ ਸਕੱਤਰ ਸਿੰਘ ਕੋਟਲਾ ਤੇ ਬਾਜ਼ ਸਿੰਘ ਸਾਰੰਗੜਾ ਨੇ ਜਾਰੀ ਬਿਆਨ ਵਿੱਚ ਦੱਸਿਆ ਹੈ ਕਿ ਪਿੰਡਾਂ ਦੀਆਂ ਮੀਟਿੰਗਾਂ ਵਿੱਚ ਕਿਸਾਨਾਂ, ਮਜ਼ਦੂਰਾਂ, ਬੀਬੀਆਂ ਤੇ ਨੌਜਵਾਨਾਂ ਦੇ ਵੱਡੇ ਇਕੱਠ ਕਰਕੇ ਉਨ੍ਹਾਂ ਨੂੰ 26 ਜਨਵਰੀ ਦੀ ਮਹਾਂ ਰੈਲੀ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੈਲੀ ਵਿੱਚ ਪੰਜਾਬ ਭਰ ਦੇ ਪਿੰਡਾਂ ਵਿਚੋਂ ਲੱਖਾਂ ਕਿਸਾਨ-ਮਜ਼ਦੂਰ ਆਪਣੇ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਕੇ ਕਾਰਪੋਰੇਟ ਘਰਾਣਿਆਂ ਵਿਰੁੱਧ ਅੰਦੋਲਨ ਤੇਜ਼ ਕਰਨ ਦਾ ਪ੍ਰਣ ਕਰਨਗੇ।
ਇਕੱਠ ਨੂੰ ਕੁਲਜੀਤ ਸਿੰਘ ਕਾਲੇ ਘਣੁੰਪੁਰ, ਕੁਲਬੀਰ ਸਿੰਘ ਲੋਪੋਕੇ, ਕੁਲਵੰਤ ਸਿੰਘ ਰਾਜਾਤਾਲ, ਲਖਵਿੰਦਰ ਸਿੰਘ ਡਾਲਾ ਅਤੇ ਕੁਲਵੰਤ ਸਿੰਘ ਕੱਕੜ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।